Corona

ਕੋਰੋਨਾ ਦੀ ਰਫਤਾਰ ਨੇ ਵਧਾਈ ਚਿੰਤਾ, ਮਨਸੁਖ ਮਾਂਡਵੀਆ ਦੀ ਪ੍ਰਧਾਨਗੀ ‘ਚ ਸਿਹਤ ਮੰਤਰੀਆਂ ਦੀ ਉੱਚ ਪੱਧਰੀ ਮੀਟਿੰਗ

ਚੰਡੀਗੜ੍ਹ, 07 ਅਪ੍ਰੈਲ 2023: ਦੇਸ਼ ‘ਚ ਕੋਰੋਨਾ (Corona) ਇਨਫੈਕਸ਼ਨ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਮੱਦੇਨਜ਼ਰ ਅੱਜ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ (Mansukh Mandaviya) ਦੀ ਪ੍ਰਧਾਨਗੀ ਹੇਠ ਸਾਰੇ ਸੂਬਿਆਂ ਦੇ ਸਿਹਤ ਮੰਤਰੀਆਂ ਦੀ ਉੱਚ ਪੱਧਰੀ ਮੀਟਿੰਗ ਕੀਤੀ ਜਾ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ਵਿੱਚ ਪੰਜ ਹਜ਼ਾਰ ਤੋਂ ਵੱਧ ਲੋਕ ਕੋਰੋਨਾ ਸੰਕਰਮਿਤ ਪਾਏ ਗਏ ਹਨ। ਇਸ ਤੋਂ ਪਹਿਲਾਂ ਵੀਰਵਾਰ ਨੂੰ ਕੋਰੋਨਾ ਦੇ ਪੰਜ ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਸਨ, ਜੋ ਛੇ ਮਹੀਨਿਆਂ ਵਿੱਚ ਸਭ ਤੋਂ ਵੱਧ ਹੈ।

ਸਿਹਤ ਮੰਤਰਾਲੇ ਮੁਤਾਬਕ ਨਵੇਂ ਮਰੀਜ਼ਾਂ ਦੀ ਗਿਣਤੀ ਵਧਣ ਨਾਲ ਐਕਟਿਵ ਕੇਸ ਵੀ 25,587 ਹੋ ਗਏ ਹਨ। ਪਿਛਲੇ ਦਿਨ 2,826 ਮਰੀਜ਼ਾਂ ਨੂੰ ਸਿਹਤਮੰਦ ਐਲਾਨਿਆ ਗਿਆ ਸੀ। ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਕੋਰੋਨਾ (Corona)  ਦੀ ਜਾਂਚ ਵਧਣ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ। ਪਿਛਲੇ ਹਫ਼ਤੇ ਦੇ ਮੁਕਾਬਲੇ ਇਸ ਹਫ਼ਤੇ ਰੋਜ਼ਾਨਾ ਟੈਸਟਾਂ ਵਿੱਚ ਵਾਧਾ ਹੋਇਆ ਹੈ। ਪਿਛਲੇ ਦਿਨ 1.60 ਲੱਖ ਤੋਂ ਵੱਧ ਨਮੂਨਿਆਂ ਦੀ ਜਾਂਚ ਕੀਤੀ ਗਈ ਹੈ, ਜਿਸ ਵਿੱਚ 3.32 ਪ੍ਰਤੀਸ਼ਤ ਸੰਕਰਮਿਤ ਪਾਏ ਗਏ ਹਨ। ਇਹੀ ਕਾਰਨ ਹੈ ਕਿ ਨਵੇਂ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ। ਸਿਹਤ ਮੰਤਰਾਲੇ ਦੇ ਅਨੁਸਾਰ, ਦੇਸ਼ ਵਿੱਚ ਕੋਰੋਨਾ ਦੀ ਹਫਤਾਵਾਰੀ ਸੰਕਰਮਣ ਦਰ 2.89 ਪ੍ਰਤੀਸ਼ਤ ਹੈ।

ਪਿਛਲੇ ਚਾਰ ਹਫ਼ਤਿਆਂ ਤੋਂ ਦੇਸ਼ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ 21 ਸੂਬਿਆਂ ਦੇ 72 ਜ਼ਿਲ੍ਹੇ ਰੈੱਡ ਅਲਰਟ ਦੇ ਘੇਰੇ ਵਿੱਚ ਆ ਗਏ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਿਛਲੇ ਹਫ਼ਤੇ ਦੌਰਾਨ 12 ਤੋਂ 100 ਫ਼ੀਸਦੀ ਸੈਂਪਲ ਕੋਰੋਨਾ ਸੰਕਰਮਿਤ ਪਾਏ ਗਏ ਹਨ। ਜਾਣਕਾਰੀ ਮਿਲੀ ਹੈ ਕਿ ਸ਼ੁੱਕਰਵਾਰ ਨੂੰ ਹੋਣ ਵਾਲੀ ਮੀਟਿੰਗ ‘ਚ ਕੋਵਿਡ ਵਿਜੀਲੈਂਸ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਦਾ ਫੈਸਲਾ ਲਿਆ ਜਾ ਸਕਦਾ ਹੈ ਅਤੇ ਇਨਫੈਕਸ਼ਨ ਫੈਲਣ ਵਾਲੇ ਜ਼ਿਲਿਆਂ ‘ਤੇ ਚਰਚਾ ਕੀਤੀ ਜਾ ਸਕਦੀ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਸੂਤਰਾਂ ਅਨੁਸਾਰ, ਉਨ੍ਹਾਂ ਜ਼ਿਲ੍ਹਿਆਂ ਵਿੱਚ ਮਾਸਕ ਲਾਜ਼ਮੀ ਕੀਤਾ ਜਾ ਸਕਦਾ ਹੈ ਜਿੱਥੇ ਹਫਤਾਵਾਰੀ ਕਰੋਨਾ ਦੀ ਲਾਗ 10 ਪ੍ਰਤੀਸ਼ਤ ਤੋਂ ਵੱਧ ਹੈ। ਇਸ ਤੋਂ ਇਲਾਵਾ ਇਨ੍ਹਾਂ ਖੇਤਰਾਂ ‘ਚ ਭੀੜ ਕੰਟਰੋਲ ਨਾਲ ਸਬੰਧਤ ਦਿਸ਼ਾ-ਨਿਰਦੇਸ਼ ਵੀ ਲਾਗੂ ਹੋ ਸਕਦੇ ਹਨ।

Scroll to Top