Site icon TheUnmute.com

ਪੰਜਾਬ ਸਰਕਾਰ ਵਿਦੇਸ਼ਾਂ ‘ਚ ਫਸੇ ਪੰਜਾਬੀਆਂ ਦੀ ਘਰ ਵਾਪਸੀ ਲਈ ਹਰ ਸੰਭਵ ਮੱਦਦ ਕਰੇਗੀ: ਕੁਲਦੀਪ ਧਾਲੀਵਾਲ

Kuldeep Singh Dhaliwal

ਚੰਡੀਗੜ੍ਹ, 7 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਘਰ ਵਾਪਸੀ ਲਈ ਹਰ ਸੰਭਵ ਮਦਦ ਕਰੇਗੀ ਅਤੇ ਠੱਗ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਅਮਲ ‘ਚ ਲਿਆਵੇਗੀ। ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ (Kuldeep Dhaliwal) ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨਾਲ ਠੱਗੀ ਮਾਰਨ ਦਾ ਨਾਜਾਇਜ਼ ਧੰਦਾ ਕਰ ਰਹੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ।

ਉਨ੍ਹਾਂ ਕਿਹਾ ਕਿ ਐਨ.ਆਰ.ਆਈ. ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਮੀਟਿੰਗ 11 ਜੁਲਾਈ ਨੂੰ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ ਠੱਗ ਟਰੈਵਲ ਟੇਜੰਟਾਂ ਵਿਰੱਧ ਬਣਦੀ ਸਖ਼ਤ ਕਾਰਵਾਈ ਕਰਨ ਦਾ ਮਾਮਲਾ ਵਿਚਾਰਿਆ ਜਾਵੇਗਾ।

ਐਨ.ਆਰ.ਆਈ. ਮੰਤਰੀ (Kuldeep Dhaliwal) ਨੇ ਦੱਸਿਆ ਕਿ ਪ੍ਰਵਾਸੀ ਮਾਮਲਿਆਂ ਵਿਭਾਗ, ਪੰਜਾਬ ਵੱਲੋਂ ਠੱਗ ਟਰੈਵਲ ਏਜੰਟਾਂ ਦੀ ਲਿਸਟ ਪਹਿਲਾਂ ਹੀ ਤਿਆਰ ਕਰ ਲਈ ਗਈ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਿਸੇ ਵੀ ਨੌਜਵਾਨ ਨਾਲ ਅਨਿਆਂ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਮੁੰਡੇ-ਕੁੜੀਆਂ, ਜੋ ਠੱਗ ਟਰੈਵਲ ਏਜੰਟਾਂ ਦੀ ਠੱਗੀ ਕਾਰਨ ਵਿਦੇਸ਼ਾਂ ਵਿੱਚ ਫਸੇ ਹੋਏ ਹਨ, ਉਨ੍ਹਾਂ ਦੀ ਘਰ ਵਾਪਸੀ ਲਈ ਪੰਜਾਬ ਸਰਕਾਰ ਹਰ ਸੰਭਵ ਮਦਦ ਕਰੇਗੀ, ਉਹ ਐਨ.ਆਰ.ਆਈ ਵਿਭਾਗ ਪੰਜਾਬ ਨਾਲ ਸੰਪਰਕ ਕਰਨ। ਕੁਲਦੀਪ ਧਾਲੀਵਾਲ ਨੇ ਪੰਜਾਬ ‘ਚ ਠੱਗੀ ਦਾ ਕਾਰੋਬਾਰ ਕਰ ਰਹੇ ਟਰੈਵਲ ਏਜੰਟਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਅਜਿਹੇ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਐਨ.ਆਰ.ਆਈ. ਮੰਤਰੀ ਸ. ਧਾਲੀਵਾਲ ਦੇ ਯਤਨਾਂ ਸਦਕਾ ਇਰਾਕ ਵਿੱਚ ਫਸੀ ਪੰਜਾਬ ਦੀ ਇੱਕ ਧੀ ਦੀ ਪਿਛਲੇ ਦਿਨੀਂ ਸੁਰੱਖਿਅਤ ਘਰ ਵਾਪਸੀ ਹੋਈ ਸੀ। ਇਹ ਲੜਕੀ ਆਪਣੇ ਚੰਗੇ ਭਵਿੱਖ ਤੇ ਘਰ ਦੀ ਮਾਲੀ ਹਾਲਤ ਸੁਧਾਰਨ ਲਈ ਅੰਮ੍ਰਿਤਸਰ ਤੋਂ ਇਰਾਕ ਗਈ ਸੀ, ਜਿਸਨੂੰ ਗੁਰਦਾਸਪੁਰ ਦੇ ਇੱਕ ਏਜੰਟ ਨੇ ਧੋਖੇ ਨਾਲ ਉੱਥੇ ਫਸਾ ਦਿੱਤਾ ਸੀ ਅਤੇ ਉਸਦੇ ਸਾਰੇ ਪੈਸੇ ਤੇ ਪਾਸਪੋਰਟ ਆਪਣੇ ਕੋਲ ਰੱਖ ਲਏ ਸੀ। ਇਸ ਲੜਕੀ ਦੀ ਅੰਮਿਤਸਰ ਵਾਪਸੀ ਮੌਕੇ ਸ. ਧਾਲੀਵਾਲ ਖੁਦ ਅੰਮ੍ਰਿਤਸਰ ਏਅਰਪੋਰਟ ਵਿਖੇ ਪਹੁੰਚੇ ਸਨ।

Exit mobile version