ਚੰਡੀਗੜ੍ਹ, 26 ਅਪ੍ਰੈਲ 2023: ਅਤੀਕ ਅਹਿਮਦ (Atiq Ahmed) ਅਤੇ ਉਸ ਦੇ ਭਰਾ ਅਸ਼ਰਫ ਦੀ ਪੁਲਿਸ ਦੀ ਮੌਜੂਦਗੀ ‘ਚ ਹੋਏ ਕਤਲ ਨੂੰ ਲੈ ਕੇ ਸੁਪਰੀਮ ਕੋਰਟ ‘ਚ ਪਹਿਲਾਂ ਹੀ ਪਟੀਸ਼ਨਾਂ ਦਾਇਰ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਵਿੱਚ ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਸਾਬਕਾ ਜੱਜ ਦੀ ਪ੍ਰਧਾਨਗੀ ਹੇਠ ਕਮੇਟੀ ਬਣਾਉਣ ਦੀ ਮੰਗ ਕੀਤੀ ਗਈ ਹੈ। ਹੁਣ ਯੂਪੀ ਸਰਕਾਰ ਨੇ ਇਸ ਮਾਮਲੇ ਵਿੱਚ ਕੈਵੀਏਟ ਦਾਇਰ ਕੀਤਾ ਹੈ। ਯੋਗੀ ਸਰਕਾਰ ਨੇ ਇਸ ਕੈਵੀਏਟ ਰਾਹੀਂ ਮੰਗ ਕੀਤੀ ਹੈ ਕਿ ਉਸ ਦਾ ਪੱਖ ਸੁਣੇ ਬਿਨਾਂ ਇਸ ਮਾਮਲੇ ਵਿੱਚ ਕੋਈ ਹੁਕਮ ਨਾ ਦਿੱਤਾ ਜਾਵੇ।
ਜ਼ਿਕਰਯੋਗ ਹੈ ਕਿ ਅਤੀਕ ਅਹਿਮਦ (Atiq Ahmed) ਅਤੇ ਅਸ਼ਰਫ ਦੇ ਕਤਲ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਸਾਬਕਾ ਜੱਜ ਦੀ ਪ੍ਰਧਾਨਗੀ ‘ਚ ਇਕ ਕਮੇਟੀ ਦੇ ਗਠਨ ਦੀ ਸੁਪਰੀਮ ਕੋਰਟ ‘ਚ ਮੰਗ ਕੀਤੀ ਗਈ ਸੀ। ਅਦਾਲਤ ਨੇ ਇਸ ਮਾਮਲੇ ਨੂੰ 28 ਅਪ੍ਰੈਲ ਤੱਕ ਸੂਚੀਬੱਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਪਟੀਸ਼ਨ ਐਡਵੋਕੇਟ ਵਿਸ਼ਾਲ ਤਿਵਾਰੀ ਦੁਆਰਾ ਦਾਇਰ ਕੀਤੀ ਗਈ ਹੈ, ਜਿਸ ਨੇ ਯੂਪੀ ਵਿੱਚ 2017 ਤੋਂ ਹੁਣ ਤੱਕ 183 ਮੁਕਾਬਲਿਆਂ ਦੀ ਜਾਂਚ ਦੀ ਮੰਗ ਕੀਤੀ ਹੈ। ਤਿਵਾਰੀ ਨੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਪੀਐਸ ਨਰਸਿਮਹਾ ਦੀ ਬੈਂਚ ਅੱਗੇ ਮਾਮਲੇ ਦੀ ਤੁਰੰਤ ਸੁਣਵਾਈ ਦੀ ਮੰਗ ਕੀਤੀ। ਹਾਲਾਂਕਿ ਅਦਾਲਤ ਨੇ ਇਸ ਮਾਮਲੇ ਨੂੰ 28 ਅਪ੍ਰੈਲ ਨੂੰ ਸੂਚੀਬੱਧ ਕਰਨ ਦੇ ਨਿਰਦੇਸ਼ ਦਿੱਤੇ ਹਨ।