July 7, 2024 11:22 am
Election Results

NHM ਤੇ RDF ਰੋਕੇ ਜਾਣ ਦੇ ਵਿਰੋਧ ‘ਚ ਕੇਂਦਰ ਸਰਕਾਰ ਵਿਰੁੱਧ ਮਤਾ ਲਿਆਏਗੀ ਪੰਜਾਬ ਸਰਕਾਰ

ਚੰਡੀਗੜ੍ਹ, 07 ਜੂਨ 2023: ਪੰਜਾਬ ਸਰਕਾਰ ਕੇਂਦਰ ਸਰਕਾਰ ‘ਤੇ ਆਰਡੀਐਫ (RDF) ਅਤੇ ਨੈਸ਼ਨਲ ਹੈਲਥ ਮਿਸ਼ਨ (NHM) ਦੇ ਕਰੋੜਾਂ ਰੁਪਏ ਦੇ ਫੰਡ ਰਾਜ ਨੂੰ ਰੋਕਣ ਦੇ ਦੋਸ਼ ਲਾਉਂਦੀ ਰਹੀ ਹੈ। ਇਸ ਮਾਮਲੇ ਵਿੱਚ ਹੁਣ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਵਿਰੁੱਧ ਮਤਾ ਲਿਆਉਣ ਲਈ ਵਿਧਾਨ ਸਭਾ ਦਾ ਇੱਕ ਦਿਨ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਪੰਜਾਬ ਵਿਧਾਨ ਸਭਾ ਦਾ ਇਹ ਵਿਸ਼ੇਸ਼ ਇਜਲਾਸ ਕਿਸ ਤਾਰੀਖ਼ ਨੂੰ ਬੁਲਾਇਆ ਜਾਵੇਗਾ, ਇਸ ਬਾਰੇ ਇੱਕ ਹਫ਼ਤੇ ਵਿੱਚ ਫੈਸਲਾ ਲਿਆ ਜਾ ਸਕਦਾ ਹੈ । ਜ਼ਿਕਰਯੋਗ ਹੈ ਕਿ 6 ਜੂਨ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕੀਤੀ ਗਈ ਹੈ।

ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਦਿੱਤੇ ਫੰਡਾਂ ਦੇ ਮਾਮਲੇ ‘ਚ ਕੀਤੀ ਗਈ ਅਣਗਹਿਲੀ ‘ਤੇ ਖੁਦ ਭਗਵੰਤ ਮਾਨ ਆਪਣਾ ਗੁੱਸਾ ਜ਼ਾਹਰ ਕਰ ਰਹੇ ਹਨ। ਵਿਧਾਨ ਸਭਾ ਦੇ ਇੱਕ ਰੋਜ਼ਾ ਵਿਸ਼ੇਸ਼ ਇਜਲਾਸ ਦੌਰਾਨ ਪੰਜਾਬ ਨੂੰ ਦਿੱਤੇ ਫੰਡਾਂ ਦੇ ਮਾਮਲੇ ਕੀਤੀ ਜਾ ਰਹੀ ਦੇਰੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਵੱਲੋਂ ਮਤਾ ਪਾਸ ਕਰਦਿਆਂ ਸੂਬੇ ਦੇ ਰੁਕੇ ਫੰਡ ਤੁਰੰਤ ਜਾਰੀ ਕਰਨ ਲਈ ਕੇਂਦਰ ਨੂੰ ਪੱਤਰ ਲਿਖਿਆ ਜਾਵੇਗਾ।

ਕੇਂਦਰ ਸਰਕਾਰ ਵੱਲੋਂ ਫੰਡ ਬੰਦ ਕਰਨ ਕਾਰਨ ਪੰਜਾਬ ਸਰਕਾਰ ਨੂੰ ਹਰ ਸਾਲ ਕਰੀਬ 1500 ਕਰੋੜ ਰੁਪਏ ਦਾ ਨੁਕਸਾਨ ਹੋਣ ਦੀ ਗੱਲ ਕਹੀ ਜਾ ਰਹੀ ਹੈ। ਇਸ ਸਮੱਸਿਆ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕੇਂਦਰੀ ਮੰਤਰੀ ਪਿਊਸ਼ ਗੋਇਲ ਨੂੰ ਵੀ ਜਾਣੂ ਕਰਵਾਇਆ ਹੈ। ਪਰ ਹੁਣ ਤੱਕ ਸਮੱਸਿਆ ਜਿਉਂ ਦੀ ਤਿਉਂ ਬਣੀ ਹੋਈ ਹੈ। ਹੁਣ ਤੱਕ ਆਰਡੀਐਫ (RDF) ਫੰਡ ਜਾਰੀ ਕਰਨਾ ਤਾਂ ਦੂਰ ਦੀ ਗੱਲ ਹੈ, ਦੂਜੇ ਪਾਸੇ ਐਨਐਚਐਮ ਫੰਡ ਵੀ ਰੋਕ ਦਿੱਤਾ ਗਿਆ ਹੈ।