Site icon TheUnmute.com

27 ਅਗਸਤ ਨੂੰ ਪਟਿਆਲਾ ਪੁੱਜੇਗੀ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਮਸ਼ਾਲ

ਖੇਡਾਂ

ਪਟਿਆਲਾ, 24 ਅਗਸਤ 2023: ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨਾਲ ਉਲੰਪਿਕ ਐਸੋਸੀਏਸ਼ਨ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਵੱਲੋਂ ਬੈਠਕ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ‘ ਜੋ 29 ਅਗਸਤ ਤੋਂ ਸ਼ੁਰੂ ਹੋ ਰਹੀਆਂ ਹਨ ਉਨ੍ਹਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵੱਲੋਂ ਪੂਰੇ ਪੰਜਾਬ ਭਰ ਵਿੱਚ ਮਸ਼ਾਲ ਮਾਰਚ ਕੱਢਿਆ ਜਾ ਰਿਹਾ ਹੈ। ਪਟਿਆਲਾ ਵਿਖੇ ਇਹ ਮਸ਼ਾਲ ਮਾਰਚ 27 ਅਗਸਤ ਨੂੰ ਮਲੇਰਕੋਟਲਾ ਤੋਂ ਪਟਿਆਲਾ ਤੱਕ ਕੱਢਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਹ ਮਸ਼ਾਲ ਮਾਰਚ ਮਲੇਰਕੋਟਲਾ ਤੋਂ ਨਾਭਾ ਹੁੰਦੇ ਹੋਏ ਸਿਵਲ ਲਾਈਨ ਪਟਿਆਲਾ, 22 ਨੰਬਰ ਫਾਟਕ, ਲੀਲਾ ਭਵਨ, ਫ਼ੁਹਾਰਾ ਚੌਂਕ ਤੋਂ ਹੁੰਦੇ ਹੋਏ ਪੋਲੋ ਗਰਾਊਂਡ ਵਿਖੇ ਪੁੱਜੇਗਾ। ਪੋਲੋ ਗਰਾਊਂਡ ਵਿਖੇ ਇਸ ਮਸ਼ਾਲ ਮਾਰਚ ਦੇ ਸਨਮਾਨ ਲਈ ਜ਼ਿਲ੍ਹੇ ਦੇ ਸਮੂਹ ਐਮ.ਐਲ.ਏ ਸਾਹਿਬਾਨ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ, ਉੱਘੇ ਖਿਡਾਰੀ, ਖੇਡ ਪ੍ਰੇਮੀ ਅਤੇ ਆਮ ਲੋਕ ਇਸ ਮਸ਼ਾਲ ਮਾਰਚ ਵਿੱਚ ਹਾਜ਼ਰੀ ਲਗਾਉਣਗੇ।

ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਦੇ ਜਰਨਲ ਸਕੱਤਰ ਤੇ ਮਹਾਰਾਜਾ ਰਣਜੀਤ ਸਿੰਘ ਅਵਾਰਡੀ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਪਟਿਆਲਾ ਅਹਿਮ ਰੋਲ ਨਿਭਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਪਟਿਆਲਾ ਦੇ ਪ੍ਰਧਾਨ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਨਾਲ ਸਾਰੀਆਂ ਖੇਡ ਐਸੋਸੀਏਸ਼ਨਾਂ, ਖੇਡ ਕਲੱਬਾਂ, ਖਿਡਾਰੀਆਂ ਅਤੇ ਆਮ ਲੋਕਾਂ ਨਾਲ ਤਾਲ ਮੇਲ ਕਰਕੇ ਮਸ਼ਾਲ ਮਾਰਚ ਦੇ ਪ੍ਰੋਗਰਾਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਡਾਂ ਨੂੰ ਮੁੜ ਸੁਰਜੀਤ ਕਰਨਾ ਬਹੁਤ ਜ਼ਰੂਰੀ ਹੈ ਅਤੇ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਵਿੱਚ ਆਮ ਲੋਕਾਂ ਤੇ ਖਿਡਾਰੀਆਂ ਦਾ ਯੋਗਦਾਨ ਬਹੁਤ ਅਹਿਮ ਹੈ। ਉਨ੍ਹਾਂ ਨੇ ਪਟਿਆਲਾ ਵਾਸੀਆਂ ਨੂੰ ਇਸ ਮਸ਼ਾਲ ਮਾਰਚ ਵਿੱਚ ਵੱਧ ਤੋਂ ਵੱਧ ਸ਼ਾਮਲ ਹੋਣ ਲਈ ਅਪੀਲ ਕੀਤੀ।

Exit mobile version