ਚੰਡੀਗੜ੍ਹ, 24 ਅਕਤੂਬਰ 2024: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਨੇ ਪਰਾਲੀ ਸਾੜਨ (stubble burning) ਦੀ ਸਮੱਸਿਆ ਨੂੰ ਰੋਕਣ ਵਿੱਚ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ। ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ 23 ਅਕਤੂਬਰ ਤੱਕ ਪਰਾਲੀ ਸਾੜਨ ਦੇ ਮਾਮਲਿਆਂ ‘ਚ 16% ਦੀ ਕਮੀ ਆਈ ਹੈ। ਇਸ ਸਾਲ 23 ਅਕਤੂਬਰ ਤੱਕ ਸੂਬੇ ‘ਚ 1,638 ਥਾਵਾਂ ‘ਤੇ ਪਰਾਲੀ ਸਾੜੀ ਗਈ ਹੈ, ਜੋ ਪਿਛਲੇ ਸਾਲ ਦੇ 1,946 ਮਾਮਲਿਆਂ ਨਾਲੋਂ ਬਹੁਤ ਘੱਟ ਹੈ।
ਉਨ੍ਹਾਂ ਕਿਹਾ ਕਿ ਪਰਾਲੀ ਸਾੜਨ (stubble burning) ਦੀਆਂ ਘਟਨਾਵਾਂ ‘ਚ ਗਿਰਾਵਟ ਦੇ ਅੰਕੜੇ ਇਸ ਲਈ ਵੀ ਮਹੱਤਵਪੂਰਨ ਹਨ ਕਿਉਂਕਿ ਗੁਆਂਢੀ ਸੂਬੇ ਹਰਿਆਣਾ ਇਸ ਸਮੇਂ ਦੌਰਾਨ ਪਰਾਲੀ ਸਾੜਨ ਦੀ ਸਮੱਸਿਆ ‘ਤੇ ਸਿਰਫ 8 ਫੀਸਦੀ ਕਾਬੂ ਪਾ ਸਕਿਆ ਹੈ।
ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ‘ਚ ਸਾਲ 2020 ਦੇ ਮੁਕਾਬਲੇ ਸਾਲ 2024 ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ‘ਚ ਭਾਰੀ ਫ਼ੀਸਦ ਕਮੀ ਦਰਜ ਕੀਤੀ ਗਈ ਹੈ। ਸਰਕਾਰੀ ਅੰਕੜਿਆਂ ਅਨੁਸਾਰ ਸਾਲ 2020 ਦੌਰਾਨ ਸੂਬੇ ‘ਚ ਪਰਾਲੀ ਸਾੜਨ ਦੇ 13,894 ਮਾਮਲੇ ਸਾਹਮਣੇ ਆਏ ਸਨ, ਜੋ ਇਸ ਸਾਲ ਘਟ ਕੇ ਸਿਰਫ਼ 1,638 ਰਹਿ ਗਏ ਹਨ।
ਦੂਜੇ ਪਾਸੇ ਹਰਿਆਣਾ ‘ਚ ਪਿਛਲੇ ਸਾਲਾਂ ਦੌਰਾਨ ਸਿਰਫ 56% ਦੀ ਗਿਰਾਵਟ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਵੱਲ ਵੀ ਧਿਆਨ ਦੇਣ ਦੀ ਲੋੜ ਹੈ ਕਿ ਪੰਜਾਬ ‘ਚ ਝੋਨੇ ਦੀ ਕਾਸ਼ਤ ਹੇਠ 32 ਲੱਖ ਹੈਕਟੇਅਰ ਤੋਂ ਵੱਧ ਰਕਬਾ ਹੈ, ਜੋ ਕਿ ਹਰਿਆਣਾ ਦੇ 15 ਲੱਖ ਹੈਕਟੇਅਰ ਰਕਬੇ ਤੋਂ ਦੁੱਗਣਾ ਹੈ।
ਪੰਜਾਬ ਸਰਕਾਰ ਨੇ ਇਸ ਸਾਲ ਹੁਣ ਤੱਕ ਕਿਸਾਨਾਂ ਨੂੰ 13,616 ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ (CRM) ਮਸ਼ੀਨਾਂ ਮੁਹੱਈਆ ਕਰਵਾਈਆਂ ਹਨ, ਜਿਸ ਨਾਲ 2018 ਤੋਂ ਹੁਣ ਤੱਕ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਮਸ਼ੀਨਾਂ ਦੀ ਕੁੱਲ ਗਿਣਤੀ 1.43 ਲੱਖ ਹੋ ਗਈ ਹੈ।