Site icon TheUnmute.com

ਪੰਜਾਬ ਸਰਕਾਰ ਨੂੰ ਬੇਅਦਬੀ ਘਟਨਾਵਾਂ ‘ਚ ਮਿਲੇ ਵੱਡੇ ਸੁਰਾਗ, ਸਜ਼ਾ ਦਿਵਾਉਣ ਲਈ ਵਚਨਬੱਧ ਹਾਂ: CM ਭਗਵੰਤ ਮਾਨ

CM Bhagwant Mann

ਚੰਡੀਗੜ੍ਹ, 04 ਸਤੰਬਰ 2024: ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਬਹਿਸ ’ਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਤੇ ਤਾਜ਼ਾ ਰਿਪੋਰਟ ਛੇਤੀ ਹੀ ਦਾਇਰ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਪੰਜਾਬ ਸਰਕਾਰ ਨੂੰ ਬੇਅਦਬੀ ਘਟਨਾਵਾਂ ‘ਚ ਵੱਡੇ ਸੁਰਾਗ ਮਿਲੇ ਹਨ ਅਤੇ ਤਾਜ਼ਾ ਰਿਪੋਰਟ ਇਹ ਯਕੀਨੀ ਬਣਾਏਗੀ ਕਿ ਦੋਸ਼ੀਆਂ ਨੂੰ ਉਨ੍ਹਾਂ ਦੇ ਗੁਨਾਹਾਂ ਦੀ ਮਿਸਾਲੀ ਸਜ਼ਾ ਦਿਤੀ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇਹ ਰਿਪੋਰਟ ਕਨੂੰਨੀ ਨਜ਼ਰਸਾਨੀ ਲਈ ਪਹਿਲਾਂ ਹੀ ਭੇਜ ਦਿੱਤੀ ਹੈ ਤਾਂ ਕਿ ਇਸ ਅਪਰਾਧ ਲਈ ਜ਼ਿੰਮੇਵਾਰ ਲੋਕ ਕਨੂੰਨ ਤੋਂ ਬਚ ਨਾ ਸਕਣ । ਉਨ੍ਹਾਂ ਕਿਹਾ ਛੇਤੀ ਹੀ ਇਸ ਘਟਨਾ ਦੇ ਦੋਸ਼ੀ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਹੋਣਗੇ | ਉਨ੍ਹਾਂ ਕਿਹਾ ਪਿਛਲੀਆਂ ਸਰਕਾਰਾਂ ਦੇ ਉਲਟ ਉਹ ਇਸ ਮਾਮਲੇ ਕੋਈ ਕਸਰ ਬਾਕੀ ਨਹੀਂ ਰਹਿਣ ਦੇਣਗੇ |

ਮੁੱਖ ਮੰਤਰੀ (CM Bhagwant Mann) ਨੇ ਇਸ ਮਾਮਲੇ ਨੂੰ ਲੈ ਕੇ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਇਸ ਮਾਮਲੇ ‘ਚ ਢਿੱਲਮੱਠ ਕਾਰਨ ਸਿੱਖ ਭਾਈਚਾਰੇ ਨੂੰ ਠੇਸ ਪਹੁੰਚੀ ਹੈ ਅਤੇ ਠੇਸ ਪਹੁੰਚਾਉਣ ਵਾਲੇ ਜ਼ਿੰਮੇਵਾਰ ਲੋਕ ਅਜੇ ਵੀ ਆਜ਼ਾਦ ਫਿਰ ਰਹੇ ਹਨ।

