ਚੰਡੀਗ੍ਹੜ 21 ਅਕਤੂਬਰ 2022: ਸੁਪਰੀਮ ਕੋਰਟ (Supreme Court) ਨੇ ਨਫ਼ਰਤ ਭਰੇ ਭਾਸ਼ਣ ਨੂੰ ਲੈ ਕੇ ਸਖ਼ਤ ਰੁਖ਼ ਅਪਣਾਇਆ ਹੈ। ਸੁਪਰੀਮ ਕੋਰਟ ਨੇ ਨਫ਼ਰਤ ਭਰੇ ਭਾਸ਼ਣ ਦੇਣ ਵਾਲਿਆਂ ਖ਼ਿਲਾਫ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਦੇਸ਼ ‘ਚ ਨਫਰਤ ਫੈਲਾਉਣ ਵਾਲੀਆਂ ਘਟਨਾਵਾਂ ‘ਤੇ ਚਿੰਤਾ ਪ੍ਰਗਟਾਈ ਹੈ। ਅਦਾਲਤ ਨੇ ਕਿਹਾ ਕਿ ਅਸੀਂ ਧਰਮ ਦੇ ਨਾਂ ‘ਤੇ ਕਿੱਥੇ ਪਹੁੰਚ ਗਏ ਹਾਂ। ਅਜਿਹੇ ਬਿਆਨ ਪਰੇਸ਼ਾਨ ਕਰਨ ਵਾਲੇ ਹਨ, ਖਾਸ ਤੌਰ ‘ਤੇ ਉਸ ਦੇਸ਼ ਲਈ ਜੋ ਲੋਕਤੰਤਰੀ ਅਤੇ ਧਰਮ-ਨਿਰਪੱਖ ਹੈ।
ਸੁਪਰੀਮ ਕੋਰਟ ਭਾਰਤ ਵਿੱਚ ਮੁਸਲਿਮ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਅਤੇ ਉਨ੍ਹਾਂ ਨੂੰ ਦਹਿਸ਼ਤਜ਼ਦਾ ਬਣਾਉਣ ਦੇ ਕਥਿਤ ਵਧ ਰਹੇ ਖ਼ਤਰੇ ਨੂੰ ਰੋਕਣ ਲਈ ਤੁਰੰਤ ਦਖਲ ਦੇਣ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਕਿੱਟ ਜਾ ਰਹੀ ਸੀ। ਸੁਪਰੀਮ ਕੋਰਟ ਨੇ ਦਿੱਲੀ, ਯੂਪੀ ਅਤੇ ਉੱਤਰਾਖੰਡ ਪੁਲਿਸ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਅਜਿਹੇ ਅਪਰਾਧਾਂ ਵਿਰੁੱਧ ਕੀਤੀ ਗਈ ਕਾਰਵਾਈ ਦੀ ਰਿਪੋਰਟ ਦਾਇਰ ਕਰਨ ਲਈ ਕਿਹਾ ਹੈ।
ਸੁਪਰੀਮ ਕੋਰਟ ਨੇ ਰਾਜ ਸਰਕਾਰਾਂ ਅਤੇ ਪੁਲਿਸ ਅਧਿਕਾਰੀਆਂ ਨੂੰ ਰਸਮੀ ਸ਼ਿਕਾਇਤ ਦਾ ਇੰਤਜ਼ਾਰ ਕੀਤੇ ਬਿਨਾਂ ਨਫ਼ਰਤ ਭਰੇ ਭਾਸ਼ਣ ਦੇ ਮਾਮਲਿਆਂ ਦਾ ਖੁਦ ਨੋਟਿਸ ਲੈਣ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਕਾਰਵਾਈ ਕਰਨ ਵਿੱਚ ਅਸਫਲਤਾ ਗਲਤੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਅਦਾਲਤ ਦੀ ਮਾਣਹਾਨੀ ਦੇ ਬਰਾਬਰ ਹੋਵੇਗੀ। ਸੁਪਰੀਮ ਕੋਰਟ ਨੇ ਕਿਹਾ ਕਿ ਧਰਮ ਦੀ ਪਰਵਾਹ ਕੀਤੇ ਬਿਨਾਂ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਦੇਸ਼ ਵਿੱਚ ਨਫ਼ਰਤ ਦਾ ਮਾਹੌਲ ਹਾਵੀ ਹੋ ਗਿਆ ਹੈ। ਅਜਿਹੇ ਬਿਆਨ ਪ੍ਰੇਸ਼ਾਨ ਕਰਨ ਵਾਲੇ ਹਨ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।