Aam Aadmi Party

ਮਾਨ ਸਰਕਾਰ ਦੀ ਕਾਰਗੁਜ਼ਾਰੀ ‘ਤੇ ਅਕਾਲੀ ਦਲ ਨੇ ਖੜੇ ਕੀਤੇ ਸਵਾਲ, ‘ਆਪ’ ਨੇ ਦਿੱਤਾ ਠੋਕਵਾਂ ਜਵਾਬ

ਚੰਡੀਗੜ੍ਹ 28 ਅਕਤੂਬਰ 2022: ਆਮ ਆਦਮੀ ਪਾਰਟੀ ਨੇ ਮਾਨ ਸਰਕਾਰ ਦੀ ਕਾਰਗੁਜ਼ਾਰੀ ‘ਤੇ ਬੇਬੁਨਿਆਦ ਸਵਾਲ ਖੜ੍ਹੇ ਕਰਨ ‘ਤੇ ਸ਼੍ਰੋਮਣੀ ਅਕਾਲੀ ਦਲ ਨੂੰ ਠੋਕਵਾਂ ਜਵਾਬ ਦਿੰਦਿਆਂ ਕਿਹਾ ਕਿ ਦਹਾਕਿਆਂ ਤੱਕ ਪੰਜਾਬ ਅਤੇ ਪੰਜਾਬ ਦੇ ਲੋਕਾਂ ਨੂੰ ਨਜ਼ਰਅੰਦਾਜ਼ ਕਰ ਅਕਾਲੀ ਦਲ ਨੇ ਸਿਰਫ਼ ਪਰਿਵਾਰਵਾਦ ਦੀ ਰਾਜਨੀਤੀ ਕੀਤੀ ਅਤੇ ਆਪਣੇ ਪਰਿਵਾਰ ਦੀ ਹੀ ਭਲਾਈ ਕੀਤੀ।

ਸ਼ੁੱਕਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਸੂਬੇ ਵਿੱਚੋਂ ਸਿਆਸੀ ਗੰਦਗੀ ਅਤੇ ਮਾਫੀਆ ਦਾ ਸਫਾਇਆ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਅਕਾਲੀ ਆਗੂਆਂ ਦੀ ਸਰਪ੍ਰਸਤੀ ਮਿਲੀ, ਜਿਸ ਕਾਰਨ ਅੱਜ ਪੰਜਾਬ ਦੇ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸੇ ਹੋਏ ਹਨ।

ਕੰਗ ਅਨੁਸਾਰ ਇਹ ਉਹੀ ਮਾਫੀਆ, ਨਸ਼ਾ ਤਸਕਰ ਅਤੇ ਗੈਂਗਸਟਰ ਹਨ ਜਿਨ੍ਹਾਂ ਨੂੰ ਅਕਾਲੀ ਦਲ ਨੇ ਆਪਣੇ 10 ਸਾਲਾਂ ਦੇ ਲੰਮੇ ਸ਼ਾਸਨ ਦੌਰਾਨ ਸਰਪ੍ਰਸਤੀ ਦਿੱਤੀ ਸੀ ਅਤੇ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਤਬਾਹੀ ਦੇ ਰਸਤੇ ‘ਤੇ ਪਾ ਦਿੱਤਾ।

ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ‘ਤੇ ਵਰ੍ਹਦਿਆਂ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਪੰਜਾਬ ਦੇ ਸੱਚੇ ‘ਕਸਟੋਡੀਅਨ’ (ਰਖਵਾਲੇ) ਹਨ ਅਤੇ ਅਕਾਲੀ ਆਗੂਆਂ ਦੇ ਉਲਟ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਸਿਰਫ ਭ੍ਰਿਸ਼ਟਾਚਾਰ ਕੀਤਾ ਅਤੇ ਆਪਣੇ ਪਰਿਵਾਰ ਦੀ ਹੀ ਭਲਾਈ ਕੀਤੀ। ਬਾਦਲ ਪਰਿਵਾਰ ਨੇ ਦਹਾਕਿਆਂ ਤੱਕ ਕਾਂਗਰਸ ਨਾਲ ‘ਦੋਸਤਾਨਾ ਮੈਚ’ ਖੇਡਿਆ ਅਤੇ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਲੋਕਾਂ ਨੂੰ ਲੁੱਟ ਕੇ ਆਪ ਵੱਡੀਆਂ ਜਾਇਦਾਦਾਂ ਇਕੱਠੀਆਂ ਕਰ ਲਈਆਂ।

