ਚੰਡੀਗੜ੍ਹ, 11 ਜੁਲਾਈ 2023: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਈਡੀ (ED) ਦੇ ਡਾਇਰੈਕਟਰ ਸੰਜੇ ਮਿਸ਼ਰਾ ਦੇ ਕਾਰਜਕਾਲ ਨੂੰ ਤੀਜੀ ਵਾਰ ਵਧਾਉਣ ਦਾ ਕੇਂਦਰ ਦਾ ਫੈਸਲਾ ਗੈਰ-ਕਾਨੂੰਨੀ ਹੈ। ਅਦਾਲਤ ਦੇ ਇਸ ਹੁਕਮ ਦੇ ਬਾਵਜੂਦ ਮਿਸ਼ਰਾ 31 ਜੁਲਾਈ ਤੱਕ ਅਹੁਦੇ ‘ਤੇ ਬਣੇ ਰਹਿਣਗੇ। ਉਦੋਂ ਤੱਕ ਕੇਂਦਰ ਸਰਕਾਰ ਨੂੰ ਨਵੇਂ ਮੁਖੀ ਦੀ ਨਿਯੁਕਤੀ ਕਰਨੀ ਪਵੇਗੀ।ਇਸ ਤੋਂ ਪਹਿਲਾਂ ਸੰਜੇ ਮਿਸ਼ਰਾ 18 ਨਵੰਬਰ ਨੂੰ ਰਿਟਾਇਰ ਹੋਣ ਵਾਲੇ ਸਨ। ਕੇਂਦਰ ਨੇ ਇਕ ਆਰਡੀਨੈਂਸ ਰਾਹੀਂ ਤੀਜੀ ਵਾਰ ਉਨ੍ਹਾਂ ਦਾ ਕਾਰਜਕਾਲ ਵਧਾਇਆ ਸੀ |
ਮੰਗਲਵਾਰ ਦੀ ਸੁਣਵਾਈ ‘ਚ ਅਦਾਲਤ ਨੇ ਕਿਹਾ ਕਿ ਕਾਨੂੰਨ ਆਪਣੀ ਥਾਂ ‘ਤੇ ਸਹੀ ਹੈ ਪਰ ਇਸ ਮਾਮਲੇ ‘ਚ ਸਰਕਾਰ ਦਾ ਫੈਸਲਾ ਗੈਰ-ਕਾਨੂੰਨੀ ਹੈ। ਇਸ ਮਾਮਲੇ ਦੀ ਸੁਣਵਾਈ ਜਸਟਿਸ ਬੀਆਰ ਗਵਈ, ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਜੇ ਕਰੋਲ ਦੀ ਬੈਂਚ ਨੇ ਕੀਤੀ ਹੈ । ਸੁਪਰੀਮ ਕੋਰਟ ਨੇ 8 ਮਈ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਨਫੋਰਸਮੈਂਟ ਡਾਇਰੈਕਟੋਰੇਟ ਦੇ ਡਾਇਰੈਕਟਰ ਦੇ ਕਾਰਜਕਾਲ ਦੇ ਵਾਧੇ ਨੂੰ ਚੁਣੌਤੀ ਦੇਣ ਵਾਲੀਆਂ ਵੱਖ-ਵੱਖ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਇਨ੍ਹਾਂ ‘ਚ ਉਨ੍ਹਾਂ ਦਾ ਸਰਵਿਸ ਐਕਸਟੈਂਸ਼ਨ ਗੈਰ-ਕਾਨੂੰਨੀ ਦੱਸਿਆ ਗਿਆ ਸੀ।
ਜ਼ਿਕਰਯੋਗ ਹੈ ਕਿ ਸੰਜੇ ਕੁਮਾਰ ਮਿਸ਼ਰਾ ਨੂੰ ਨਵੰਬਰ 2018 ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਦਾ ਮੁਖੀ ਨਿਯੁਕਤ ਕੀਤਾ ਗਿਆ ਸੀ। ਸੰਜੇ ਮਿਸ਼ਰਾ 1984 ਬੈਚ ਦੇ ਇਨਕਮ ਟੈਕਸ ਕਾਡਰ ਦੇ ਭਾਰਤੀ ਮਾਲੀਆ ਸੇਵਾ (IRS) ਅਧਿਕਾਰੀ ਹਨ। ਉਨ੍ਹਾਂ ਨੂੰ ਪਹਿਲਾਂ ਜਾਂਚ ਏਜੰਸੀ ਵਿੱਚ ਪ੍ਰਮੁੱਖ ਵਿਸ਼ੇਸ਼ ਨਿਰਦੇਸ਼ਕ ਵਜੋਂ ਨਿਯੁਕਤ ਕੀਤਾ ਗਿਆ ਸੀ। ED ਵਿੱਚ ਆਪਣੀ ਨਿਯੁਕਤੀ ਤੋਂ ਪਹਿਲਾਂ, ਸੰਜੇ ਮਿਸ਼ਰਾ ਦਿੱਲੀ ਵਿੱਚ ਆਮਦਨ ਕਰ ਵਿਭਾਗ ਦੇ ਮੁੱਖ ਕਮਿਸ਼ਨਰ ਵਜੋਂ ਸੇਵਾ ਨਿਭਾ ਰਹੇ ਸਨ।