Site icon TheUnmute.com

ਹਾੜ੍ਹੀ ਖਰੀਦ ਸੀਜ਼ਨ ਲਈ ਪੰਜਾਬ ਸਰਕਾਰ ਨੇ ਖਿੱਚੀ ਤਿਆਰੀ, ਮੰਡੀਆਂ ਦੇ ਪ੍ਰਬੰਧਾਂ ਨੂੰ ਲੈ ਕੇ ਅਫ਼ਸਰਾਂ ਨੂੰ ਦਿੱਤੀਆਂ ਹਦਾਇਤਾਂ

Punjab Government

ਚੰਡੀਗੜ੍ਹ, 29 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਦੀਆਂ ਲਗਾਤਾਰ ਕੋਸ਼ਿਸ਼ਾਂ ਮਗਰੋਂ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਆਗਾਮੀ ਹਾੜ੍ਹੀ ਖ਼ਰੀਦ ਸੀਜ਼ਨ ਲਈ ਕਣਕ ਦੀ ਖ਼ਰੀਦ ਵਾਸਤੇ ਪੰਜਾਬ ਲਈ 29 ਹਜ਼ਾਰ ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ (ਸੀ.ਸੀ.ਐਲ.) ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਆਗਾਮੀ ਸੀਜ਼ਨ ਲਈ ਆਰ.ਬੀ.ਆਈ. ਵੱਲੋਂ ਸੀ.ਸੀ.ਐਲ. ਦੇ 25,445 ਕਰੋੜ ਰੁਪਏ ਪਹਿਲਾਂ ਹੀ ਜਾਰੀ ਕਰਨ ਉਤੇ ਤਸੱਲੀ ਜ਼ਾਹਰ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਆਰ.ਬੀ.ਆਈ. ਨੇ ਇਸ ਸੀਜ਼ਨ ਲਈ ਸੂਬਾ ਸਰਕਾਰ ਵੱਲੋਂ ਕੀਤੀ ਮੰਗ ਵਿੱਚੋਂ ਸੀ.ਸੀ.ਐਲ. ਦਾ ਵੱਡਾ ਹਿੱਸਾ ਜਾਰੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਕਣਕ ਦੀ ਖ਼ਰੀਦ ਸੁਚਾਰੂ ਤਰੀਕੇ ਨਾਲ ਹੋਣੀ ਯਕੀਨੀ ਬਣੇਗੀ।

ਇਸ ਦੌਰਾਨ ਮੁੱਖ ਮੰਤਰੀ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਸੁਚਾਰੂ ਤਰੀਕੇ ਨਾਲ ਖ਼ਰੀਦਣਾ ਯਕੀਨੀ ਬਣਾਇਆ ਜਾਵੇ ਅਤੇ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਸਪੱਸ਼ਟ ਕਿਹਾ ਕਿ ਪਹਿਲੀ ਅਪਰੈਲ ਤੋਂ ਖ਼ਰੀਦ ਸ਼ੁਰੂ ਹੋਣ ਦੇ ਪਹਿਲੇ ਦਿਨ ਤੋਂ ਹੀ ਜਿਣਸ ਦੀ ਅਦਾਇਗੀ ਜ਼ਰੂਰ ਯਕੀਨੀ ਬਣਾਈ ਜਾਵੇ। ਭਗਵੰਤ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਕਿਸਾਨਾਂ ਦੀ ਉਪਜ ਦਾ ਹਰੇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕਣਕ ਦੀ ਖ਼ਰੀਦ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ ਤਾਂ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ (Punjab Government) ਅਨਾਜ ਦੀ ਸੁਚਾਰੂ ਤਰੀਕੇ ਨਾਲ ਖ਼ਰੀਦ ਲਈ ਪਾਬੰਦ ਹੈ। ਜ਼ਿਕਰਯੋਗ ਹੈ ਕਿ ਕਣਕ ਦੀ ਖ਼ਰੀਦ ਪਹਿਲੀ ਅਪਰੈਲ ਤੋਂ ਸ਼ੁਰੂ ਹੋ ਰਹੀ ਹੈ, ਜਿਹੜੀ 31 ਮਈ ਤੱਕ ਚੱਲੇਗੀ।

Exit mobile version