ਚੰਡੀਗੜ੍ਹ, 12 ਨਵੰਬਰ 2024: ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ (Bharat Inder Chahal) ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਵੱਡੀ ਰਾਹਤ ਦਿੱਤੀ ਹੈ | ਸੁਪਰੀਮ ਕੋਰਟ ਨੇ ਭਰਤ ਇੰਦਰ ਚਾਹਲ ਦੀ ਇਸ ਮਾਮਲੇ ‘ਚ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ।
ਇਸਦੇ ਨਾਲ ਹੀ ਸੁਪਰੀਮ ਕੋਰਟ ਨੇ ਮਾਮਲੇ ਦੀ ਜਾਂਚ ‘ਚ ਸਹਿਯੋਗ ਕਰਨ ਲਈ ਕਿਹਾ ਗਿਆ ਹੈ | ਸੁਪਰੀਮ ਕੋਰਟ ਦੇ ਹੁਕਮ ਮੁਤਾਬਕ ਪਟੀਸ਼ਨਕਰਤਾ ਦੇ ਖ਼ਿਲਾਫ ਦੰਡਕਾਰੀ ਕਾਰਵਾਈ ਨਹੀਂ ਕੀਤੀ ਜਾਣੀ ਚਾਹੀਦੀ। ਇਸਦੇ ਨਾਲ ਹੀ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ | ਜਿਕਰਯੋਗ ਹੈ ਕਿ ਪਟਿਆਲਾ ਅਦਾਲਤ ਨੇ ਭਰਤ ਇੰਦਰ ਚਾਹਲ (Bharat Inder Chahal) ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਸਨ।
ਵਿਜੀਲੈਂਸ ਬਿਊਰੋ ਮੁਤਾਬਕ ਮਾਰਚ 2017 ਤੋਂ ਸਤੰਬਰ 2021 ਤੱਕ ਭਰਤ ਇੰਦਰ ਸਿੰਘ ਚਾਹਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਆਮਦਨ 7,85,16,905 ਰੁਪਏ ਸੀ। ਜਦਕਿ 31,79,89,011 ਰੁਪਏ ਖਰਚ ਕੀਤੇ ਗਏ, ਜੋ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਲਗਭਗ 305 ਫੀਸਦੀ ਵੱਧ ਹੈ। ਦੋਸ਼ ਲੱਗੇ ਹਨ ਕਿ ਭਰਤ ਇੰਦਰ ਸਿੰਘ ਚਾਹਲ ਨੇ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ‘ਤੇ ਕਈ ਜਾਇਦਾਦਾਂ ਬਣਾਈਆਂ।
ਦੂਜੇ ਪਾਸੇ ਭਰਤ ਇੰਦਰ ਸਿੰਘ ਚਾਹਲ (Bharat Inder Chahal) ਦੇ ਵਕੀਲ ਦਾ ਕਹਿਣਾ ਹੈ ਕਿ ਉਹ ਜਾਂਚ ‘ਚ ਸਹਿਯੋਗ ਕਰਨ ਲਈ ਤਿਆਰ ਹਨ | ਉਨ੍ਹਾਂ ਦੱਸਿਆ ਕਿ ਭਰਤ ਇੰਦਰ ਚਾਹਲ ਦੀ ਉਮਰ 76 ਸਾਲ ਹੈ ਅਤੇ ਕਈਂ ਬਿਮਾਰੀਆਂ ਤੋਂ ਪੀੜਤ ਹਨ |
ਜਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 4 ਅਕਤੂਬਰ ਨੂੰ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਇਸ ਦੌਰਾਨ ਹਾਈ ਕੋਰਟ ਨੇ ਕਿਹਾ ਸੀ ਕਿ ਆਰਥਿਕ ਅਪਰਾਧਾਂ ‘ਚ ਅਦਾਲਤ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਪਹਿਲਾਂ ਜਲਦਬਾਜ਼ੀ ਨਹੀਂ ਕਰਨੀ ਚਾਹੀਦੀ, ਕਿਉਂਕਿ ਇਸ ਨਾਲ ਸੂਬੇ ਦੀ ਆਰਥਿਕਤਾ ਨੂੰ ਗੰਭੀਰ ਨੁਕਸਾਨ ਹੋ ਸਕਦਾ ਹੈ ਅਤੇ ਜਨਤਾ ਦੇ ਵਿਸ਼ਵਾਸ ‘ਤੇ ਮਾੜਾ ਅਸਰ ਪੈ ਸਕਦਾ ਹੈ।
ਇਸ ਦੌਰਾਨ ਜਸਟਿਸ ਸਿੰਧੂ ਨੇ ਸਪੱਸ਼ਟ ਕੀਤਾ ਸੀ ਕਿ ਭਰਤ ਇੰਦਰ ਚਾਹਲ ‘ਤੇ ਲੱਗੇ ਦੋਸ਼ ਬਹੁਤ ਗੰਭੀਰ ਹਨ, ਇਸ ਲਈ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਜ਼ਰੂਰੀ ਹੈ ਅਤੇ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦੇਣ ਨਾਲ ਜਾਂਚ ‘ਚ ਰੁਕਾਵਟ ਆ ਸਕਦੀ ਹੈ।