July 2, 2024 9:23 pm
Government Hospitals

ਪੰਜਾਬ ਸਰਕਾਰ ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਦਾ ਕਰੇਗੀ ਨਵੀਨੀਕਰਨ

ਚੰਡੀਗੜ੍ਹ, 09 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਸੂਬੇ ਦੇ 40 ਹਸਪਤਾਲਾਂ ਜਾਂ ਸੈਕੰਡਰੀ ਸਿਹਤ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਅੱਜ ਇੱਥੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ 40 ਹਸਪਤਾਲਾਂ (Government Hospitals) ਵਿੱਚ 19 ਜ਼ਿਲ੍ਹਾ ਹਸਪਤਾਲ, ਛੇ ਸਬ-ਡਿਵੀਜ਼ਨ ਹਸਪਤਾਲ ਅਤੇ 15 ਕਮਿਊਨਿਟੀ ਹੈਲਥ ਸੈਂਟਰ (ਸੀਐਚਸੀ) ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਕੰਮ ਨੂੰ ਇਸ ਸਾਲ ਹੀ ਮੁਕੰਮਲ ਕਰੇਗੀ।

ਸਿਹਤ ਮੰਤਰੀ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀਐੱਚਐੱਸਸੀ), ਆਰਕੀਟੈਕਚਰ ਵਿਭਾਗ, ਲੋਕ ਨਿਰਮਾਣ ਵਿਭਾਗ, ਪੰਜਾਬ ਮੰਡੀ ਬੋਰਡ, ਪੁੱਡਾ ਸਮੇਤ ਸਾਰੀਆਂ ਕਾਰਜਕਾਰੀ ਏਜੰਸੀਆਂ ਦੇ ਇੰਜੀਨੀਅਰਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਪ੍ਰਮੁੱਖ ਸਕੱਤਰ ਸਿਹਤ ਵਿਵੇਕ ਪ੍ਰਤਾਪ ਸਿੰਘ, ਮੈਨੇਜਿੰਗ ਡਾਇਰੈਕਟਰ ਪੀਐਸਐਚਸੀ ਪ੍ਰਦੀਪ ਕੁਮਾਰ ਅਗਰਵਾਲ, ਲੋਕ ਨਿਰਮਾਣ ਵਿਭਾਗ ਦੇ ਵਿਸ਼ੇਸ਼ ਸਕੱਤਰ ਹਰੀਸ਼ ਨਈਅਰ ਅਤੇ ਚੀਫ ਆਰਕੀਟੈਕਟ ਮਿਸ ਸਪਨਾ ਵੀ ਮੌਜੂਦ ਸਨ।

ਹੋਰ ਜਾਣਕਾਰੀ ਦਿੰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹਸਪਤਾਲਾਂ (Government Hospitals) ਨੂੰ ਅਪਗ੍ਰੇਡ ਕਰਨ ਤੋਂ ਇਲਾਵਾ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਜ਼ਰੂਰਤ ਅਨੁਸਾਰ ਨਵੀਆਂ ਇਮਾਰਤਾਂ ਦਾ ਨਿਰਮਾਣ ਅਤੇ ਡਾਕਟਰਾਂ ਤੇ ਸਟਾਫ ਦੀ ਲੋੜੀਂਦੀ ਗਿਣਤੀ ਵੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਹਸਪਤਾਲਾਂ ਦੀਆਂ ਅਪਗ੍ਰੇਡ ਕੀਤੀਆਂ ਇਮਾਰਤਾਂ ਨੂੰ ਅਤਿ-ਆਧੁਨਿਕ ਸਹੂਲਤਾਂ ਅਤੇ ਉਪਕਰਨਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਲੋਕ ਸਰਕਾਰੀ ਹਸਪਤਾਲਾਂ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਦਾ ਲਾਭ ਉਠਾ ਸਕਣ। ਜ਼ਿਕਰਯੋਗ ਹੈ ਕਿ ਇਸ ਕੰਮ ਨੂੰ ਜਲਦ ਨੇਪਰੇ ਚਾੜ੍ਹਨ ਲਈ ਰਣਨੀਤੀ ਉਲੀਕਣ ਵਾਸਤੇ ਸਿਹਤ ਮੰਤਰੀ ਸਾਰੀਆਂ ਕਾਰਜਕਾਰੀ ਏਜੰਸੀਆਂ ਦੇ ਨੁਮਾਇੰਦਿਆਂ ਨਾਲ 16 ਅਗਸਤ ਨੂੰ ਸੰਗਰੂਰ ਅਤੇ ਪਟਿਆਲਾ ਦਾ ਦੌਰਾ ਕਰਨਗੇ।