Revenue Department

ਮਾਲ ਵਿਭਾਗ ਦੇ ਸਟਾਫ ਵਲੋਂ ਪੰਜਾਬ ਸਰਕਾਰ ਦੇ ਭਰੋਸੇ ਉਪਰੰਤ ਹੜਤਾਲ ਖ਼ਤਮ

ਚੰਡੀਗੜ੍ਹ 08 ਜੂਨ 2022: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੇ ਦਖ਼ਲ ਅਤੇ ਭਰੋਸੇ ਮਗਰੋਂ ਮਾਲ ਵਿਭਾਗ (Revenue Department ) ਦੇ ਸਟਾਫ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ ਅਤੇ ਉਨ੍ਹਾਂ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਹ ਤੁਰੰਤ ਕੰਮ ‘ਤੇ ਵਾਪਸ ਪਰਤ ਰਹੇ ਹਨ ਅਤੇ ਜਨਤਾ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਗੇ।

ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ। ਮਾਲ ਵਿਭਾਗ ਦੇ ਅਧਿਕਾਰੀਆਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਐਨ.ਓ.ਸੀ. ਸਬੰਧੀ ਵਿਸਥਾਰਤ ਹਦਾਇਤਾਂ ਜਲਦੀ ਹੀ ਜਾਰੀ ਕੀਤੀਆਂ ਜਾਣਗੀਆਂ ਤਾਂ ਜੋ ਉਨ੍ਹਾਂ ਨੂੰ ਰਜਿਸਟਰੀਆਂ ਕਰਨ ਦੀ ਪ੍ਰਕਿਰਿਆ ਦੌਰਾਨ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਨੇ ਹੜਤਾਲ ਉਤੇ ਬੈਠੇ ਸਟਾਫ ਨੂੰ ਵਡੇਰੇ ਜਨਤਕ ਹਿੱਤਾਂ ਨੂੰ ਮੁੱਖ ਰੱਖਦਿਆਂ ਤੁਰੰਤ ਡਿਊਟੀ ਸੰਭਾਲਣ ਦੀ ਅਪੀਲ ਕੀਤੀ ਹੈ । ਬ੍ਰਮ ਸ਼ੰਕਰ ਜਿੰਪਾ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੇ ਮਸਲਿਆਂ ਨੂੰ ਜਲਦੀ ਹੱਲ ਕੀਤਾ ਜਾਵੇਗਾ।

Scroll to Top