Site icon TheUnmute.com

ਪੰਜਾਬ ਸਰਕਾਰ ਨੇ ‘ਸਿੱਖ ਗੁਰਦੁਆਰਾ ਸੋਧ ਬਿੱਲ’ ਮਨਜ਼ੂਰੀ ਲਈ ਪੰਜਾਬ ਰਾਜਪਾਲ ਕੋਲ ਭੇਜਿਆ

Banwari Lal Purohit

ਚੰਡੀਗੜ੍ਹ, 28 ਜੂਨ 2023: ਪੰਜਾਬ ਸਰਕਾਰ ਨੇ 19 ਤੋਂ 20 ਜੂਨ ਨੂੰ ਸੱਦੇ ਗਏ ਵਿਧਾਨ ਸਭਾ ਦੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ਵਿੱਚ ਪਾਸ ਕੀਤੇ ਗਏ ਅਹਿਮ ਬਿੱਲ ਪੰਜਾਬ ਦੇ ਰਾਜਪਾਲ ਕੋਲ ਪ੍ਰਵਾਨਗੀ ਲਈ ਭੇਜ ਦਿੱਤੇ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਵਿੱਚ ਇਸ ਵਾਰ ਚਾਰ ਬਿੱਲ ਪਾਸ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ ਦੋ ਬਿੱਲ ਪੰਜਾਬ ਦੇ ਰਾਜਪਾਲ ਕੋਲ ਪ੍ਰਵਾਨਗੀ ਲਈ ਭੇਜੇ ਗਏ ਹਨ। ਸੂਤਰਾਂ ਦੇ ਮੁਤਾਬਕ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ‘ਸਿੱਖ ਗੁਰਦੁਆਰਾ ਸੋਧ ਬਿੱਲ’ (Sikh Gurdwara Amendment Bill) ਅਤੇ ‘ਪੰਜਾਬ ਪੁਲਿਸ ਸੋਧ ਬਿੱਲ-2023’ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੋਲ ਮਨਜ਼ੂਰੀ ਲਈ ਭੇਜ ਦਿੱਤਾ ਗਿਆ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਸੰਵਿਧਾਨਿਕ ਨਜ਼ਰੀਏ ਤੋਂ ਇਨ੍ਹਾਂ ਬਿੱਲਾਂ ਦੀ ਘੋਖ ਕੀਤੀ ਜਾਵੇਗੀ।

ਦੂਜੇ ਪਾਸੇ ਇਨ੍ਹਾਂ ਬਿੱਲਾਂ ’ਚੋਂ ‘ਸਿੱਖ ਗੁਰਦੁਆਰਾ ਸੋਧ ਬਿੱਲ’ ਨੂੰ ਲੈ ਕੇ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸਦਾ ਵਿਰੋਧ ਕੀਤਾ ਹੈ ਅਤੇ ਸਿੱਖ ਮਸਲਿਆਂ ਵਿੱਚ ਦਖ਼ਲਅੰਦਾਜ਼ੀ ਦੱਸਿਆ ਹੈ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਮੁਲਾਕਾਤ ਕਰਕੇ ਰਾਜਪਾਲ ਨੂੰ ‘ਸਿੱਖ ਗੁਰਦੁਆਰਾ ਸੋਧ ਬਿੱਲ’ ਨੂੰ ਪ੍ਰਵਾਨਗੀ ਨਾ ਦੇਣ ਦੀ ਅਪੀਲ ਕਰ ਚੁੱਕੇ ਹਨ।

ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਇਸ ਬਿੱਲ ਨੂੰ ਪੰਜਾਬ ਸਰਕਾਰ ਦਾ ਸਿੱਖ ਮਾਮਲਿਆਂ ਵਿੱਚ ਸਿੱਧਾ ਦਾਖ਼ਲ ਆਖਿਆ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਗੁਰਬਾਣੀ ਪ੍ਰਸਾਰਨ ਦੇ ਮਾਮਲੇ ਵਿੱਚ ਕਿਸੇ ਵਿਸ਼ੇਸ਼ ਚੈਨਲ ਦੀ ਅਜਾਰੇਦਾਰੀ ਖ਼ਤਮ ਕਰਨ ਦੀ ਗੱਲ ਕਹੀ ।

ਇਸਦੇ ਨਾਲ ਹੀ ਸੂਤਰਾਂ ਦੇ ਮੁਤਾਬਕ ਪੰਜਾਬ ਸਰਕਾਰ ਨੇ ‘ਪੰਜਾਬ ਐਫਿਲੀਏਟਿਡ ਕਾਲਜਿਜ਼ (ਸੇਵਾਵਾਂ ਦੀ ਸੁਰੱਖਿਆ) ਸੋਧ ਬਿੱਲ-2023’ ਅਤੇ ‘ਪੰਜਾਬ ਯੂਨੀਵਰਸਿਟੀ ਲਾਅਜ਼ ਸੋਧ ਬਿੱਲ’ ਨੂੰ ਫ਼ਿਲਹਾਲ ਰਾਜਪਾਲ ਕੋਲ ਨਹੀਂ ਭੇਜਿਆ, ਇਸ ਬਿੱਲ ਦੇ ਜ਼ਰੀਏ ਸੂਬਾਈ ਯੂਨੀਵਰਸਿਟੀਆਂ ਦੇ ਚਾਂਸਲਰ ਦਾ ਅਹੁਦਾ ਮੁੱਖ ਮੰਤਰੀ ਹਵਾਲੇ ਕੀਤੇ ਜਾਣਾ ਹੈ ਤੇ ਇਹ ਬਿੱਲ ਪੰਜਾਬ ਰਾਜਪਾਲ ਦੀਆਂ ਸ਼ਕਤੀਆਂ ਵਿੱਚ ਕਟੌਤੀ ਕਰਨ ਵਾਲਾ ਹੈ, ਜੇਕਰ ਪੰਜਾਬ ਦੇ ਰਾਜਪਾਲ ਨੇ ਇਨ੍ਹਾਂ ਬਿੱਲਾਂ ਨੂੰ ਮਨਜ਼ੂਰੀ ਨਹੀਂ ਦਿੰਦੇ ਤਾਂ ਪੰਜਾਬ ਸਰਕਾਰ ਸੁਪਰੀਮ ਕੋਰਟ ਜਾ ਸਕਦੀ ਹੈ |

Exit mobile version