ਚੰਡੀਗੜ੍ਹ, 01 ਮਾਰਚ 2024: ਪੰਜਾਬ ‘ਚ ਕਈ ਥਾਵਾਂ ‘ਤੇ ਅੱਜ ਸਵੇਰ ਤੋਂ ਮੌਸਮ ਦਾ ਮਿਜਾਜ਼ ਬਦਲਦਾ ਨਜ਼ਰ ਆ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ 2-3 ਦਿਨਾਂ ਲਈ ਖ਼ਰਾਬ ਮੌਸਮ ਦਾ ਹਵਾਲਾ ਦਿੰਦੇ ਹੋਏ ਔਰੇਂਜ (orange alert) ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ ਦੇ ਵੱਖ-ਵੱਖ ਹਿੱਸਿਆਂ ਸਮੇਤ ਪੰਜਾਬ ‘ਚ ਐਤਵਾਰ ਤੱਕ ਮੌਸਮ ਖ਼ਰਾਬ ਰਹੇਗਾ, ਜਿਸ ਕਾਰਨ ਹਨੇਰੀ ਦੇ ਨਾਲ-ਨਾਲ ਭਾਰੀ ਮੀਂਹ ਮੁਸੀਬਤ ਦਾ ਕਾਰਨ ਬਣ ਸਕਦਾ ਹੈ। ਦੂਜੇ ਪਾਸੇ ਕਿਸਾਨਾਂ ਦੀ ਖੜ੍ਹੀ ਫਸਲਾਂ ਲਈ ਚਿੰਤਾ ਖੜ੍ਹੀ ਹੋ ਗਈ ਹੈ |
ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ (orange alert) ਜਾਰੀ ਕੀਤਾ ਗਿਆ ਹੈ, ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਿਲਸਿਲੇ ‘ਚ ਤੇਜ਼ ਹਵਾਵਾਂ ਚੱਲਣਗੀਆਂ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਤੂਫਾਨ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਜਾਰੀ ਕੀਤੀ ਗਈ ਹੈ। ਵਿਭਾਗ ਨੇ ਕਿਹਾ ਹੈ ਕਿ 3 ਮਾਰਚ ਤੱਕ ਮੌਸਮ ਖ਼ਰਾਬ ਰਹੇਗਾ।