ਚੰਡੀਗੜ੍ਹ, 24 ਫਰਵਰੀ 2023: ਉਦਯੋਗਪਤੀ ਗੌਤਮ ਅਡਾਨੀ ਦੇ ਮਾਮਲੇ ‘ਚ ਸੁਪਰੀਮ ਕੋਰਟ (Supreme Court) ਨੇ ਸ਼ੁੱਕਰਵਾਰ ਨੂੰ ਵੱਡੀ ਟਿੱਪਣੀ ਕੀਤੀ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ ਮੀਡੀਆ ਰਿਪੋਰਟਿੰਗ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ । ਅਦਾਲਤ ਦੇ ਅੰਤਿਮ ਹੁਕਮਾਂ ਤੱਕ ਮੀਡੀਆ ਨੂੰ ਅਡਾਨੀ-ਹਿੰਡਨਬਰਗ ਮਾਮਲੇ ‘ਤੇ ਰਿਪੋਰਟਿੰਗ ਕਰਨ ਤੋਂ ਰੋਕਣ ਦੀ ਮੰਗ ਵਾਲੀ ਪਟੀਸ਼ਨ ਨੂੰ ਵੀ ਖਾਰਜ ਕਰ ਦਿੱਤਾ ਹੈ ।
ਇਸ ਮਾਮਲੇ ਦੀ ਸੁਣਵਾਈ ਕਰਦਿਆਂ ਚੀਫ਼ ਜਸਟਿਸ ਜਸਟਿਸ ਡੀ.ਵਾਈ ਚੰਦਰਚੂੜ, ਜਸਟਿਸ ਪੀਐਸ ਨਰਸਿਮ੍ਹਾ ਅਤੇ ਜੇਬੀ ਪਾਰਦੀਵਾਲਾ ਦੀ ਬੈਂਚ ਨੇ ਕਿਹਾ, “ਅਸੀਂ ਮੀਡੀਆ ਨੂੰ ਕੋਈ ਹੁਕਮ ਜਾਰੀ ਨਹੀਂ ਕਰਨ ਜਾ ਰਹੇ ਹਾਂ।” ਇਸ ਤੋਂ ਪਹਿਲਾਂ 17 ਫਰਵਰੀ ਨੂੰ ਸੁਪਰੀਮ ਕੋਰਟ ਨੇ ਸਟਾਕ ਮਾਰਕੀਟ ਲਈ ਰੈਗੂਲੇਟਰੀ ਉਪਾਵਾਂ ਨੂੰ ਮਜ਼ਬੂਤ ਕਰਨ ਲਈ ਮਾਹਿਰਾਂ ਦੇ ਪ੍ਰਸਤਾਵਿਤ ਪੈਨਲ ‘ਤੇ ਕੇਂਦਰ ਦੇ ਸੁਝਾਅ ਨੂੰ ਸੀਲਬੰਦ ਕਵਰ ‘ਚ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ।
ਸੁਪਰੀਮ ਕੋਰਟ (Supreme Court) ਨੇ ਕਿਹਾ ਸੀ ਕਿ ਉਹ ਨਿਵੇਸ਼ਕਾਂ ਦੇ ਹਿੱਤ ਵਿੱਚ ਪੂਰੀ ਪਾਰਦਰਸ਼ਤਾ ਬਣਾਈ ਰੱਖਣਾ ਚਾਹੁੰਦੀ ਹੈ। ਇਸ ਲਈ ਕੇਂਦਰ ਦੇ ਸੁਝਾਅ ਨੂੰ ਸੀਲਬੰਦ ਲਿਫਾਫੇ ਵਿੱਚ ਸਵੀਕਾਰ ਨਹੀਂ ਕਰੇਗਾ। ਬੈਂਚ ਨੇ ਕਿਹਾ ਸੀ, “ਅਸੀਂ ਤੁਹਾਡੇ ਸੀਲਬੰਦ ਕਵਰ ਵਿੱਚ ਦਿੱਤੇ ਸੁਝਾਅ ਨੂੰ ਸਵੀਕਾਰ ਨਹੀਂ ਕਰਾਂਗੇ ਕਿਉਂਕਿ ਅਸੀਂ ਪੂਰੀ ਪਾਰਦਰਸ਼ਤਾ ਬਣਾਈ ਰੱਖਣਾ ਚਾਹੁੰਦੇ ਹਾਂ।”
ਸੁਪਰੀਮ ਕੋਰਟ ਨੇ ਹਿੰਡਨਬਰਗ ਰਿਸਰਚ ਦੀ ਰਿਪੋਰਟ ਤੋਂ ਬਾਅਦ ਅਡਾਨੀ ਸਮੂਹ ਦੇ ਸ਼ੇਅਰਾਂ ‘ਚ ਗਿਰਾਵਟ ਨੂੰ ਲੈ ਕੇ ਦਾਇਰ ਜਨਹਿਤ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਮਾਮਲੇ ਦੀ ਸੁਣਵਾਈ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਨੇ ਕੀਤੀ।