Morcha Guru Ka Bagh

ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਸ੍ਰੀ ਪੰਜਾ ਸਾਹਿਬ ਤੇ ਮੋਰਚਾ ਗੁਰੂ ਕਾ ਬਾਗ ਦੀ ਸ਼ਤਾਬਦੀ ਸਬੰਧੀ ਯਾਦਗਾਰੀ ਸਿੱਕਾ ਜਾਰੀ

ਅੰਮ੍ਰਿਤਸਰ 17 ਸਤੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਅਤੇ ਮੋਰਚਾ ਗੁਰੂ ਕਾ ਬਾਗ (Morcha Guru Ka Bagh) ਦੀ ਪਹਿਲੀ ਸ਼ਤਾਬਦੀ ਸਬੰਧੀ ਯਾਦਗਾਰੀ ਸਿੱਕਾ ਅਤੇ ਉਰਦੂ ਭਾਸ਼ਾ ਵਿਚ ਕਿਤਾਬਚੇ ਜਾਰੀ ਕੀਤੇ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਮਗਰੋਂ ਸਿੱਕਾ ਅਤੇ ਕਿਤਾਬਚੇ ਜਾਰੀ ਕਰਨ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ 30 ਅਕਤੂਬਰ 2022 ਨੂੰ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ ਖ਼ਾਲਸਈ ਰਵਾਇਤਾਂ ਅਨੁਸਾਰ ਮਨਾਈ ਜਾ ਰਹੀ ਹੈ, ਜਿਸ ਬਾਰੇ ਤਿਆਰੀਆਂ ਜਾਰੀ ਹਨ। ਇਸ ਤੋਂ ਪਹਿਲਾਂ ਲੰਘੇ ਮਹੀਨੇ ਮੋਰਚਾ ਗੁਰੂ ਕਾ ਬਾਗ ਦੀ ਸ਼ਤਾਬਦੀ ਦੇ ਸਮਾਗਮ ਸੰਪੰਨ ਹੋਏ ਹਨ।

ਉਨ੍ਹਾਂ ਦੱਸਿਆ ਕਿ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮੌਕੇ ਭਾਰਤ ਦੇ ਨਾਲ-ਨਾਲ ਪਾਕਿਸਤਾਨ ਵਿਖੇ ਵੀ ਸਮਾਗਮ ਕੀਤੇ ਜਾਣਗੇ, ਜਿਸ ਨੂੰ ਲੈ ਕੇ ਉਰਦੂ ਭਾਸ਼ਾ ਵਿਚ ਇਤਿਹਾਸਕ ਕਿਤਾਬਚੇ ਉਚੇਚੇ ਤੌਰ ’ਤੇ ਤਿਆਰ ਕਰਵਾਏ ਗਏ ਹਨ। ਇਹ ਕਿਤਾਬਚੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਸਮਾਗਮਾਂ ਦੌਰਾਨ ਸੰਗਤ ਨੂੰ ਵੰਡੇ ਜਾਣਗੇ।

SGPC

ਯਾਦਗਾਰੀ ਸਿੱਕੇ ਬਾਰੇ ਉਨ੍ਹਾਂ ਦੱਸਿਆ ਕਿ ਤਾਂਬੇ ਦੇ ਬਣੇ ਇਸ ਸਿੱਕੇ ਦੇ ਇਕ ਪਾਸੇ ਗੁਰਦੁਆਰਾ ਗੁਰੂ ਕਾ ਬਾਗ ਦੀ ਤਸਵੀਰ ਅਤੇ ਦੂਸਰੇ ਪਾਸੇ ਸਾਕਾ ਸ੍ਰੀ ਪੰਜਾ ਸਾਹਿਬ ਦਾ ਚਿੱਤਰ ਉਕਰਿਆ ਹੈ। ਇਹ ਯਾਦਗਾਰੀ ਸਿੱਕਾ ਸੰਗਤ ਨੂੰ ਸ਼ਤਾਬਦੀ ਦਿਹਾੜਿਆਂ ਦੀ ਯਾਦ ਨਾਲ ਚਿਰ-ਸਦੀਵ ਜੋੜੀ ਰੱਖੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਦੀ ਤਿਆਰੀ ਲਈ ਅਗਾਊਂ ਵਫ਼ਦ ਭੇਜਣ ਦੀ ਪਰਕਿਰਿਆ ਵੀ ਜਾਰੀ ਹੈ ਅਤੇ ਇਸੇ ਮਹੀਨੇ ਹੀ ਵਫ਼ਦ ਦੇ ਪਾਕਿਸਤਾਨ ਜਾਣ ਦੀ ਸੰਭਾਵਨਾ ਹੈ |

