Site icon TheUnmute.com

ਪੀੜਤ ਔਰਤ ਨੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਕੀਤੀ ਮੁਲਾਕਾਤ, ਕਿਹਾ ਏਆਈਜੀ ਕਪੂਰ ਨੇ ਜ਼ਬਰਦਸਤੀ ਸੰਬੰਧ ਬਣਾਏ

Governor Banwarilal Purohit

ਚੰਡੀਗੜ੍ਹ 30 ਦਸੰਬਰ 2022: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸ਼ੁੱਕਰਵਾਰ ਨੂੰ ਪੀੜਤ ਔਰਤ ਨਾਲ ਮੁਲਾਕਾਤ ਕੀਤੀ, ਜਿਸ ਨੇ ਪੰਜਾਬ ਦੇ ਏਆਈਜੀ ਆਸ਼ੀਸ਼ ਕਪੂਰ ‘ਤੇ ਪੁਲਿਸ ਹਿਰਾਸਤ ‘ਚ ਉਸ ਨਾਲ ਬਲਾਤਕਾਰ ਕਰਨ ਦਾ ਦੋਸ਼ ਲਗਾਇਆ ਹੈ। ਪੀੜਤਾ ਨੇ ਦੱਸਿਆ ਕਿ ਆਸ਼ੀਸ਼ ਕਪੂਰ ਨੇ ਪਹਿਲਾਂ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਇਸ ਤੋਂ ਬਾਅਦ ਵੀ ਦੋਵਾਂ ਵਿਚਾਲੇ ਰਿਸ਼ਤਾ ਰਿਹਾ ਪਰ ਜਦੋਂ ਉਹ ਗਰਭਵਤੀ ਹੋ ਗਈ ਤਾਂ ਕਪੂਰ ਨੇ ਉਸ ਦਾ ਗਰਭਪਾਤ ਕਰਵਾ ਦਿੱਤਾ।

ਉਸ ਨੇ ਦੱਸਿਆ ਕਿ ਏਆਈਜੀ ਆਸ਼ੀਸ਼ ਕਪੂਰ ਨੇ ਵੀ ਆਪਣੇ ਘਰ 10 ਕਰੋੜ ਰੁਪਏ ਰੱਖੇ ਹੋਏ ਸਨ। ਪੀੜਤ ਨੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਦੀ ਪੁਰਾਣੀ ਟੀਮ ਤੋਂ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ, ਤਾਂ ਜੋ ਸੱਚਾਈ ਸਾਹਮਣੇ ਆ ਸਕੇ।

ਪੀੜਤ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 5 ਸਾਲਾਂ ਵਿੱਚ ਸਿਰਫ਼ ਇੱਕ ਕੇਸ ਦਰਜ ਕੀਤਾ ਹੈ। ਪਰ ਇਸ ਮਾਮਲੇ ਵਿੱਚ ਵੀ ਬਣਦੀ ਕਾਰਵਾਈ ਨਹੀਂ ਕੀਤੀ ਗਈ। ਪੀੜਤ ਨੇ ਦੱਸਿਆ ਕਿ ਇਨਸਾਫ਼ ਨਾ ਮਿਲਣ ‘ਤੇ ਉਸ ਨੇ ਪੰਜਾਬ ਦੇ ਰਾਜਪਾਲ ਨੂੰ ਈ-ਮੇਲ ਕਰਕੇ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਰਾਜਪਾਲ ਨੇ ਉਨ੍ਹਾਂ ਨੂੰ ਮੁਲਾਕਾਤ ਦਾ ਸਮਾਂ ਦਿੱਤਾ।

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇੱਕ ਕਰੋੜ ਦੀ ਰਿਸ਼ਵਤ ਲੈਣ ਦੇ ਨਾਲ-ਨਾਲ ਪੁਲਿਸ ਹਿਰਾਸਤ ਵਿੱਚ ਬਲਾਤਕਾਰ ਅਤੇ ਧੋਖਾਧੜੀ ਦੇ ਮਾਮਲੇ ਵਿੱਚ ਆਸ਼ੀਸ਼ ਕਪੂਰ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਉਣ ਵਾਲੀ ਔਰਤ ਨੂੰ ਸੁਣਵਾਈ ਲਈ ਬੁਲਾਇਆ ਗਿਆ ਸੀ । ਅੱਜ 11 ਵਜੇ ਰਾਜਪਾਲ ਨੇ ਉਸ ਔਰਤ ਨੂੰ ਸਮਾਂ ਦਿੱਤਾ ਗਿਆ, ਪੰਜਾਬ ਦੇ ਰਾਜਪਾਲ ਇਸ ਮਾਮਲੇ ਨੂੰ ਲਗਾਤਾਰ ਗੰਭੀਰਤਾ ਨਾਲ ਲੈ ਰਹੇ ਹਨ।

ਗੌਰਤਲਬ ਹੈ ਕਿ ਰਾਜਪਾਲ ਨੇ ਇਸ ਮਾਮਲੇ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖ ਕੇ ਪੁੱਛਿਆ ਸੀ ਕਿ ਕਾਰਵਾਈ ਕਿਉਂ ਨਹੀਂ ਕੀਤੀ ਗਈ। ਜਿਕਰਯੋਗ ਹੈ ਕਿ ਔਰਤ ਦੀ ਸ਼ਿਕਾਇਤ ‘ਤੇ ਆਸ਼ੀਸ਼ ਕਪੂਰ ਨੂੰ ਪਹਿਲਾਂ ਵੀ ਰਿਸ਼ਵਤ ਲੈਣ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਉਹ ਫਿਲਹਾਲ ਜੇਲ ‘ਚ ਬੰਦ ਹੈ। ਆਸ਼ੀਸ਼ ਕਪੂਰ ਪੰਜਾਬ ਵਿਜੀਲੈਂਸ ਵਿੱਚ ਐਸਪੀ ਵਜੋਂ ਕੰਮ ਕਰਦੇ ਹੋਏ ਪੰਜਾਬ ਵਿੱਚ ਕਰੋੜਾਂ ਰੁਪਏ ਦੇ ਸਿੰਚਾਈ ਘੁਟਾਲੇ ਦੇ ਜਾਂਚ ਅਧਿਕਾਰੀ ਵੀ ਰਹਿ ਚੁੱਕੇ ਹਨ।

Exit mobile version