ਚੰਡੀਗ੍ਹੜ, 17 ਫਰਵਰੀ 2024: ਪੰਜਾਬ ਦੇ ਮੌਸਮ ਸਬੰਧੀ ਅਹਿਮ ਖ਼ਬਰ ਹੈ। ਦਰਅਸਲ, ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ‘ਚ ਮੌਸਮ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਵਿੱਚ 19 ਤੋਂ 22 ਫਰਵਰੀ ਦਰਮਿਆਨ ਤੇਜ਼ ਹਵਾਵਾਂ ਨਾਲ ਭਾਰੀ ਮੀਂਹ (Heavy Rain) ਪੈ ਸਕਦਾ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਇਨ੍ਹਾਂ ਦੋ ਦਿਨਾਂ ਦੌਰਾਨ ਸੂਬੇ ਵਿੱਚ ਤੇਜ਼ ਹਵਾਵਾਂ ਚੱਲਣਗੀਆਂ, ਜਿਨ੍ਹਾਂ ਦੀ ਰਫ਼ਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਰਹਿਣ ਦੀ ਸੰਭਾਵਨਾ ਹੈ।
ਤੂਫਾਨ ਦੇ ਨਾਲ-ਨਾਲ ਗੜੇਮਾਰੀ ਅਤੇ ਮੀਂਹ (Heavy Rain) ਪੈਣ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ। ਤਾਪਮਾਨ ‘ਚ ਕਮੀ ਅਤੇ ਤੇਜ਼ ਹਵਾਵਾਂ ਕਾਰਨ ਤਾਪਮਾਨ ਵੀ ਹੇਠਾਂ ਜਾਵੇਗਾ। ਇਸ ਸਮੇਂ ਸੂਬੇ ‘ਚ ਜ਼ਿਆਦਾਤਰ ਥਾਵਾਂ ‘ਤੇ ਦਿਨ ਦਾ ਤਾਪਮਾਨ 20 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ। ਪਿਛਲੇ ਦਿਨਾਂ ਵਿੱਚ ਇਸ ਵਿੱਚ ਰੋਜ਼ਾਨਾ ਵਾਧਾ ਹੋ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਨੂੰ ਲੁਧਿਆਣਾ ਵਿੱਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 23.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ।