July 7, 2024 7:17 pm
Rajiv Gandhi's murder case

ਸੁਪਰੀਮ ਕੋਰਟ ਵਲੋਂ ਰਾਜੀਵ ਗਾਂਧੀ ਦੇ ਕਤਲ ਕੇਸ ‘ਚ ਛੇ ਦੋਸ਼ੀਆਂ ਨੂੰ ਰਿਹਾਅ ਕਰਨ ਦੇ ਹੁਕਮ

ਚੰਡੀਗੜ੍ਹ 11 ਨਵੰਬਰ 2022: ਸੁਪਰੀਮ ਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਤਲ ਕੇਸ (Rajiv Gandhi’s murder case) ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਨਲਿਨੀ ਅਤੇ ਆਰਪੀ ਰਵੀਚੰਦਰਨ ਸਮੇਤ ਛੇ ਦੋਸ਼ੀਆਂ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਇਸ ਹੁਕਮ ਤੋਂ ਬਾਅਦ ਐਸ ਨਲਿਨੀ, ਜੈਕੁਮਾਰ, ਆਰਪੀ ਰਵੀਚੰਦਰਨ, ਰਾਬਰਟ ਪਿਆਸ, ਸੁਤੇਂਦਰਰਾਜਾ ਅਤੇ ਸ੍ਰੀਹਰਨ ਨੂੰ ਰਿਹਾਅ ਕਰ ਦਿੱਤਾ ਜਾਵੇਗਾ।

ਦੱਸਿਆ ਜਾ ਰਿਹਾ ਹੈ ਕਿ ਜੇਲ੍ਹ ਵਿੱਚ ਉਨ੍ਹਾਂ ਦਾ ਆਚਰਣ ਚੰਗਾ ਪਾਇਆ ਗਿਆ ਅਤੇ ਇਨ੍ਹਾਂ ਸਾਰਿਆਂ ਨੇ ਜੇਲ੍ਹ ਵਿੱਚ ਰਹਿਣ ਦੌਰਾਨ ਵੱਖ-ਵੱਖ ਡਿਗਰੀਆਂ ਹਾਸਲ ਕੀਤੀਆਂ ਸਨ।18 ਮਈ, 2022 ਨੂੰ ਸੁਪਰੀਮ ਕੋਰਟ ਨੇ ਸੰਵਿਧਾਨ ਦੀ ਧਾਰਾ 142 ਦੀ ਵਰਤੋਂ ਕਰਦੇ ਹੋਏ, ਪੇਰਾਰੀਵਲਨ ਨੂੰ ਰਿਹਾਅ ਕਰ ਦਿੱਤਾ, ਜਿਸ ਨੇ ਰਾਜੀਵ ਗਾਂਧੀ ਕਤਲ ਕੇਸ ਵਿੱਚ 30 ਸਾਲ ਤੋਂ ਵੱਧ ਦੀ ਸਜ਼ਾ ਕੱਟੀ ਸੀ।

ਕਾਂਗਰਸ ਦੇ ਜਨਰਲ ਸਕੱਤਰ ਕਮਿਊਨੀਕੇਸ਼ਨਜ਼ ਜੈਰਾਮ ਰਮੇਸ਼ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬਾਕੀ ਕਾਤਲਾਂ ਨੂੰ ਰਿਹਾਅ ਕਰਨ ਦਾ ਸੁਪਰੀਮ ਕੋਰਟ ਦਾ ਫੈਸਲਾ ਅਸਵੀਕਾਰਨਯੋਗ ਅਤੇ ਪੂਰੀ ਤਰ੍ਹਾਂ ਗਲਤ ਹੈ। ਕਾਂਗਰਸ ਇਸ ਦੀ ਆਲੋਚਨਾ ਕਰਦੀ ਹੈ ਅਤੇ ਇਸ ਨੂੰ ਪੂਰੀ ਤਰ੍ਹਾਂ ਮੁਆਫ਼ ਕਰਨ ਯੋਗ ਨਹੀਂ ਮੰਨਦੀ ਹੈ। ਇਹ ਮੰਦਭਾਗਾ ਹੈ ਕਿ ਸੁਪਰੀਮ ਕੋਰਟ ਨੇ ਭਾਰਤ ਦੀ ਭਾਵਨਾ ਅਨੁਸਾਰ ਕੰਮ ਨਹੀਂ ਕੀਤਾ।

ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ 21 ਮਈ 1991 ਨੂੰ ਤਾਮਿਲਨਾਡੂ ਵਿੱਚ ਇੱਕ ਚੋਣ ਰੈਲੀ ਦੌਰਾਨ ਕਤਲ ਹੋਇਆ ਸੀ। ਕਤਲ ਕੇਸ ਵਿੱਚ ਪੇਰਾਰੀਵਲਨ ਸਮੇਤ ਸੱਤ ਲੋਕਾਂ ਨੂੰ ਦੋਸ਼ੀ ਪਾਇਆ ਗਿਆ ਸੀ। ਪੇਰਾਰੀਵਲਨ ਨੂੰ ਟਾਡਾ ਅਦਾਲਤ ਅਤੇ ਸੁਪਰੀਮ ਕੋਰਟ ਨੇ ਮੌਤ ਦੀ ਸਜ਼ਾ ਸੁਣਾਈ ਸੀ।