Site icon TheUnmute.com

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਭਰੇ ਪ੍ਰੋਫਾਰਮੇ 18 ਮਈ ਨੂੰ ਪੰਜਾਬ ਰਾਜਪਾਲ ਨੂੰ ਸੌਂਪੇਗੀ

Harjinder Singh Dhami

ਅੰਮ੍ਰਿਤਸਰ, 15 ਮਈ 2023: ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਦਸਤਖ਼ਤੀ ਮੁਹਿੰਮ ਤਹਿਤ ਭਰਵਾਏ ਪ੍ਰੋਫਾਰਮੇ 18 ਮਈ 2023 ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪੇ ਜਾਣਗੇ। ਰਾਜਪਾਲ ਪੰਜਾਬ ਨੂੰ ਪ੍ਰੋਫਾਰਮੇ ਸੌਂਪਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਸਕੱਤਰ ਸ. ਪ੍ਰਤਾਪ ਸਿੰਘ ਜਾਣਗੇ। ਇਸ ਤੋਂ ਪਹਿਲਾਂ ਇਹ ਪ੍ਰੋਗਰਾਮ 27 ਅਪ੍ਰੈਲ ਦਾ ਰੱਖਿਆ ਗਿਆ ਸੀ, ਪਰੰਤੂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਸੀ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਇਸ ਬਾਰੇ ਦੱਸਿਆ ਕਿ 1 ਦਸੰਬਰ 2022 ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜੋ 14 ਅਪ੍ਰੈਲ 2023 ਤੱਕ ਜਾਰੀ ਰਹੀ। ਇਸ ਮੁਹਿੰਮ ਤਹਿਤ 25 ਲੱਖ ਤੋਂ ਵੱਧ ਲੋਕਾਂ ਨੇ ਪ੍ਰੋਫਾਰਮੇ ਭਰੇ ਹਨ, ਜੋ 18 ਮਈ ਨੂੰ ਸਵੇਰੇ 11:00 ਵਜੇ ਇਹ ਪ੍ਰੋਫਾਰਮੇ ਰਾਸ਼ਟਰਪਤੀ ਦੇ ਨਾਂ ’ਤੇ ਗਵਰਨਰ ਪੰਜਾਬ ਨੂੰ ਸੌਂਪੇ ਜਾਣਗੇ। ਇਸ ਤੋਂ ਪਹਿਲਾਂ 18 ਮਈ ਨੂੰ ਹੀ ਸਵੇਰੇ 6:30 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਅਰਦਾਸ ਸਮਾਗਮ ਕੀਤਾ ਜਾਵੇਗਾ, ਜਿਸ ਵਿਚ ਸਿੰਘ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ਼ਮੂਲੀਅਤ ਕਰਨਗੇ।

Exit mobile version