ਸ੍ਰੀ ਮੁਕਤਸਰ ਸਾਹਿਬ 24 ਅਗਸਤ 2022: ਗੁਲਾਬੀ ਸੁੰਡੀ ਕਾਰਨ ਨਰਮੇ ਦੇ ਹੋਏ ਨੁਕਸਾਨ ਦਾ ਮਜ਼ਦੂਰਾਂ ਕਿਸਾਨਾਂ ਨੂੰ ਮੁਆਵਜ਼ਾ, ਅੰਦੋਲਨਾਂ ਦੌਰਾਨ ਕਿਸਾਨਾਂ ‘ਤੇ ਦਰਜ ਕੇਸ ਵਾਪਸ ਲੈਣ ਸੰਬੰਧੀ, ਲੰਬੀ ਲਾਠੀਚਾਰਜ ਦੇ ਦੋਸ਼ੀ ਅਧਿਕਾਰੀਆਂ ਖ਼ਿਲਾਫ ਕਾਰਵਾਈ ਕਰਨ ਦੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੰਨੀਆਂ ਮੰਗਾਂ ਲਾਗੂ ਨਾ ਹੋਣ ‘ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ (Punjab Khet Mazdoor Union)ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਲਗਾ ਦਿੱਤਾ ਗਿਆ ਹੈ।
ਇਸ ਦੌਰਾਨ ਕਿਸਾਨ ਆਗੂਆਂ ਅਤੇ ਖੇਤ ਮਜ਼ਦੂਰ ਆਗੂਆਂ ਨੇ ਕਿਹਾ ਕਿ ਪਿਛਲੇ ਵਰ੍ਹੇ ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਏ ਨਰਮੇ ਦਾ ਕਾਸ਼ਤਕਾਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ ਦੀ ਲੰਮਾ ਸੰਘਰਸ਼ ਲੜਕੇ ਮਨਵਾਈ ਮੰਗ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਾਰ-ਵਾਰ ਲਾਗੂ ਕਰਨ ਦੇ ਦਿੱਤੇ ਭਰੋਸੇ ਦੇ ਬਾਵਜੂਦ ਅਜੇ ਤੱਕ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਾਗੂ ਨਹੀਂ ਕੀਤਾ ਜਾ ਰਿਹਾ।
ਉਹਨਾਂ ਇਹ ਵੀ ਦੋਸ਼ ਲਾਇਆ ਕਿ ਨਰਮੇ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਲੰਬੀ ਵਿਖੇ ਸੰਘਰਸ਼ ਕਰਦੇ ਮਜ਼ਦੂਰਾਂ ਕਿਸਾਨਾਂ ‘ਤੇ ਦਰਜ਼ ਕੇਸ ਵਾਪਸ ਲੈਣ ਤੇ ਲਾਠੀਚਾਰਜ ਦੇ ਦੋਸ਼ੀਆਂ ਖ਼ਿਲਾਫ ਕਾਰਵਾਈ ਕਰਨ ਦੀ ਮੁੱਖ ਮੰਤਰੀ ਵੱਲੋਂ ਪ੍ਰਵਾਨ ਕੀਤੀਆਂ ਮੰਗਾਂ ਵੀ ਅਜ਼ੇ ਤੱਕ ਲਾਗੂ ਨਹੀਂ ਕੀਤੀ ਗਈ। ਅੱਜ 24 ਅਗਸਤ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਲਾਏ ਜਾ ਰਹੇ ਮੋਰਚੇ ਦੌਰਾਨ ਇਸ ਸਾਲ ਮੀਹਾਂ ਕਾਰਨ ਖ਼ਰਾਬ ਹੋਈਆਂ ਫਸਲਾਂ ਤੇ ਨੁਕਸਾਨੇ ਮਕਾਨਾਂ ਦਾ ਮਜ਼ਦੂਰਾਂ ਕਿਸਾਨਾਂ ਨੂੰ ਮੁਆਵਜ਼ਾ ਦੇਣ, ਲੰਪੀ ਸਕਿਨ ਕਾਰਨ ਨੁਕਸਾਨੇ ਪਸ਼ੂਆਂ ਦਾ ਮੁਆਵਜ਼ਾ ਦੇਣ, ਮਨਰੇਗਾ ਤਹਿਤ ਮਜ਼ਦੂਰਾਂ ਦੇ ਰੁਜ਼ਗਾਰ ਦਾ ਪ੍ਰਬੰਧ ਕਰਨ ਦੀਆਂ ਮੰਗਾਂ ਚੁੱਕੀਆਂ |