ਚੰਡੀਗੜ੍ਹ, 21 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ (Punjab Cabinet) ਨੇ ਪੰਜਾਬ ਸਟੇਟ ਵਾਟਰ ਟੂਰਿਜ਼ਮ ਪਾਲਿਸੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ | ਜਿਸ ਤਹਿਤ ਸੂਬੇ ਵਿੱਚ ਜਲਘਰਾਂ ਨੇੜੇ ਨਿੱਜੀ ਨਿਵੇਸ਼ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਇਹ ਪਾਲਿਸੀ ਵਾਟਰ ਟੂਰਿਜ਼ਮ ਪ੍ਰੋਜੈਕਟਾਂ ਦੀ ਪ੍ਰਵਾਨਗੀ ਲਈ ਇੱਕ ਪਾਰਦਰਸ਼ੀ ਵਿਧੀ ਪ੍ਰਦਾਨ ਕਰਦੀ ਹੈ।
ਜਲ ਸਰੋਤਾਂ ਦੀ ਘਾਟ ਅਤੇ ਇਸ ਪਾਲਿਸੀ ਤੋਂ ਆਰਥਿਕ ਤੌਰ ਉਤੇ ਵੱਡੀ ਸਮਰੱਥਾ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ, ਜਲ ਸੈਰ-ਸਪਾਟਾ ਪ੍ਰੋਜੈਕਟਾਂ ਨੂੰ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਇੱਕ ਅਧਿਕਾਰਤ ਕਮੇਟੀ ਦੁਆਰਾ ਹੀ ਮਨਜ਼ੂਰੀ ਦੇਣ ਦੀ ਤਜਵੀਜ਼ ਹੈ। ਇਹ ਪਾਲਿਸੀ ਲੰਬੇ ਸਮੇਂ ਤੱਕ ਆਰਥਿਕ ਲਾਭ ਪ੍ਰਦਾਨ ਕਰੇਗੀ ਅਤੇ ਪ੍ਰੋਜੈਕਟਾਂ ਦੀ ਚੋਣ ਭਵਿੱਖੀ ਵਿਕਾਸ ਦੀਆਂ ਸੰਭਾਵਨਾ ‘ਤੇ ਨਿਰਭਰ ਕਰੇਗੀ ਜਿਸ ਸਦਕਾ ਸੂਬੇ ਨੂੰ ਇੱਕ ਪ੍ਰਸਿੱਧ ਅਤੇ “ਸਮਾਰਟ” ਸੈਰ-ਸਪਾਟਾ ਸਥਾਨ ਵਜੋਂ ਵਿਕਸਿਤ ਕੀਤਾ ਜਾ ਸਕੇਗਾ।