Site icon TheUnmute.com

ਕੈਟਲ ਸ਼ੈੱਡ ਲਾਲੜੂ ਦਾ ਕੰਮ ਛੇਤੀ ਤੋਂ ਛੇਤੀ ਸ਼ੁਰੂ ਕੀਤਾ ਜਾਵੇ: ਦਮਨਜੀਤ ਸਿੰਘ ਮਾਨ

Cattle Shed Lalru

ਐੱਸ.ਏ.ਐੱਸ. ਨਗਰ, 11 ਅਕਤੂਬਰ 2023: ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਸ਼ਹਿਰੀ ਖੇਤਰਾਂ ਵਿਚ ਵੱਖ-ਵੱਖ ਥਾਈਂ ਚੱਲ ਰਹੇ ਵਿਕਾਸ ਕਾਰਜ ਜਲਦੀ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਨਗਰ ਕੌਸਲਾਂ ਦੇ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰ ਵਿੱਚ ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਯੋਗ ਉਪਰਾਲੇ ਕੀਤੇ ਜਾਣ। ਇਸੇ ਦੇ ਨਾਲ ਨਾਲ ਕੈਟਲ ਸ਼ੈੱਡ, ਲਾਲੜੂ (Cattle Shed Lalru) ਦਾ ਕੰਮ ਜਲਦ ਤੋਂ ਜਲਦ ਸ਼ੁਰੂ ਕੀਤਾ ਜਾਵੇ।

ਵਧੀਕ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਮੋਹਾਲੀ ਵਲੋਂ ਸਵੱਛ ਭਾਰਤ ਮਿਸ਼ਨ (ਸ਼ਹਿਰੀ) ਤਹਿਤ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ। ਉਹਨਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਵੇਸਟ ਵੰਡਰ ਪਾਰਕ, ਮੈਕਨਾਈਜ਼ਡ ਵਾਹਨ ਤੇ ਰਿਕਸ਼ਾ ਰੇਹੜੀਆਂ ਖਰੀਦਣ ਸਬੰਧੀ ਪ੍ਰਕਿਰਿਆ ਤੇਜ਼ ਕਰਨ ਲਈ ਕਿਹਾ।

ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਨਗਰ ਨਿਗਮ ਅਧੀਨ ਘਰ ਘਰ ਜਾ ਕੇ ਕੂੜਾ ਇਕੱਤਰ ਕਰਨ ਦਾ ਕਾਰਜ 100 ਫ਼ੀਸਦ ਹੈ ਤੇ ਗਿੱਲਾ ਤੇ ਸੁੱਕਾ ਕੂੜਾ ਵੱਖੋ ਵੱਖ ਕਰਨ ਦਾ ਕਾਰਜ ਕਰੀਬ 85 ਫ਼ੀਸਦ ਤੋਂ ਵੱਧ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ ਉੱਤੇ ਵੀ ਵੇਸਟ ਵੰਡਰ ਪਾਰਕ ਬਣਾਉਣ ਲਈ ਉਪਰਾਲੇ ਕੀਤੇ ਜਾਣ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਖੋ-ਵੱਖ ਥਾਈਂ ਸੀਵਰੇਜ ਟ੍ਰੀਟਮੈਂਟ ਪਲਾਂਟ (ਐੱਸ.ਟੀ.ਪੀ.) ਲਾਉਣ ਦੀ ਪ੍ਰਕਿਰਿਆ ਜਾਰੀ ਹੈ ਤੇ ਇਨ੍ਹਾਂ ਪ੍ਰੋਜੈਕਟਾਂ ਨੂੰ ਜ਼ਮੀਨੀ ਪੱਧਰ ਉੱਤੇ ਤਿਆਰ ਕਰਵਾਉਣ ਬਾਬਤ ਜੋ ਵੀ ਕਾਰਜ ਲੋੜੀਂਦੇ ਹਨ, ਉਹ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ। ਤੈਅ ਪ੍ਰੋਜੈਕਟਾਂ ਦੀ ਪੂਰਤੀ ਨਾਲ ਨਾ ਕੇਵਲ ਸੀਵਰੇਜ ਦੇ ਪਾਣੀ ਦਾ ਢੁਕਵਾਂ ਪ੍ਰਬੰਧਨ ਹੋਵੇਗਾ ਸਗੋਂ ਹੜ੍ਹਾਂ ਵਰਗੀ ਸਥਿਤੀ ਨੂੰ ਨਜਿੱਠਣ ਵਿਚ ਵੀ ਮਦਦ ਮਿਲੇਗੀ। ਟ੍ਰੀਟ (ਸੋਧਿਆ) ਪਾਣੀ ਵੱਖੋ-ਵੱਖ ਥਾਂ ਤੇ ਸਿੰਜਾਈ ਤੇ ਹੋਰਨਾਂ ਕਾਰਜਾਂ ਲਈ ਵਰਤਿਆ ਜਾਵੇਗਾ। ਉਹਨਾਂ ਕਿਹਾ ਕਿ ਖੂਨੀਮਾਜਰਾ ਦੇ ਐੱਸ. ਟੀ.ਪੀ. ਲਈ ਅਗਲੇ 15 ਦਿਨਾਂ ਵਿਚ ਸਾਈਟ ਪੂਰੀ ਤਰ੍ਹਾਂ ਕਲੀਅਰ ਕੀਤੀ ਜਾਵੇ। ਇਹ ਪ੍ਰੋਜੈਕਟ ਹਰ ਹਾਲ ਨਵੰਬਰ 2024 ਤਕ ਪੂਰਾ ਕੀਤਾ ਜਾਣਾ ਹੈ।