ਮੁੱਖ ਮੰਤਰੀ ਨੇ ਕਿ ਪੰਜਾਬ ਦੀ ਖੇਤੀ ਨੀਤੀ ਦਾ ਖਰੜਾ ਸਾਰੇ ਭਾਈਵਾਲਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਤਿਆਰ ਕੀਤਾ ਜਾ ਰਿਹਾ ਹੈ ਕਿਉਂ ਜੋ ਸਨਅਤਕਾਰ ਨੀਤੀ ਵੀ ਸਨਅਤਕਾਰਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਲਾਗੂ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਮੰਤਰੀ ਮੰਡਲ ਰੈਂਕ ਦੇ ਚੇਅਰਮੈਨ ਨਾਲ ਸਨਅਤਕਾਰ ਸਲਾਹਕਾਰ ਕਮਿਸ਼ਨ ਗਠਿਤ ਕਰਨ ‘ਤੇ ਵਿਚਾਰ ਕਰ ਰਹੀ ਹੈ | ਇਸ ‘ਚ ਵੱਡੇ ਸਨਅਤਕਾਰ ਵੀ ਸ਼ਾਮਲ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤੀ ਚੋਣਾਂ ਛੇਤੀ ਹੀ ਕਰਵਾਈਆਂ ਜਾਣਗੀਆਂ ਅਤੇ ਇਹ ਉਮੀਦਵਾਰ ਪਾਰਟੀ ਦੇ ਚੋਣ ਨਿਸ਼ਾਨ ਤੋਂ ਬਿਨਾਂ ਚੋਣਾਂ ਲੜਨਗੇ। ਉਨ੍ਹਾਂ ਕਿਹਾ ਕਿ ਇਸ ਨਾਲ ਪਿੰਡਾਂ ‘ਚੋਂ ਧੜੇਬੰਦੀ ਦੂਰ ਹੋਵੇਗੀ ਅਤੇ ਪਿੰਡਾਂ ਦਾ ਸਰਬਪੱਖੀ ਵਿਕਾਸ ਹੋਵੇਗਾ। ਮੰਤਰੀ ਨੇ ਕਿਹਾ ਕਿ ਜਿਹੜਾ ਵੀ ਪਿੰਡ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕਰੇਗਾ, ਉਸ ਪਿੰਡ ਨੂੰ 5 ਲੱਖ ਰੁਪਏ ਦੀ ਗ੍ਰਾਂਟ ਤੋਂ ਇਲਾਵਾ ਸਟੇਡੀਅਮ ਜਾਂ ਸਕੂਲ ਜਾਂ ਹਸਪਤਾਲ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵੈਟ ਦੇ ਲਟਕਦੇ ਕੇਸਾਂ ਲਈ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ.) ਨੂੰ ਸਫ਼ਲਤਾ ਪੂਰਵਕ ਲਾਗੂ ਕੀਤਾ ਹੈ। ਇਸ ਓ.ਟੀ.ਐਸ. ਰਾਹੀਂ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਸਰਕਾਰ ਨੇ 164 ਕਰੋੜ ਰੁਪਏ ਤੋਂ ਵੱਧ ਕਮਾਏ ਹਨ। ਉਨ੍ਹਾਂ ਕਿਹਾ ਕਿ ਆਗਾਮੀ ਦਿਨਾਂ ਵਿੱਚ ਵੀ ਨਵੀਂ ਓ.ਟੀ.ਐਸ. ਲਿਆਂਦੀ ਜਾਵੇਗੀ।

ਮੁੱਖ ਮੰਤਰੀ ਨੇ ‘ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ’ ਪੇਸ਼ ਕੀਤਾ ਜਿਸ ਨੂੰ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਪੰਜਾਬ ‘ਚ ਬੀਬੀਆਂ ਦੇ ਸਸ਼ਕਤੀਕਰਨ ਨੂੰ ਹੋਰ ਯਕੀਨੀ ਬਣਾਉਣ ਲਈ ਰਾਹ ਪੱਧਰਾ ਕਰੇਗੀ। ਫਾਇਰ ਬ੍ਰਿਗੇਡ ਸਟਾਫ਼ ‘ਚ ਬੀਬੀਆਂ ਦੀ ਭਰਤੀ ਕਰਨ ਲਈ ਸਰੀਰਕ ਮਾਪਦੰਡ ਬਦਲਣ ਲਈ ਨਿਯਮਾਂ ‘ਚ ਲੋੜੀਂਦੀਆਂ ਸੋਧਾਂ ਕੀਤੀਆਂ ਜਾ ਰਹੀਆਂ ਹਨ।

ਭਾਜਪਾ ਆਗੂਆਂ ਨੂੰ ਲੰਮੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕ ਸੰਦੀਪ ਜਾਖੜ ਨੂੰ ਚੁਣੌਤੀ ਦਿੱਤੀ ਕਿ ਉਹ ਆਪਣੇ ਅੰਕਲ ਤੇ ਭਾਜਪਾ ਦੇ ਸੂਬਾਈ ਪ੍ਰਧਾਨ ਸੁਨੀਲ ਜਾਖੜ ਨੂੰ ਕੋਈ ਬਿਆਨ ਦੇਣ ਤੋਂ ਪਹਿਲਾਂ ਤੱਥਾਂ ਦੀ ਤਸਦੀਕ ਕਰ ਲੈਣ ਲਈ ਕਹਿਣ ।

Exit mobile version