July 7, 2024 5:37 am
National Lok Adalat

National Lok Adalat: ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵੱਲੋਂ 14 ਸਤੰਬਰ ਨੂੰ ਲਗਾਈ ਜਾਵੇਗੀ ਤੀਜੀ ਰਾਸ਼ਟਰੀ ਲੋਕ ਅਦਾਲਤ

ਐਸ.ਏ.ਐਸ. ਨਗਰ 14 ਜੂਨ 2024: ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਨੁਸਾਰ 14 ਸਤੰਬਰ 2024 ਨੂੰ ਸਾਲ 2024 ਦੀ ਤੀਜੀ ਰਾਸ਼ਟਰੀ ਲੋਕ ਅਦਾਲਤ (National Lok Adalat) ਦਾ ਆਯੋਜਨ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਜ਼ਿਲ੍ਹੇ ਦੀਆਂ ਸਾਰੀਆਂ ਅਦਾਲਤਾਂ ਵਿਚ ਕੀਤਾ ਜਾਵੇਗਾ, ਜਿਸ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜਿ਼ਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਵਿਚਾਰੇ ਜਾਣਗੇ।

ਇਸ ਸਬੰਧ ਵਿਚ ਸੁਰਭੀ ਪਰਾਸ਼ਰ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਮਾਲ ਵਿਭਾਗ, ਮਿਊਂਸੀਪਲ ਕਾਰਪੋਰੇਸ਼ਨ, ਟੈਲੀਫੋਨ, ਬੈਂਕ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਆਦਿ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਵੱਖ-ਵੱਖ ਅਦਾਲਤਾਂ ਵਿਚ ਲੰਬਿਤ ਕੇਸਾਂ ਨੂੰ 14 ਸਤੰਬਰ 2024 ਨੂੰ ਲਗਾਈ ਜਾ ਰਹੀ ਰਾਸ਼ਟਰੀ ਲੋਕ ਅਦਾਲਤ (National Lok Adalat) ਰਾਹੀਂ ਨਿਪਟਾਰੇ ਲਈ ਪ੍ਰੇਰਿਤ ਕੀਤਾ ਗਿਆ।

ਉਨ੍ਹਾਂ ਵਲੋਂ ਇਹ ਵੀ ਦੱਸਿਆ ਗਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਵਿਚ ਅਜਿਹੇ ਕੇਸ ਜਿਹੜੇ ਅਜੇ ਕਿਸੇ ਵੀ ਅਦਾਲਤ ਵਿਚ ਦਾਇਰ ਨਹੀਂ ਕੀਤੇ ਗਏ ਹਨ ਅਤੇ ਉਪਰੋਕਤ ਸ਼੍ਰੇਣੀਆਂ ਅਧੀਨ ਆਉਂਦੇ ਹੋਣ, ਨਿਪਟਾਰੇ ਲਈ ਲਗਵਾਏ ਜਾ ਸਕਦੇ ਹਨ।

ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲੋਕ ਅਦਾਲਤਾਂ ਦੇ ਫਾਇਦਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਅਦਾਲਤ ਵਿਚ ਫੈਸਲਾ ਹੋਣ ਤੇ ਕੇਸਾਂ ਵਿੱਚ ਲੱਗੀ ਹੋਈ ਕੋਰਟ ਫੀਸ ਵਾਪਿਸ ਕਰ ਦਿੱਤੀ ਜਾਂਦੀ ਹੈ ਤੇ ਇਨ੍ਹਾਂ ਕੇਸਾਂ ਦੇ ਫੈਸਲੇ ਖਿਲਾਫ਼ ਕੋਈ ਅਪੀਲ ਨਹੀ ਹੁੰਦੀ।