Site icon TheUnmute.com

ਡੇਰਾ ਮੁਖੀ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਸਖ਼ਤ ਇਤਰਾਜ਼

Harjinder Singh Dhami

ਅੰਮ੍ਰਿਤਸਰ, 19 ਜਨਵਰੀ 2024: ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ (Ram Rahim) ਨੂੰ ਮੁੜ 50 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਤਲ ਤੇ ਜਬਰ ਜਨਾਹ ਦੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਵਾਰ-ਵਾਰ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਕੀਤਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਰਾਮ ਰਹੀਮ ਨਾਲ ਸਰਕਾਰ ਵੱਲੋਂ ਵਿਸ਼ੇਸ਼ ਹਮਦਰਦੀ ਸਵਾਲ ਪੈਦਾ ਕਰਦੀ ਹੈ। ਇਹ ਸਿੱਧੇ ਤੌਰ ’ਤੇ ਸਿਆਸਤ ਤੋਂ ਪ੍ਰੇਰਤ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਰਕਾਰਾਂ ਦੋਹਰੀ ਨੀਤੀ ਅਪਣਾ ਰਹੀਆਂ ਹਨ। ਇਕ ਪਾਸੇ ਬਲਾਤਕਾਰ ਤੇ ਕਤਲ ਦੇ ਇਲਜ਼ਾਮਾਂ ਵਿਚ ਸਜ਼ਾ ਕੱਟ ਰਹੇ ਵਿਅਕਤੀ (Ram Rahim) ਨੂੰ ਵਾਰ-ਵਾਰ ਪੈਰੋਲ ਦਿੱਤੀ ਜਾਂਦੀ ਹੈ, ਜਦਕਿ ਦੂਜੇ ਪਾਸੇ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਬਾਰੇ ਪੱਖਪਾਤੀ ਰਵੱਈਆ ਅਪਣਾਇਆ ਜਾ ਰਿਹਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿਆਸੀ ਹਿੱਤਾਂ ਲਈ ਸਰਕਾਰਾਂ ਵੱਲੋਂ ਗੁਰਮੀਤ ਰਾਮ ਰਹੀਮ ਦੇ ਘਿਨੌਣੇ ਅਪਰਾਧਾਂ ਨੂੰ ਅੱਖੋਂ-ਓਹਲੇ ਕਰਕੇ ਉਸ ਨੂੰ ਬਾਰ-ਬਾਰ ਛੱਡਿਆ ਜਾਣਾ ਇਤਰਾਜ਼ਯੋਗ ਹੈ ਅਤੇ ਇਹ ਰਾਮ ਰਹੀਮ ਵੱਲੋਂ ਕੀਤੇ ਜ਼ੁਲਮਾਂ ਦੇ ਪੀੜਤਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਵਾਲੀ ਕਾਰਵਾਈ ਹੈ।

Exit mobile version