Site icon TheUnmute.com

ਸੂਬਾ ਸਰਕਾਰ ਨੇ ਮੇਅਰ ਨੂੰ ਅੰਮ੍ਰਿਤਸਰ ਦੇ ਵਿਕਾਸ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ

ਸੂਬਾ ਸਰਕਾਰ ਨੇ ਮੇਅਰ

ਸੂਬਾ ਸਰਕਾਰ ਨੇ ਮੇਅਰ

ਚੰਡੀਗੜ੍ਹ ,16 ਅਗਸਤ 2021 : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ ਨੂੰ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਲੋੜੀਂਦੇ ਫੰਡ ਦੇਣ ਦਾ ਭਰੋਸਾ ਦਿੱਤਾ ਅਤੇ ਉਨ੍ਹਾਂ ਨੂੰ ਇਸ ਲਈ ਵਿਆਪਕ ਪ੍ਰਸਤਾਵ ਭੇਜਣ ਲਈ ਕਿਹਾ। ਸਥਾਨਕ ਨਗਰ ਨਿਗਮ ਦੇ ਕੌਂਸਲਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਮੇਅਰ ਨੂੰ ਨਾਗਰਿਕ ਸਹੂਲਤਾਂ ਅਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਨਾਲ ਸਬੰਧਤ ਉਨਾਂ ਦੀਆਂ ਚਿੰਤਾਵਾਂ ਦੇ ਤੁਰੰਤ ਨਿਪਟਾਰੇ ਦਾ ਭਰੋਸਾ ਦਿੱਤਾ।

 

ਉਨ੍ਹਾਂ ਮੇਅਰ ਨੂੰ ਪਹਿਲ ਦੇ ਆਧਾਰ ’ਤੇ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦੇਣ ਲਈ ਵਿਸਥਾਰਤ ਪ੍ਰਸਤਾਵ ਭੇਜਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਦੁਆਰਾ ਇਸ ਦੀ ਸਮੀਖਿਆ ਕਰਕੇ ਲੋੜੀਂਦੇ ਫੰਡ ਜਾਰੀ ਕੀਤੇ ਜਾਣ।ਮੁੱਖ ਮੰਤਰੀ ਨੇ ਕੌਂਸਲਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਵਿੱਚੋਂ ਬਹੁਤਿਆਂ ਨੂੰ ਉਨ੍ਹਾਂ ਦਿਨਾਂ ਤੋਂ ਨਿੱਜੀ ਤੌਰ ’ਤੇ ਜਾਣਦੇ ਹਨ, ਜਦੋਂ ਉਨ੍ਹਾਂ ਨੇ ਅੰਮ੍ਰਿਤਸਰ ਤੋਂ ਸੰਸਦੀ ਚੋਣ ਲੜੀ ਸੀ ਅਤੇ ਸੀਨੀਅਰ ਭਾਜਪਾ ਨੇਤਾ ਮਰਹੂਮ ਅਰੁਣ ਜੇਤਲੀ ਨੂੰ ਹਰਾਇਆ ਸੀ।

 

75ਵੇਂ ਆਜ਼ਾਦੀ ਦਿਹਾੜੇ ’ਤੇ ਕੌਂਸਲਰਾਂ ਨੂੰ ਵਧਾਈ ਦਿੰਦਿਆਂ ਸੂਬਾ ਸਰਕਾਰ  ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣੇ 130 ਸਾਲ ਤੋਂ ਵੱਧ ਸਮੇਂ ਦੇ ਸੁਨਹਿਰੀ ਅਤੀਤ ਨਾਲ ਮਹਾਤਮਾ ਗਾਂਧੀ, ਮੋਤੀ ਲਾਲ ਨਹਿਰੂ, ਜਵਾਹਰ ਲਾਲ ਨਹਿਰੂ ਅਤੇ ਕਈ ਹੋਰ ਅਣਜਾਣ ਆਗੂਆਂ ਅਤੇ ਵਰਕਰਾਂ ਦੇ ਦਿਨਾਂ ਤੋਂ ਭਾਰਤੀ ਦੇ ਆਜ਼ਾਦੀ ਸੰਘਰਸ਼ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ।

 

ਆਪਣੇ ਸਵਾਗਤੀ ਭਾਸ਼ਣ ਵਿੱਚ ਮੇਅਰ ਨਗਰ ਨਿਗਮ ਕਰਮਜੀਤ ਸਿੰਘ ਰਿੰਟੂ ਨੇ ਮੁੱਖ ਮੰਤਰੀ ਨੂੰ ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਰੋਸਾਈ ‘ਗੁਰੂ ਕੀ ਨਗਰੀ’ ਦੇ ਸਰਵਪੱਖੀ ਵਿਕਾਸ ਲਈ 50 ਕਰੋੜ ਰੁਪਏ ਦੇ ਵਾਧੂ ਫੰਡ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਵਿਕਾਸ ਕਾਰਜਾਂ ਨੂੰ ਪ੍ਰਭਾਵਸਾਲੀ ਢੰਗ ਨਾਲ ਨੇਪਰੇ ਚਾੜਨ ਲਈ ਕੌਂਸਲਰਾਂ ਦੇ ਮਹੀਨਾਵਾਰ ਭੱਤਿਆਂ ਵਿੱਚ ਵਾਜਬ ਵਾਧੇ ਦੀ ਮੰਗ ਵੀ ਕੀਤੀ।

 

ਇਸ ਤੋਂ ਪਹਿਲਾਂ ਸਥਾਨਕ ਕੌਂਸਲਰ ਮੋਤੀ ਭਾਟੀਆ ਨੇ ਵੀ ਸ਼ਹਿਰ ਦੇ ਵਿਕਾਸ ਲਈ ਫੰਡਾਂ ਦਾ ਮੁੱਦਾ ਉਠਾਇਆ। ਇਸ ਮੌਕੇ ਮੇਅਰ, ਜਿਨ੍ਹਾਂ ਨਾਲ ਕਮਿਸ਼ਨਰ ਨਗਰ ਨਿਗਮ ਮਾਲਵਿੰਦਰ ਸਿੰਘ ਜੱਗੀ ਵੀ ਮੌਜੂਦ ਸਨ, ਨੇ ਮੁੱਖ ਮੰਤਰੀ ਨੂੰ ਪਿਆਰ ਅਤੇ ਸਨੇਹ ਦੇ ਪ੍ਰਤੀਕ ਵਜੋਂ ਤੋਹਫੇ ਨਾਲ ਸਨਮਾਨਿਤ ਕੀਤਾ। ਹੋਰਨਾਂ ਤੋਂ ਇਲਾਵਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਜਸਬੀਰ ਸਿੰਘ ਡਿੰਪਾ ਅਤੇ ਮੁਹੰਮਦ ਸਦੀਕ, ਵਿਧਾਇਕ ਤਰਸੇਮ ਸਿੰਘ ਡੀਸੀ, ਸੁਨੀਲ ਦੱਤੀ, ਹਰਪ੍ਰਤਾਪ ਸਿੰਘ ਅਜਨਾਲਾ, ਸੁਖਵਿੰਦਰ ਸਿੰਘ ਡੈਨੀ ਅਤੇ ਨਵਤੇਜ ਸਿੰਘ ਚੀਮਾ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਅਜੋਏ ਸਿਨਹਾ ਅਤੇ ਡਾਇਰੈਕਟਰ ਸਥਾਨਕ ਸਰਕਾਰਾਂ ਪੁਨੀਤ ਗੋਇਲ ਮੌਜੂਦ ਸਨ।

Exit mobile version