ਚੰਡੀਗੜ੍ਹ, 11 ਜੁਲਾਈ 2023: ਜੰਮੂ-ਕਸ਼ਮੀਰ ਵਿੱਚ ਧਾਰਾ 370 (Article 370) ਨੂੰ ਹਟਾਉਣ ਨੂੰ ਲੈ ਕੇ ਸੁਪਰੀਮ ਕੋਰਟ ‘ਚ ਕਰੀਬ 23 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਇਸ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਨੇ ਸੁਣਵਾਈ ਕਰਦਿਆਂ ਸਾਰੀਆਂ ਧਿਰਾਂ ਨੂੰ 27 ਜੁਲਾਈ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ, ਜਿਸ ਤੋਂ ਬਾਅਦ ਕੋਈ ਬਦਲਾਅ ਨਹੀਂ ਹੋਣ ਦਿੱਤਾ ਜਾਵੇਗਾ। ਇਸ ਤੋਂ ਬਾਅਦ ਅਗਲੀ ਸੁਣਵਾਈ 2 ਅਗਸਤ ਨੂੰ ਹੋਵੇਗੀ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਸੁਣਵਾਈ ਦੌਰਾਨ ਕੇਂਦਰ ਦੇ ਤਾਜ਼ਾ ਹਲਫਨਾਮੇ ‘ਤੇ ਵਿਚਾਰ ਕਰਨ ਤੋਂ ਵੀ ਇਨਕਾਰ ਕਰ ਦਿੱਤਾ।
ਚੀਫ਼ ਜਸਟਿਸ ਡੀ.ਵਾਈ ਚੰਦਰਚੂੜ ਦੀ ਅਗਵਾਈ ਵਾਲੀ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਦਾ ਕਹਿਣਾ ਹੈ ਕਿ ਪਟੀਸ਼ਨਾਂ ਦੀ ਸੁਣਵਾਈ ਸੋਮਵਾਰ ਅਤੇ ਸ਼ੁੱਕਰਵਾਰ ਨੂੰ ਛੱਡ ਕੇ ਰੋਜ਼ਾਨਾ ਆਧਾਰ ‘ਤੇ ਹੋਵੇਗੀ। ਇਸ ਦੇ ਨਾਲ ਹੀ ਅਦਾਲਤ ਨੇ ਸੁਣਵਾਈ ਦੀ ਸਹੂਲਤ ਲਈ ਦੋ ਵਕੀਲਾਂ ਨੂੰ ਨੋਡਲ ਵਕੀਲ ਵਜੋਂ ਨਿਯੁਕਤ ਕੀਤਾ ਹੈ।
ਦੂਜੇ ਪਾਸੇ, ਆਈਏਐਸ ਅਧਿਕਾਰੀ ਸ਼ਾਹ ਫੈਸਲ ਅਤੇ ਕਾਰਕੁਨ ਸ਼ੇਹਲਾ ਰਸ਼ੀਦ ਨੇ ਧਾਰਾ 370 (Article 370) ਨੂੰ ਰੱਦ ਕਰਨ ਵਿਰੁੱਧ ਆਪਣੀਆਂ ਪਟੀਸ਼ਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਕੇਸ ਤੋਂ ਪਿੱਛੇ ਹਟਣਾ ਚਾਹੁੰਦਾ ਹੈ। ਅਦਾਲਤ ਨੇ ਪਟੀਸ਼ਨਰ ਵਜੋਂ ਉਸ ਦਾ ਨਾਂ ਹਟਾਉਣ ਦੀ ਬੇਨਤੀ ਨੂੰ ਸਵੀਕਾਰ ਕਰ ਲਿਆ ਹੈ।