Site icon TheUnmute.com

CM ਮਾਨ ਬਾਰੇ ਰਾਹੁਲ ਗਾਂਧੀ ਦੇ ਬਿਆਨ ‘ਚ ਕੋਈ ਅਤਿਕਥਨੀ ਨਹੀਂ: ਪ੍ਰਤਾਪ ਸਿੰਘ ਬਾਜਵਾ

Partap Singh Bajwa

ਗੁਰਦਾਸਪੁਰ, 19 ਜਨਵਰੀ 2023: ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਦਲਾਖੋਰੀ ਵਾਲੇ ਬਿਆਨ ਦਾ ਹਵਾਲਾ ਦਿੰਦੇ ਹੋਏ ਕਿਹਾ, “ਸਚਾਈ ਹਮੇਸ਼ਾ ਕੌੜੀ ਹੁੰਦੀ ਹੈ।” ਜ਼ਿਕਰਯੋਗ ਹੈ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪੰਜਾਬ ‘ਚ ਆਪ ਸਰਕਾਰ ਨੂੰ ਲੰਮੀ ਹੱਥੀਂ ਲੈਂਦਿਆਂ ਇੱਕ ਬਿਆਨ ਦਿੱਤਾ ਸੀ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਪੰਜਾਬ ਨੂੰ ਦਿੱਲੀ ਵਿੱਚ ਬੈਠੀ ‘ਆਪ’ ਲੀਡਰਸ਼ਿਪ ਦੇ ਨਿਰਦੇਸ਼ਾਂ ‘ਤੇ ਨਹੀਂ ਚਲਾਇਆ ਜਾਣਾ ਚਾਹੀਦਾ ਹੈ।

ਵਿਰੋਧੀ ਧਿਰ ਦੇ ਨੇਤਾ ਨੇ ਇੱਕ ਬਿਆਨ ਵਿੱਚ ਕਿਹਾ, “ਰਾਹੁਲ ਗਾਂਧੀ ਦੇ ਇਸ ਦਾਅਵੇ ਵਿੱਚ ਕੋਈ ਅਤਿਕਥਨੀ ਜਾਂ ਗ਼ਲਤ ਬਿਆਨੀ ਨਹੀਂ ਹੈ। ਇਹ ਸਾਬਤ ਕਰਨ ਲਈ ਬਹੁਤ ਸਾਰੀਆਂ ਉਦਾਹਰਨਾਂ ਹਨ। ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਇੱਕ ਕਠਪੁਤਲੀ ਤੋਂ ਵੱਧ ਕੁੱਝ ਨਹੀਂ ਹੈ, ਜੋ ਦਿੱਲੀ ਵਿੱਚ ਬੈਠੇ ਆਪਣੇ ਆਕਾਵਾਂ ਦੀਆਂ ਧੁਨਾਂ ‘ਤੇ ਨੱਚ ਰਿਹਾ ਹੈ। ਬਾਜਵਾ ਨੇ ਕਿਹਾ ਕਿ ਰਾਘਵ ਚੱਢਾ, ਜਿਸ ਨੂੰ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਨਜ਼ਦੀਕੀ ਮੰਨਿਆ ਜਾਂਦਾ ਹੈ, ਨੂੰ ਪਹਿਲਾਂ ਪੰਜਾਬ ਤੋਂ ਰਾਜ ਸਭਾ ਮੈਂਬਰ ਬਣਾਇਆ ਗਿਆ ਸੀ, ਫਿਰ ਉਸ ਨੂੰ ਪੰਜਾਬ ਦੀ ਅੰਤਰਿਮ ਸਲਾਹਕਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ।

ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਅੱਗੇ ਕਿਹਾ, “ਪੰਜਾਬ ਵਿੱਚ ਹਰ ਕੋਈ ਜਾਣਦਾ ਹੈ ਕਿ ਰਾਜ ਸਭਾ ਸਾਂਸਦ ਰਾਘਵ ਚੱਢਾ ਪੰਜਾਬ ਵਿੱਚ ਸਮਾਨੰਤਰ ਸਰਕਾਰ ਚਲਾ ਰਿਹਾ ਹੈ।” ਕਾਦੀਆਂ ਦੇ ਵਿਧਾਇਕ ਬਾਜਵਾ ਨੇ ਕਿਹਾ ਕਿ ‘ਆਪ’ ਦੀ ਚੋਟੀ ਦੀ ਲੀਡਰਸ਼ਿਪ ਦੇ ਚਹੇਤੇ ਨਵਲ ਅਗਰਵਾਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਰਕਾਰੀ ਫਾਈਲਾਂ ਦੀ ਨਿਗਰਾਨੀ ਕਰਨ ਲਈ ਚੰਡੀਗੜ੍ਹ ਵਿੱਚ ਤਾਇਨਾਤ ਕੀਤਾ ਗਿਆ ਹੈ। ਉਹ ਮੁੱਖ ਸਕੱਤਰ ਵੀ.ਕੇ. ਜੰਜੂਆ ਦੀਆਂ ਅਹਿਮ ਮੀਟਿੰਗਾਂ ਵਿੱਚ ਵੀ ਸ਼ਾਮਲ ਹੁੰਦਾ ਹੈ।