ਦਮਨਜੀਤ ਸਿੰਘ ਮਾਨ ਨੇ ਸਰਫੇਸ ਵਾਟਰ ਸਪਲਾਈ ਸਬੰਧੀ ਪ੍ਰਕਿਰਿਆ ਤੇਜ਼ ਕਰਨ ਦੇ ਆਦੇਸ਼ ਦੇਣ ਦੇ ਨਾਲ ਨਾਲ ਵੇਰਕਾ ਬੂਥ ਪ੍ਰੋਜੈਕਟ ਸਮਾਂਬੱਧ ਢੰਗ ਨਾਲ ਪੂਰਾ ਕਰਨ ਲਈ ਕਿਹਾ। ਇਸ ਸਬੰਧੀ ਸਾਈਟਸ ਵੈਰੀਫਾਈ ਕਰ ਦਿੱਤੀਆਂ ਗਈਆਂ ਹਨ। ਗਮਾਡਾ ਵੱਲੋਂ 15 ਬੂਥ ਅਲਾਟ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਉਹਨਾਂ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ੀਰਕਪੁਰ ਵਿਖੇ ਈ.ਡਬਲਿਊ. ਐੱਸ. ਪ੍ਰੋਜੈਕਟ ਡਿਜ਼ਾਈਨ ਕੀਤਾ ਜਾਵੇ। ਇਸ ਸਬੰਧੀ ਥਾਵਾਂ ਦੀ ਪਛਾਣ ਕੀਤੀ ਜਾਵੇ।

ਵਧੀਕ ਡਿਪਟੀ ਕਮਿਸ਼ਨਰ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਪ੍ਰਦੂਸ਼ਣ ਸਬੰਧੀ ਵੱਧ ਤੋਂ ਵੱਧ ਸੈਂਪਲ ਲੈ ਕੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਐੱਸ.ਟੀ. ਪੀਜ਼ ਅਤੇ ਈ.ਟੀ.ਪੀਜ਼ ਦੇ ਸੈਂਪਲ ਲਗਾਤਾਰ ਲਏ ਜਾਣ । ਐਕਸੀਅਨ ਪੀ.ਪੀ.ਸੀ. ਬੀ. ਨੂੰ ਹਦਾਇਤ ਕੀਤੀ ਗਈ ਕਿ ਜ਼ੀਰਕਪੁਰ ਐੱਸ.ਟੀ. ਪੀ. ਸਬੰਧੀ ਕਲੋਰੀਨ ਦੀ ਢੁਕਵੀਂ ਵਰਤੋਂ ਨਾ ਹੋਣ ਸਬੰਧੀ ਜਾਂਚ ਕੀਤੀ ਜਾਵੇ।

