ਚੰਡੀਗੜ੍ਹ, 2 ਅਗਸਤ 2023: ਸੁਪਰੀਮ ਕੋਰਟ (Supreme Court) ਨੇ ਵਿਸ਼ਵ ਹਿੰਦੂ ਪ੍ਰੀਸ਼ਦ ਦੀਆਂ ਰੈਲੀਆਂ ‘ਤੇ ਰੋਕ ਲਗਾਉਣ ਤੋਂ ਨਾਂਹ ਕਰ ਦਿੱਤੀ ਹੈ। ਦੱਸ ਦਈਏ ਕਿ ਹਰਿਆਣਾ ਦੇ ਨੂਹ ‘ਚ ਹੋਈ ਹਿੰਸਾ ਦੇ ਵਿਰੋਧ ‘ਚ ਵਿਸ਼ਵ ਹਿੰਦੂ ਪ੍ਰੀਸ਼ਦ (VHP) ਵੱਲੋਂ ਅੱਜ ਦਿੱਲੀ ‘ਚ ਵੱਖ-ਵੱਖ ਥਾਵਾਂ ‘ਤੇ ਪ੍ਰਦਰਸ਼ਨ ਅਤੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਰੈਲੀਆਂ ‘ਤੇ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ।
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਐਸਵੀਐਨ ਭੱਟੀ ਦੀ ਬੈਂਚ ਨੇ ਪਟੀਸ਼ਨ ‘ਤੇ ਸੁਣਵਾਈ ਕੀਤੀ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਉੱਤਰ ਪ੍ਰਦੇਸ਼, ਹਰਿਆਣਾ ਅਤੇ ਦਿੱਲੀ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਹੁਣ ਇਸ ਮਾਮਲੇ ‘ਤੇ 4 ਅਗਸਤ ਨੂੰ ਮੁੜ ਸੁਣਵਾਈ ਕਰੇਗੀ।
ਜਿਕਰਯੋਗ ਹੈ ਕਿ ਸੀਨੀਅਰ ਵਕੀਲ ਸੀਯੂ ਸਿੰਘ ਨੇ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਦਿੱਲੀ ‘ਚ 23 ਥਾਵਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਪਟੀਸ਼ਨ ‘ਚ ਮਾਮਲੇ ‘ਤੇ ਛੇਤੀ ਸੁਣਵਾਈ ਦੀ ਮੰਗ ਕੀਤੀ ਗਈ ਸੀ। ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ (Supreme Court) ਨੇ ਪ੍ਰਦਰਸ਼ਨਾਂ ‘ਤੇ ਪਾਬੰਦੀ ਲਗਾਉਣ ਤੋਂ ਇਨਕਾਰ ਕਰ ਦਿੱਤਾ ਪਰ ਕਿਹਾ ਕਿ ਪ੍ਰਦਰਸ਼ਨਾਂ ਦੌਰਾਨ ਭੜਕਾਊ ਬਿਆਨ ਜਾਂ ਕੋਈ ਹਿੰਸਾ ਨਹੀਂ ਹੋਣੀ ਚਾਹੀਦੀ। ਅਦਾਲਤ ਨੇ ਸੀਸੀਟੀਵੀ ਕੈਮਰਿਆਂ ਨਾਲ ਪ੍ਰਦਰਸ਼ਨਾਂ ਦੀ ਨਿਗਰਾਨੀ ਅਤੇ ਵੀਡੀਓਗ੍ਰਾਫੀ ਕਰਨ ਦੇ ਨਿਰਦੇਸ਼ ਦਿੱਤੇ ਅਤੇ ਲੋੜ ਪੈਣ ‘ਤੇ ਵਾਧੂ ਸੁਰੱਖਿਆ ਬਲ ਤਾਇਨਾਤ ਕਰਨ ਦੇ ਵੀ ਨਿਰਦੇਸ਼ ਦਿੱਤੇ।