ਚੰਡੀਗੜ੍ਹ 07 ਜੁਲਾਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਨੇ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਫਲਦਾਰ ਬੂਟੇ ਲਗਾਉਣ ਦਾ ਫੈਸਲਾ ਕੀਤਾ ਹੈ।ਪੰਜਾਬ ਸਰਕਾਰ ਦੀ ਇਹ ਮੁਹਿੰਮ 15 ਜੁਲਾਈ, 2022 ਨੂੰ ਪੂਰੇ ਸੂਬੇ ਆਰੰਭ ਕੀਤੀ ਜਾਵੇਗੀ ਅਤੇ ਪਹਿਲੇ ਪੜਾਅ ਵਿੱਚ 1.25 ਲੱਖ ਤੋਂ ਵੱਧ ਫ਼ਲਦਾਰ ਬੂਟੇ ਸਰਕਾਰੀ ਸਕੂਲਾਂ ਵਿੱਚ ਲਗਾਏ ਜਾਣਗੇ।
ਇਸ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਸੂਬੇ ਦੇ ਬਾਗ਼ਬਾਨੀ ਬਾਰੇ ਮੰਤਰੀ ਫੌਜਾ ਸਿੰਘ ਸਰਾਰੀ ਨੇ ਦੱਸਿਆ ਕਿ ਰਾਜ ਸਰਕਾਰ ਖੇਤੀ ਵਿਭਿੰਨਤਾ ਦੇ ਖੇਤਰ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਕੱਢਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਫ਼ਲਦਾਰ ਬੂਟੇ ਲਗਾਉਣ ਦੀ ਇਸ ਮੁਹਿੰਮ ਦੇ ਅਗਲੇ ਪੜਾਅ ਵਿੱਚ ਸੂਬੇ ਵਿੱਚ ਵਗਦੇ ਸੂਇਆਂ, ਸੇਮ ਨਾਲਿਆਂ ਅਤੇ ਸੜਕਾਂ ਦੇ ਨਾਲ-ਨਾਲ ਫ਼ਲਦਾਰ ਬੂਟੇ ਲਗਾਏ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਬਾਗ਼ਬਾਨੀ ਵਿਭਾਗ ਵੱਲੋਂ ਲਗਾਏ ਜਾਣ ਵਾਲੇ ਇਨ੍ਹਾਂ ਬੂਟਿਆਂ ਦੀ ਸਾਂਭ-ਸੰਭਾਲ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਬਾਗ਼ਬਾਨੀ ਵਿਭਾਗ ਦੀ ਕਾਰਜ ਪ੍ਰਣਾਲੀ ਦੀ ਸਮੀਖਿਆ ਵੀ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ (Punjab Government) ਦੀ ਮਾਲਕੀ ਵਾਲੀਆਂ ਖ਼ਾਲੀ ਪਈਆਂ ਸਰਕਾਰੀ ਜ਼ਮੀਨਾਂ ‘ਤੇ ਬਾਗ਼ ਲਗਾਉਣ ਸਬੰਧੀ ਨੀਤੀ ਬਣਾਉਣ।