ਵਧੀਕ ਡਿਪਟੀ ਕਮਿਸ਼ਨਰ ਨੇ ਵੱਖੋ-ਵੱਖ ਥਾਈਂ ਟਿਊਬਵੈੱਲਜ਼ ਲਾਉਣ ਦੀ ਪ੍ਰਕਿਰਿਆ ਦੀ ਸਮੀਖਿਆ ਕੀਤੀ ਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਹਨਾਂ ਨੇ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਵੱਲ ਖ਼ਾਸ ਧਿਆਨ ਦੇਣ ਲਈ ਕਿਹਾ। ਉਪ ਮੰਡਲ ਮੈਜਿਸਟ੍ਰੇਟਸ ਨੂੰ ਟਿਊਬਵੈਲ ਲਗਾਉਣ ਸਬੰਧੀ ਲੰਬਿਤ ਪਏ ਕੰਮ ਨਿਜੀ ਤੌਰ ‘ਤੇ ਧਿਆਨ ਦੇ ਕੇ ਜਲਦੀ ਨਿਪਟਾਉਣ ਦੇ ਆਦੇਸ਼ ਦਿੱਤੇ ਗਏ।

ਵਧੀਕ ਡਿਪਟੀ ਕਮਿਸ਼ਨਰ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਸਾਫ ਸਫ਼ਾਈ ਸਮੇਤ ਸਥਾਨਕ ਸਰਕਾਰਾਂ ਵਿਭਾਗ ਦੀਆਂ ਵੱਖੋ ਵੱਖ ਮੁਹਿੰਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੜ-ਲਾਂਡਰਾਂ ਰੋਡ ਉੱਤੇ ਸੀਵਰੇਜ ਦਾ ਕੰਮ ਚਲ ਰਿਹਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੰਮ ਕਰਨ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਆ ਰਹੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹਨਾਂ ਕਾਰਜਾਂ ਦੀ ਗੁਣਵੱਤਾ ਸਬੰਧੀ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸ. ਦਮਨਜੀਤ ਸਿੰਘ ਮਾਨ ਨੇ ਨਗਰ ਨਿਗਮ ਮੋਹਾਲੀ ਅਤੇ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ‘ਸਿੰਗਲ ਯੂਜ਼ ਪਲਾਸਟਿਕ’ (ਇੱਕ ਵਾਰ ਵਰਤੋਂ ਵਿੱਚ ਆਉਣ ਵਾਲੇ) ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ ਤੇ ਇਸ ਸਬੰਧੀ ਵੱਧ ਤੋਂ ਵੱਧ ਚੈਕਿੰਗ ਯਕੀਨੀ ਬਣਾ ਕੇ ਕਾਨੂੰਨ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਮੀਟਿੰਗ ਵਿੱਚ ਸੰਯੁਕਤ ਕਮਿਸ਼ਨਰ ਨਗਰ ਨਿਗਮ ਮੋਹਾਲੀ ਸ਼੍ਰੀਮਤੀ ਕਿਰਨ ਸ਼ਰਮਾ, ਐੱਸ.ਡੀ.ਐੱਮ. ਮੋਹਾਲੀ ਚੰਦਰ ਜੋਤੀ ਸਿੰਘ, ਐੱਸ.ਡੀ.ਐੱਮ. ਡੇਰਾਬਸੀ ਹਿਮਾਂਸ਼ੂ ਗੁਪਤਾ, ਐੱਸ.ਡੀ.ਐੱਮ. ਖਰੜ ਰਵਿੰਦਰ ਸਿੰਘ ਸਮੇਤ ਜ਼ਿਲ੍ਹੇ ਵਿਚਲੇ ਸਾਰੇ ਕਾਰਜਸਾਧਕ ਅਫ਼ਸਰ ਤੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Exit mobile version