July 5, 2024 12:26 am
Akali Dal

ਰੇਤਾ-ਬਜਰੀ ਦੀਆਂ ਕੀਮਤਾਂ ਨੂੰ ਲੈ ਕੇ ਯੂਥ ਅਕਾਲੀ ਦਲ ਵਲੋਂ ਮਾਨ ਸਰਕਾਰ ਦੇ ਖਿਲਾਫ ਅਨੋਖੇ ਢੰਗ ਨਾਲ ਰੋਸ਼ ਪ੍ਰਦਰਸ਼ਨ

ਪਟਿਆਲਾ 18 ਅਕਤੂਬਰ 2022: ਪੰਜਾਬ ਦੇ ਲੋਕਾਂ ਨੂੰ ਉੱਚ ਦਰਜੇ ਦੀਆਂ ਸਹੂਲਤਾਂ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖ਼ਿਲਾਫ਼ ਹਰ ਰੋਜ਼ ਧਰਨੇ ਮੁਜ਼ਾਹਰੇ ਦੇਖਣ ਨੂੰ ਮਿਲ ਰਹੇ ਹਨ | ਇਸ ਦੇ ਚੱਲਦਿਆਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਹਲਕਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਅਤੇ ਯੂਥ ਅਕਾਲੀ ਦਲ ਦੇ ਕੌਮੀ ਬੁਲਾਰੇ ਸਰਦਾਰ ਅਮਿਤ ਸਿੰਘ ਰਾਠੀ ਦੀ ਅਗਵਾਈ ਵਿੱਚ ਰੇਤਾ ਬਜਰੀ ਅਤੇ ਸੀਮਿੰਟ ਦੇ ਵਧੇ ਹੋਏ ਰੇਟਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ |

ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਯੂਥ ਅਕਾਲੀ ਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਡੀ ਸੀ ਦਫਤਰ ਦੇ ਬਾਹਰ ਸੀਮਿੰਟ ਰੇਤਾ ਅਤੇ ਬਜਰੀ ਦੀ ਸਟਾਲ ਲਗਾ ਕੇ ਲੋਕਾਂ ਨੂੰ ਸਸਤੇ ਭਾਅ ਵਿੱਚ ਰੇਤਾ ਵੇਚ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ |

ਉੱਥੇ ਹੀ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਨੂੰ ਇਨ੍ਹਾਂ ਦੇ ਰੇਟ ਘਟਾਉਣ ਦੀ ਅਪੀਲ ਕੀਤੀ ਗਈ ਹੈ, ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਪਾਲ ਸਿੰਘ ਬਿੱਟੂ ਚੱਠਾ ਨੇ ਦੱਸਿਆ ਕਿ ਸਰਕਾਰ ਵੱਲੋਂ ਰੇਤਾ ਬਜਰੀ ਅਤੇ ਸੀਮਿੰਟ ਨੂੰ ਲੈ ਕੇ ਬਹੁਤ ਵੱਡੇ ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ ਕਿਉਂਕਿ ਅੱਜ ਰੇਤਾ ਬਜਰੀ ਅਤੇ ਸੀਮਿੰਟ ਦੇ ਰੇਟ ਅਸਮਾਨ ਛੂਹ ਰਹੇ ਹਨ |

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਵੱਲ ਕੋਈ ਵੀ ਧਿਆਨ ਨਹੀਂ ਦੇ ਰਹੀ ਅਤੇ ਸੁੱਤੀ ਪਈ ਸਰਕਾਰ ਨੂੰ ਜਗਾਉਣ ਲਈ ਅੱਜ ਉਨ੍ਹਾਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਰੇਤਾ ਬਜਰੀ ਸੀਮਿੰਟ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ ਹੈ | ਉੱਥੇ ਹੀ ਯੂਥ ਅਕਾਲੀ ਦਲ ਦੇ ਕੌਮੀ ਬੁਲਾਰੇ ਅਮਿਤ ਸਿੰਘ ਰਾਠੀ ਨੇ ਕਿਹਾ ਕਿ ਅੱਜ ਸਰਕਾਰ ਆਪਣਾ ਝੂਠਾ ਪ੍ਰਚਾਰ ਗੁਜਰਾਤ ਅਤੇ ਹਿਮਾਚਲ ਦੀਆਂ ਚੋਣਾਂ ਵਿੱਚ ਕਰ ਰਹੀ ਹੈ ਪਰ ਪੰਜਾਬ ਸਰਕਾਰ ਪੰਜਾਬ ਦੇ ਮੁੱਦਿਆਂ ਨੂੰ ਭੁੱਲ ਚੁੱਕੀ ਹੈ|

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਨਸ਼ੇ ਦਾ ਬੋਲਬਾਲਾ ਅਤੇ ਰੇਤਾ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਗਿਆ ਹੈ, ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਮੁੱਦਿਆਂ ਦੀ ਗੱਲ ਕਰਕੇ ਉਨ੍ਹਾਂ ਨੂੰ ਵੱਖ ਵੱਖ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਗਈਆਂ ਸੀ ਪਰ ਅੱਜ ਪੰਜਾਬ ਦੇ ਲੋਕ ਇਸ ਠੱਗਾਂ ਵਾਲੀ ਸਰਕਾਰ ਤੋਂ ਠੱਗੇ ਜਾ ਚੁੱਕੇ ਹਨ ਅਤੇ ਜੇਕਰ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਅਤੇ ਉਨ੍ਹਾਂ ਨੂੰ ਕੋਈ ਸਹੂਲਤਾਂ ਦੇ ਸਕਦੀ ਹੈ ਤਾਂ ਸਿਰਫ਼ ਸ਼੍ਰੋਮਣੀ ਅਕਾਲੀ ਦਲ ਪਾਰਟੀ ਹੀ ਦੇ ਸਕਦੀ ਹੈ |