Site icon TheUnmute.com

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ

ਧਾਰਮਿਕ ਪ੍ਰੀਖਿਆ

ਅੰਮ੍ਰਿਤਸਰ, 13 ਜੂਨ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਫਰਵਰੀ 2023 ਵਿਚ ਲਈ ਗਈ ਧਾਰਮਿਕ ਪ੍ਰੀਖਿਆ ਦਾ ਨਤੀਜਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਕੀਤਾ। ਐਲਾਨੇ ਗਏ ਨਤੀਜੇ ਅਨੁਸਾਰ 1552 ਵਿਦਿਆਰਥੀਆਂ ਨੂੰ 32 ਲੱਖ 25 ਹਜ਼ਾਰ ਰੁਪਏ ਵਜੀਫਾ ਰਾਸ਼ੀ ਵਜੋਂ ਦਿੱਤੇ ਜਾਣਗੇ ਅਤੇ ਇਸ ਤੋਂ ਇਲਾਵਾ ਸਨਮਾਨ ਚਿੰਨ੍ਹ ਤੇ ਪ੍ਰਮਾਣ ਪੱਤਰ ਦੇ ਕੇ ਵੀ ਨਿਵਾਜਿਆ ਜਾਵੇਗਾ।

ਨਤੀਜਾ ਜਾਰੀ ਕਰਨ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਜਿਥੇ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਦਾ ਕਾਰਜ ਕਰਦੀ ਹੈ, ਉਥੇ ਹੀ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਵੀ ਨਿਰੰਤਰ ਕਾਰਜਸ਼ੀਲ ਹੈ। ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਚਾਰਕ ਜਥਿਆਂ ਨਾਲ ਪਿੰਡ ਪੱਧਰ ’ਤੇ ਧਰਮ ਪ੍ਰਚਾਰ ਲਹਿਰ ਚਲਾਈ ਜਾ ਰਹੀ ਹੈ।

ਧਰਮ ਪ੍ਰਚਾਰ ਕਮੇਟੀ ਵੱਲੋਂ 17 ਮਿਸ਼ਨਰੀ ਕਾਲਜ ਅਤੇ ਵਿਦਿਆਲੇ ਨੌਜੁਆਨਾਂ ਨੂੰ ਗੁਰਬਾਣੀ ਕੀਰਤਨ ਅਤੇ ਧਰਮ ਦੀ ਸਿੱਖਿਆ ਦੇਣ ਲਈ ਕਾਰਜਸ਼ੀਲ ਹਨ। ਇਸ ਦੇ ਨਾਲ ਹੀ ਬੱਚਿਆਂ ਅਤੇ ਨੌਜੁਆਨਾਂ ਨੂੰ ਸਿੱਖ ਧਰਮ, ਇਤਿਹਾਸ ਤੋਂ ਜਾਣੂ ਕਰਵਾਉਣ ਲਈ ਹਰ ਸਾਲ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਨੌਜੁਆਨਾਂ ਅਤੇ ਬੱਚਿਆਂ ਨੂੰ ਸਿੱਖ ਇਤਿਹਾਸ, ਰਹਿਤ ਮਰਯਾਦਾ ਅਤੇ ਸਿੱਖ ਸਿਧਾਂਤਾਂ ਨਾਲ ਜੋੜਨ ਲਈ ਧਾਰਮਿਕ ਪ੍ਰੀਖਿਆ ਦਾ ਵੱਡਾ ਮਹੱਤਵ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਂਦੀ ਧਾਰਮਿਕ ਪ੍ਰੀਖਿਆ ਦੌਰਾਨ ਹਜ਼ਾਰਾਂ ਵਿਦਿਆਰਥੀ ਹਿੱਸਾ ਲੈਂਦੇ ਹਨ, ਜਿਨ੍ਹਾਂ ਵਿੱਚੋਂ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੂੰ ਵਜੀਫਾ ਰਾਸ਼ੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਫ਼ਰਵਰੀ 2023 ਵਿਚ ਲਈ ਗਈ ਧਾਰਮਿਕ ਪ੍ਰੀਖਿਆ ਵਿਚ ਚਾਰ ਦਰਜਿਆਂ ਅੰਦਰ 40774 ਵਿਦਿਆਰਥੀਆਂ ਨੇ ਭਾਗ ਲਿਆ ਸੀ, ਜਿਨ੍ਹਾਂ ਵਿੱਚੋਂ 1552 ਵਿਦਿਆਰਥੀ ਨੇ ਵਜੀਫਾ ਹਾਸਲ ਕੀਤਾ ਹੈ।

ਇਸ ਦੇ ਨਾਲ ਹੀ ਹਰ ਦਰਜੇ ਵਿੱਚੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ ਵੀ ਵਿਸ਼ੇਸ਼ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਅਪੀਲ ਕੀਤੀ ਕਿ ਹਰ ਵਿਦਿਆਰਥੀ ਨੂੰ ਇਸ ਧਾਰਮਿਕ ਪ੍ਰੀਖਿਆ ਦਾ ਹਿੱਸਾ ਬਣਾਉਣ ਲਈ ਸਕੂਲ ਪ੍ਰਬੰਧਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਵੱਧ ਤੋਂ ਵੱਧ ਬੱਚੇ ਅਤੇ ਨੌਜੁਆਨ ਆਪਣੇ ਇਤਿਹਾਸ ਅਤੇ ਵਿਰਸੇ ਤੋਂ ਜਾਣੂ ਹੋ ਸਕਣ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਅੰਤ੍ਰਿੰਗ ਮੈਂਬਰ ਸ. ਗੁਰਨਾਮ ਸਿੰਘ ਜੱਸਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਅਮਰੀਕ ਸਿੰਘ ਵਿਛੋਆ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਪਾਲ ਸਿੰਘ ਜੱਲਾ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਪ੍ਰੋ. ਸੁਖਦੇਵ ਸਿੰਘ, ਸ. ਸ਼ਾਹਬਾਜ਼ ਸਿੰਘ, ਡਾ. ਅਮਰਜੀਤ ਸਿੰਘ, ਇੰਚਾਰਜ ਸ. ਕੁਲਵਿੰਦਰ ਸਿੰਘ, ਹੈੱਡ ਪ੍ਰਚਾਰਕ ਸ. ਸਰਬਜੀਤ ਸਿੰਘ ਢੋਟੀਆਂ ਆਦਿ ਹਾਜ਼ਰ ਸਨ।

Exit mobile version