ਚੰਡੀਗੜ੍ਹ, 28 ਦਸੰਬਰ 2023: ਚੰਡੀਗੜ੍ਹ (Chandigarh) ਪ੍ਰਸ਼ਾਸਨ ਦੇ ਸਿੱਖਿਆ ਵਿਭਾਗ ਨੇ ਕਾਰਵਾਈ ਕਰਦਿਆਂ ਵਿਵੇਕ ਹਾਈ ਸਕੂਲ (Vivek High School) ਦੀ ਮਾਨਤਾ ਰੱਦ ਕਰ ਦਿੱਤੀ ਹੈ | ਚੰਡੀਗੜ੍ਹ ਪ੍ਰਸ਼ਾਸਨ ਦੇ ਸਿੱਖਿਆ ਵਿਭਾਗ ਨੇ ਸਿੱਖਿਆ ਦਾ ਅਧਿਕਾਰ ਐਕਟ 2009 ਦੇ ਤਹਿਤ ਆਰਥਿਕ ਤੌਰ ‘ਤੇ ਕਮਜ਼ੋਰ ਵਰਗ (EWS) ਦੇ ਬੱਚਿਆਂ ਨੂੰ ਦਾਖਲਾ ਨਾ ਦੇਣ ਕਾਰਨ ਸੈਕਟਰ-38 ਸਥਿਤ ਵਿਵੇਕ ਹਾਈ ਸਕੂਲ ਦੀ ਮਾਨਤਾ ਰੱਦ ਕਰ ਦਿੱਤੀ।
ਇਸਦੇ ਨਾਲ ਹੀ ਸਿੱਖਿਆ ਵਿਭਾਗ ਨੇ ਵਿਵੇਕ ਹਾਈ ਸਕੂਲ ਵਿੱਚ ਨਵੇਂ ਦਾਖ਼ਲਿਆਂ ’ਤੇ ਪਾਬੰਦੀ ਲਾ ਦਿੱਤੀ ਹੈ। ਜਿਹੜੇ ਵਿਦਿਆਰਥੀ ਪੜ੍ਹ ਰਹੇ ਹਨ, ਉਹ ਇਸ ਸੈਸ਼ਨ ਵਿੱਚ ਆਪਣੀ ਪੜ੍ਹਾਈ ਪੂਰੀ ਕਰ ਸਕਦੇ ਹਨ ਪਰ ਪ੍ਰੀਖਿਆ ਦੇਣ ਤੋਂ ਬਾਅਦ ਉਹ ਕਿਸੇ ਵੀ ਨੇੜਲੇ ਸਰਕਾਰੀ ਸਕੂਲ ਵਿੱਚ ਸ਼ਿਫਟ ਹੋ ਸਕਦੇ ਹਨ। ਸਿੱਖਿਆ ਵਿਭਾਗ ਦੇ ਡਾਇਰੈਕਟਰ ਹਰਸੁਹਿੰਦਰ ਪਾਲ ਸਿੰਘ ਬਰਾੜ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ।
ਪ੍ਰਾਪਤ ਜਾਣਕਾਰੀ ਮੁਤਾਬਕ ਦਾਅਵਾ ਕੀਤਾ ਗਿਆ ਹੈ ਕਿ ਸਕੂਲ ਨੇ ਸਿੱਖਿਆ ਦਾ ਅਧਿਕਾਰ ਐਕਟ 2009 ਅਤੇ ਹੋਰ ਨਿਯਮਾਂ ਦੀ ਉਲੰਘਣਾ ਕੀਤੀ ਹੈ। ਇਸ ਲਈ ਸਿੱਖਿਆ ਵਿਭਾਗ (Chandigarh) ਨੇ ਇੱਕ ਹੁਕਮ ਜਾਰੀ ਕਰਕੇ 1 ਅਪ੍ਰੈਲ 2024 ਤੋਂ ਸਕੂਲ ਦੀ ਮਾਨਤਾ ਰੱਦ ਕਰ ਦਿੱਤੀ ਹੈ। ਸਕੂਲ ਵਿੱਚ ਮੌਜੂਦਾ ਸਮੇਂ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਧਿਆਨ ਵਿੱਚ ਰੱਖਦਿਆਂ ਸੈਸ਼ਨ 2023-24 ਨੂੰ ਪੂਰਾ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।