Site icon TheUnmute.com

ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ: ਕੁਲਦੀਪ ਸਿੰਘ ਧਾਲੀਵਾਲ

Mann government

ਚੰਡੀਗੜ, 21 ਫ਼ਰਵਰੀ 2023: ਪੰਜਾਬ ਦੇ ਐਨ.ਆਰ.ਆਈ (NRI) ਮਾਮਲਿਆਂ ਬਾਰੇ ਮੰਤਰੀ ਕੁਲਦੀਪ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸਬੰਧੀ ਸੂਬੇ ਦੇ ਸਮੂਹ ਡੀ.ਸੀਜ, ਪੁਲੀਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ ਨਾਲ ਆਨਲਾਈਨ ਮੀਟਿੰਗ ਕਰਕੇ ਜਾਇਜ਼ਾ ਲਿਆ ਅਤੇ ਬਕਾਇਆ ਸ਼ਿਕਾਇਤਾਂ ਦਾ ਹੱਲ 15 ਮਾਰਚ ਤੱਕ ਕਰਨ ਲਈ ਹਦਾਇਤਾਂ ਵੀ ਜਾਰੀ ਕੀਤੀਆਂ।

ਸ. ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਕਾਰਗਰ ਕਦਮ ਚੁੱਕ ਰਹੀ ਹੈ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਛੇਤੀ ਤੇ ਸਾਰਥਕ ਹੱਲ ਲਈ ਲਗਾਤਾਰ ਯਤਨ ਕਰ ਰਹੀ ਹੈ।ਉਨ੍ਹਾਂ ਦੱਸਿਆ ਕਿ `ਪ੍ਰਵਾਸੀ ਪੰਜਾਬੀਆਂ ਨਾਲ ਮਿਲਣੀ` ਸਮਾਗਮਾਂ ਦੌਰਾਨ ਪ੍ਰਾਪਤ ਹੋਈਆਂ 60 ਫੀਸਦੀ ਸ਼ਿਕਾਇਤਾਂ ਦਾ ਹੱਲ ਕਰ ਦਿੱਤਾ ਗਿਆ ਹੈ, ਜਦਕਿ ਬਕਾਇਆ ਸ਼ਿਕਾਇਤਾਂ ਵੀ ਛੇਤੀ ਹੱਲ ਕੀਤੀਆਂ ਜਾਣਗੀਆਂ।

ਸ. ਧਾਲੀਵਾਲ ਨੇ ਦੱਸਿਆ ਕਿ ਜ਼ਿਆਦਾਤਰ ਸ਼ਿਕਾਇਤਾਂ ਮਾਲ ਅਤੇ ਪੁਲੀਸ ਵਿਭਾਗ ਨਾਲ ਸਬੰਧਤ ਹਨ, ਜਦਕਿ 20 ਫੀਸਦੀ ਸ਼ਿਕਾਇਤਾਂ ਪਹਿਲਾਂ ਹੀ ਵੱਖ-ਵੱਖ ਅਦਾਲਤਾਂ ਵਿੱਚ ਸੁਣਵਾਈ ਅਧੀਨ ਹਨ।ਉਨ੍ਹਾਂ ਦੱਸਿਆ ਕਿ ਸਮੂਹ ਜ਼ਿਲ੍ਹਿਆਂ ਦੇ ਡੀ.ਸੀਜ ਅਤੇ ਐਸ.ਐਸ.ਪੀਜ ਨੂੰ ਪ੍ਰਵਾਸੀਆਂ ਪੰਜਾਬੀਆਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਅਧਾਰ `ਤੇ ਹੱਲ ਕਰਨ ਲਈ ਵੀ ਕਿਹਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸਮੂਹ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿੱਚ ਪਹਿਲਾਂ ਵੀ ਜ਼ਿਲ੍ਹਾਂ ਪੱਧਰੀ ਕਮੇਟੀਆਂ ਬਣਾਈਆਂ ਗਈਆਂ ਹਨ, ਜੋ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਪ੍ਰਵਾਸੀਆਂ ਦੇ ਮਸਲੇ ਹੱਲ ਕਰਨ ਲਈ ਪਾਬੰਦ ਕੀਤੇ ਗਏ ਹਨ।

ਇਸ ਮੀਟਿੰਗ ਮੌਕੇ ਐਨ.ਆਰ.ਆਈ. (NRI) ਮਾਮਲਿਆਂ ਦੇ ਪ੍ਰਮੁੱਖ ਸਕੱਤਰ ਜੇ.ਐਮ. ਬਾਲਾਮੁਰਗਨ, ਏ.ਆਈ.ਜੀ. ਐਨ.ਆਰ.ਆਈ.ਮਾਮਲੇ ਸ੍ਰੀ ਬਲਵਿੰਦਰ ਸਿੰਘ, ਵਿਸ਼ੇਸ਼ ਸਕੱਤਰ ਐਨ.ਆਰ.ਆਈ. ਸ੍ਰੀਮਤੀ ਕਮਲਜੀਤ ਕੌਰ ਬਰਾੜ, ਡਿਪਟੀ ਸਕੱਤਰ ਸ੍ਰੀਮਤੀ ਸੁਰਿੰਦਰ ਕੌਰ ਬਰਾੜ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦਾ ਸੀਨੀਅਰ ਅਧਿਕਾਰੀ ਹਾਜ਼ਰ ਸਨ।

Exit mobile version