“ਕੀ ਮੁੱਖ ਮੰਤਰੀ ਮਾਨ ਦੱਸ ਸਕਦੇ ਹਨ ਕਿ ਕਿਸ ਦੇ ਨਿਰਦੇਸ਼ਾਂ ‘ਤੇ ਨਵਲ ਅਗਰਵਾਲ ਨੂੰ ਚੰਡੀਗੜ੍ਹ ਵਿੱਚ ਤਾਇਨਾਤ ਕੀਤਾ ਗਿਆ ਸੀ”, ਵਿਰੋਧੀ ਧਿਰ ਦੇ ਆਗੂ ਨੇ ਅੱਗੇ ਕਿਹਾ? ਬਾਜਵਾ ਨੇ ਕਿਹਾ ਕਿ ਦਿੱਲੀ ਦੇ ਸਾਬਕਾ ਵਧੀਕ ਮੁੱਖ ਸਕੱਤਰ ਸੱਤਿਆ ਗੋਪਾਲ ਅਤੇ ਸੇਵਾਮੁਕਤ ਆਈਆਰਐਸ ਅਧਿਕਾਰੀ ਰਾਕੇਸ਼ ਗੋਇਲ, ਜੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਜ਼ਦੀਕੀ ਵਿਸ਼ਵਾਸਪਾਤਰਾਂ ਵਜੋਂ ਜਾਣੇ ਜਾਂਦੇ ਹਨ, ਨੂੰ ਹਾਲ ਹੀ ਵਿੱਚ ਪੰਜਾਬ ਰੀਅਲ ਅਸਟੇਟ ਰੈਗੂਲੇਟਰੀ ਅਥਾਰਿਟੀ (ਰੇਰਾ) ਦਾ ਚੇਅਰਮੈਨ ਅਤੇ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਦੋਂ ਪੰਜਾਬ ਦੇ ਮੁੱਖ ਮੰਤਰੀ ਨੇ ਦਖ਼ਲ ਕਿਉਂ ਨਹੀਂ ਦਿੱਤਾ ਅਤੇ ਇਨ੍ਹਾਂ ਅਹੁਦਿਆਂ ਲਈ ਪੰਜਾਬ ਦੇ ਨੌਕਰਸ਼ਾਹਾਂ ਦੀ ਨਿਯੁਕਤੀ ਕਿਉਂ ਨਹੀਂ ਕੀਤੀ?

“ਕੀ ਇਹ ਸਬੂਤ ਇਹ ਸਾਬਤ ਕਰਨ ਲਈ ਕਾਫ਼ੀ ਨਹੀਂ ਹਨ ਕਿ ਪੰਜਾਬ ਸਰਕਾਰ ਦਿੱਲੀ ਵਿੱਚ ਬੈਠੀ ‘ਆਪ’ ਦੀ ਉੱਚ-ਕੋਟੀ ਦੀ ਲੀਡਰਸ਼ਿਪ ਦੁਆਰਾ ਚਲਾਈ ਜਾ ਰਹੀ ਹੈ, ਜਦੋਂ ਕਿ ਭਗਵੰਤ ਇੱਕ ਰਬੜ ਦੀ ਮੋਹਰ ਤੋਂ ਇਲਾਵਾ ਕੁੱਝ ਨਹੀਂ ਹਨ? ਇਸ ਤੋਂ ਇਲਾਵਾ ਪੰਜਾਬ ਦੇ ਲੋਕਾਂ ਨੂੰ ਇਹ ਵੀ ਯਾਦ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਹਿਲੀ ਪਸੰਦ ਨਹੀਂ ਸਨ। ਉਨ੍ਹਾਂ ਨੇ ਆਖ਼ਰੀ ਸਮੇਂ ‘ਤੇ ਮਾਨ ਦੀ ਚੋਣ ਕੀਤੀ ਜਦੋਂ ਕੋਈ ਹੋਰ ਬਦਲ ਨਹੀਂ ਬਚਿਆ ਸੀ, “ਬਾਜਵਾ ਨੇ ਅੱਗੇ ਕਿਹਾ।

ਵਿਰੋਧੀ ਧਿਰ ਦੇ ਆਗੂ ਨੇ ਅੱਗੇ ਕਿਹਾ ਕਿ ਬੀਤੀ ਰਾਤ ਪ੍ਰੈਸ ਨੂੰ ਜਾਰੀ ਮੁੱਖ ਮੰਤਰੀ ਦੇ ਬਿਆਨ ਦਾ ਸਮਾਂ ਆਪਣੇ ਆਪ ਵਿੱਚ ਸ਼ੱਕੀ ਹੈ। “ਮੁੱਖ ਮੰਤਰੀ ਦਾ ਬਦਲਾਖੋਰੀ ਵਾਲਾ ਬਿਆਨ ਕਲ ਦੇਰ ਰਾਤ ਜਾਰੀ ਕੀਤਾ ਗਿਆ ਸੀ। “ਸਤੌਜ ਦਾ ਮਹਾਰਾਜਾ” ਰਾਤ ਦੇ ਉਸ ਸਮੇਂ ਦੌਰਾਨ ਪ੍ਰੈਸ ਬਿਆਨ ਜਾਰੀ ਕਰਨ ਦੀ ਸਥਿਤੀ ਵਿੱਚ ਨਹੀਂ ਰਹਿੰਦਾ,” ਬਾਜਵਾ ਨੇ ਮਜ਼ਾਕ ਉਡਾਉਂਦੇ ਹੋਏ ਕਿਹਾ।

Exit mobile version