ਬਰਨਾਲਾ, 15 ਮਾਰਚ 2024: ਕੈਨੇਡਾ (Canada) ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ | ਮ੍ਰਿਤਕ ਨੌਜਵਾਨ ਦੀ ਪਛਾਣ ਸੁਖਚੈਨ ਸਿੰਘ ਵਾਸੀ ਬਰਨਾਲਾ ਦੇ ਕਸਬਾ ਭਦੌੜ ਵਜੋਂ ਹੋਈ ਹੈ ਅਤੇ 3 ਸਾਲ ਪਹਿਲਾਂ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਹੁਣ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਵਰਕ ਪਰਮਿਟ ‘ਤੇ ਸੀ।
ਦੱਸਿਆ ਜਾ ਰਿਹਾ ਹੈ ਕਿ ਜਦੋਂ ਉਹ ਆਪਣੀ ਕਾਰ ਵਿੱਚ ਕੈਲੋਨਾ ਤੋਂ ਸਰੀ ਸ਼ਹਿਰ ਵੱਲ ਆ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨਾਲ ਉਸ ਦੀ ਟੱਕਰ ਹੋ ਗਈ, ਇਸ ਹਾਦਸੇ ‘ਚ ਸੁਖਚੈਨ ਦੀ ਮੌਤ ਹੋ ਗਈ। ਸੁਖਚੈਨ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤ ਸੀ |
ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 24 ਸਾਲਾ ਸੁਖਚੈਨ ਸਿੰਘ ਕਰੀਬ 3 ਸਾਲ ਪਹਿਲਾਂ ਸਟੱਡੀ ਵੀਜ਼ੇ ‘ਤੇ ਕੈਨੇਡਾ (Canada) ਗਿਆ ਸੀ। ਉਸ ਨੂੰ 10 ਦਿਨ ਪਹਿਲਾਂ ਹੀ ਵਰਕ ਪਰਮਿਟ ਮਿਲਿਆ ਸੀ ਅਤੇ 13 ਮਾਰਚ ਦੀ ਰਾਤ ਨੂੰ ਉਸ ਦਾ ਭਿਆਨਕ ਹਾਦਸਾ ਹੋ ਗਿਆ, ਜਿਸ ਵਿਚ ਉਸ ਦੀ ਮੌਤ ਹੋ ਗਈ।
ਇਸ ਸਬੰਧੀ ਉਸ ਨੇ ਮ੍ਰਿਤਕ ਨੌਜਵਾਨ ਦੇ ਦੋਸਤਾਂ ਸੁਖਚੈਨ ਸਿੰਘ ਤੋਂ ਫੋਨ ’ਤੇ ਜਾਣਕਾਰੀ ਹਾਸਲ ਕੀਤੀ। ਸੁਖਚੈਨ ਸਿੰਘ ਦੀ ਮ੍ਰਿਤਕ ਦੇਹ ਇਸ ਸਮੇਂ ਕੈਨੇਡਾ ਦੇ ਹਸਪਤਾਲ ਵਿੱਚ ਹੈ, ਇਸ ਨੂੰ ਪਿੰਡ ਲਿਆਉਣ ਲਈ ਯਤਨ ਜਾਰੀ ਹਨ। ਉਨ੍ਹਾਂ ਪੰਜਾਬ ਅਤੇ ਕੈਨੇਡਾ ਸਰਕਾਰ ਨੂੰ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਮੱਦਦ ਦੀ ਅਪੀਲ ਕੀਤੀ ਹੈ। ਉਸ ਨੇ ਦੱਸਿਆ ਕਿ ਸੁਖਚੈਨ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਹੁਣ ਉਸ ਤੋਂ ਇਲਾਵਾ ਪਰਿਵਾਰ ਵਿੱਚ ਸਿਰਫ਼ ਮਾਪੇ ਹੀ ਰਹਿ ਗਏ ਹਨ। ਸੁਖਚੈਨ ਦੀ ਮੌਤ ਤੋਂ ਬਾਅਦ ਪਰਿਵਾਰ ਵਿੱਚ ਸੋਗ ਦਾ ਮਾਹੌਲ ਹੈ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਓਮਕਾਰ ਸਿੰਘ ਬਰਾੜ ਨੇ ਕਿਹਾ ਪੰਜਾਬ ਵਿੱਚ ਲੋਕ ਆਪਣੀਆਂ ਜ਼ਮੀਨਾਂ ਵੇਚ ਕੇ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਲਈ ਕਰਜ਼ਾ ਲੈ ਰਹੇ ਹਨ। ਇਸ ਦੌਰਾਨ ਬਹੁਤ ਹੀ ਦੁਖਦਾਈ ਘਟਨਾ ਸਾਹਮਣੇ ਆਈ। ਸਾਡੇ ਕਸਬਾ ਭਦੌੜ ਦੇ ਨੌਜਵਾਨ ਸੁਖਚੈਨ ਸਿੰਘ ਦੀ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਇੱਕ ਸੜਕ ਹਾਦਸੇ ਵਿੱਚ ਬਹੁਤ ਹੀ ਦੁਖਦਾਈ ਮੌਤ ਹੋ ਗਈ ਹੈ।
ਉਨ੍ਹਾਂ ਦੱਸਿਆ ਕਿ ਸੁਖਚੈਨ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮਾਪਿਆਂ ਲਈ ਇਹ ਦੁੱਖ ਬਹੁਤ ਵੱਡਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੁਖਚੈਨ ਦੀ ਮੌਤ ਤੋਂ ਬਾਅਦ ਪੂਰੇ ਪਰਿਵਾਰ ’ਤੇ ਮਾਤਮ ਛਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰਾਂ ਤੋਂ ਪੀੜਤ ਪਰਿਵਾਰ ਦੀ ਆਰਥਿਕ ਮਦਦ ਦੇ ਨਾਲ-ਨਾਲ ਉਸ ਦੀ ਮ੍ਰਿਤਕ ਦੇਹ ਨੂੰ ਵਿਦੇਸ਼ ਤੋਂ ਲਿਆਉਣ ਲਈ ਮਦਦ ਦੀ ਮੰਗ ਕੀਤੀ ਹੈ।