ਸ਼੍ਰੋਮਣੀ ਕਮੇਟੀ ਨੇ ਸਰਹੱਦੀ ਖੇਤਰਾਂ ਵਿਚ ਸਿੱਖੀ ਪ੍ਰਚਾਰ ਦੇ ਮੰਤਵ ਨਾਲ 117 ਵਲੰਟੀਅਰ ਪ੍ਰਚਾਰਕਾਂ ਦੀ ਚੋਣ ਕੀਤੀ ਹੈ। ਇਹ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਵੱਲੋਂ ਚੱਲ ਰਹੇ ਸਿੱਖ ਮਿਸ਼ਨਰੀ ਕਾਲਜਾਂ ਅਤੇ ਗੁਰਮਤਿ ਵਿਦਿਆਲਿਆਂ ਤੋਂ ਸਿਖਿਅਤ ਹਨ। ਧਰਮ ਪ੍ਰਚਾਰ ਲਈ ਇਨ੍ਹਾਂ ਪ੍ਰਚਾਰਕਾਂ ਨੂੰ ਰਵਾਨਾ ਕਰਨ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੌਜੂਦਾ ਸਮੇਂ ਸਿੱਖੀ ਪ੍ਰਚਾਰ ਲਈ ਵੱਧ ਤੋਂ ਵੱਧ ਪ੍ਰਚਾਰਕਾਂ ਦੀ ਲੋੜ ਹੈ, ਤਾਂ ਜੋ ਸਿੱਖ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਨਾਲ ਜੋੜਨ ਦੇ ਨਾਲ-ਨਾਲ ਕੌਮੀ ਚੁਣੌਤੀਆਂ ਤੋਂ ਸੰਗਤ ਨੂੰ ਜਾਣੂ ਕਰਵਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਬੀਤੇ ਕੁਝ ਸਮੇਂ ਤੋਂ ਧਰਮ ਪਰਵਰਤਨ ਜਿਹੇ ਮਾਮਲਿਆਂ ਨੂੰ ਜਾਣਬੁਝ ਕੇ ਉਭਾਰਿਆ ਜਾ ਰਿਹਾ ਹੈ, ਜਿਸ ਦੀ ਜ਼ਮੀਨੀ ਪੱਧਰ ’ਤੇ ਨਿਸ਼ਾਨਦੇਹੀ ਕਰਨੀ ਅਤੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੰਗਤ ਨੂੰ ਸੁਚੇਤ ਕਰਨਾ ਜ਼ਰੂਰੀ ਹੈ। ਇਹ ਵਲੰਟੀਅਰ ਪ੍ਰਚਾਰਕ ਇਸ ਦਿਸ਼ਾ ਵਿਚ ਕਾਰਜ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਜ਼ਮੀਨੀ ਪੱਧਰ ’ਤੇ ਇਸ ਮਾਮਲੇ ’ਤੇ ਕੰਮ ਕਰ ਰਹੀ ਹੈ ਅਤੇ ਸਿੱਖ ਸੰਸਥਾ ਦਾ ਮੰਤਵ ਦਿਖਾਵਾ ਕਰਨਾ ਨਹੀਂ, ਸਗੋਂ ਗੁਮਰਾਹ ਹੋ ਚੁੱਕੇ ਲੋਕਾਂ ਨੂੰ ਸਿੱਖੀ ਨਾਲ ਜੋੜਨਾ ਹੈ।

Scroll to Top