ਉਨ੍ਹਾਂ ਅੱਗੇ ਕਿਹਾ ਕਿ ਹੁਣ, ‘ਆਪ’ ਨੇ ਭ੍ਰਿਸ਼ਟ ਨੇਤਾਵਾਂ ਅਤੇ ਉਨ੍ਹਾਂ ਦੀਆਂ ਸਾਂਠ-ਗਾਂਠਾਂ ਦਾ ਪਰਦਾਫਾਸ਼ ਕਰਨਾ ਸ਼ੁਰੂ ਕਰ ਦਿੱਤਾ ਹੈ ਤਾਂ ਇਹ ਲੋਕ ਘਬਰਾ ਕੇ ਅਜਿਹੀ ਘਟੀਆਂ ਰਾਜਨੀਤੀ ‘ਤੇ ਉਤਰ ਆਏ ਹਨ ਅਤੇ ‘ਆਪ’ ਸਰਕਾਰ ‘ਤੇ ਭੱਦੇ ਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ।

ਅਕਾਲੀ ਦਲ ‘ਤੇ ਚੁਟਕੀ ਲੈਂਦੇ ਹੋਏ ਕੰਗ ਨੇ ਕਿਹਾ ਕਿ ਅਕਾਲੀ ਦਲ ਜੋ ਸਾਲਾਂ ਤੋਂ ਭਾਜਪਾ ਦਾ ਭਾਈਵਾਲ ਰਿਹਾ ਹੈ, ਹੁਣ ਉਹ ‘ਆਪ’ ‘ਤੇ ਭਾਜਪਾ ਨਾਲ ਕੰਮ ਕਰਨ ਦਾ ਦੋਸ਼ ਲਗਾ ਰਿਹਾ ਹੈ। ਅਸਲ ਵਿੱਚ ਇਹ ਅਕਾਲੀ ਦਲ ਦੀ ਬੇਚੈਨੀ ਦਾ ਸਬੂਤ ਹੈ। ਉਹਨਾਂ ਦਾ ਅਸਲ ਚਿਹਰਾ ਪਹਿਲਾਂ ਹੀ ਪੰਜਾਬੀਆਂ ਦੇ ਸਾਹਮਣੇ ਨੰਗਾ ਹੋ ਚੁੱਕਾ ਹੈ ਅਤੇ ਹੁਣ ਉਹ ਜਲਦ ਹੀ ਆਪਣੇ ਗੁਨਾਹਾਂ ਦੀ ਸਜ਼ਾ ਵੀ ਭੁਗਤਣਗੇ।

ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦਾ ਖੇਤੀ ਕਾਨੂੰਨ ਬਣਾਉਣ ਵਿੱਚ ਵੀ ਯੋਗਦਾਨ ਸੀ ਅਤੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਇੱਕ ਸਾਲ ਤੋਂ ਵੀ ਵੱਧ ਚੱਲੇ ਧਰਨੇ ਦੌਰਾਨ 700 ਤੋਂ ਵੱਧ ਕਿਸਾਨਾਂ ਦੀ ਮੌਤ ਲਈ ਉਹ ਵੀ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਭਾਜਪਾ ਦੇ ਭਾਈਵਾਲ ਵਜੋਂ ਹਮੇਸ਼ਾ ਹੀ ਪੰਜਾਬ ਦੇ ਹਿੱਤਾਂ ਵਿਰੁੱਧ ਕੰਮ ਕੀਤਾ ਹੈ ਅਤੇ ਸੂਬੇ ਨੂੰ ਕਮਜ਼ੋਰ ਕੀਤਾ ਹੈ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਹੁਣ ਮੁੱਖ ਮੰਤਰੀ ਮਾਨ ਦੇ ਸੁਰੱਖਿਅਤ ਹੱਥਾਂ ਵਿੱਚ ਹੈ ਅਤੇ ਪੰਜਾਬ ਦੇ ਲੋਕ ‘ਆਪ’ ਸਰਕਾਰ ਦੇ ਸੱਤ ਮਹੀਨਿਆਂ ਦੇ ਕੰਮਕਾਜ ਤੋਂ ਬੇਹੱਦ ਖੁਸ਼ ਹਨ।

Scroll to Top