ਲੁਧਿਆਣਾ 19 ਮਾਰਚ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਬੀਤੇ ਦਿਨ ਲੁਧਿਆਣਾ ਦੇ ਇਨਡੋਰ ਸਟੇਡੀਅਮ ਵਿਖੇ ਕਿਹਾ ਕਿ ਪੰਜਾਬ ਸਰਕਾਰ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਦਿਨ ਰਾਤ ਸਖ਼ਤ ਮਿਹਨਤ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਦੇ ਨਿਰੰਤਰ ਯਤਨਾਂ ਸਦਕਾ ਸਿੱਖਿਆ, ਸਿਹਤ, ਬਿਜਲੀ ਅਤੇ ਹੋਰ ਬੁਨਿਆਦੀ ਖੇਤਰ ਪਹਿਲੀ ਵਾਰ ਰਾਜਨੀਤਿਕ ਪਾਰਟੀਆਂ ਦੇ ਏਜੰਡੇ ਦੇ ਕੇਂਦਰ ‘ਚ ਆਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਆਮ ਆਦਮੀ ਦੀਆਂ ਇਨ੍ਹਾਂ ਮਹੱਤਵਪੂਰਨ ਜ਼ਰੂਰਤਾਂ ਦੀ ਪਰਵਾਹ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਯਤਨਾਂ ਕਾਰਨ, 56 ਇੰਚ ਦੀ ਛਾਤੀ ਹੋਣ ਦਾ ਦਾਅਵਾ ਕਰਨ ਵਾਲੇ ਆਗੂ ਹੁਣ ਅਰਵਿੰਦ ਕੇਜਰੀਵਾਲ ਤੋਂ ਡਰ ਰਹੇ ਹਨ।
ਮੁੱਖ ਮੰਤਰੀ ਮਾਨ (CM Bhagwant Mann) ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਨੂੰ 92 ਸੀਟਾਂ ਦੇ ਕੇ ਸਪੱਸ਼ਟ ਫਤਵਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਆਗੂਆਂ ਨੇ ਸੂਬੇ ਦੇ ਹਿੱਤਾਂ ਦੀ ਬਲੀ ਦਿੱਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ, ਉਹ ਅੱਜ ਆਪਣੇ ਅਪਰਾਧਾਂ ਦੀ ਸਜ਼ਾ ਭੁਗਤ ਰਹੇ ਹਨ।
ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਲੋਕ 25 ਸਾਲ ਸੱਤਾ ‘ਚ ਰਹਿਣ ਦਾ ਦਾਅਵਾ ਕਰ ਰਹੇ ਸਨ, ਉਨ੍ਹਾਂ ਕੋਲ ਹੁਣ 25 ਆਗੂ ਵੀ ਨਹੀਂ ਬਚੇ ਕਿਉਂਕਿ ਜਨਤਾ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਕਰਮਾਂ ਦੀ ਸਜ਼ਾ ਦੇ ਦਿੱਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਿਛਲੀਆਂ ਸਰਕਾਰਾਂ ਵੱਲੋਂ ਪੈਦਾ ਕੀਤੀ ਗਈ ਹਫੜਾ-ਦਫੜੀ ਨੂੰ ਠੀਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰਾਂ ਨਸ਼ਾ ਤਸਕਰਾਂ ਨੂੰ ਸੁਰੱਖਿਆ ਦਿੰਦੀਆਂ ਸਨ, ਪਰ ਹੁਣ ਸਾਡੀ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਛੇੜ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ‘ਚੋਂ ਨਸ਼ੇ ਦੇ ਖਾਤਮੇ ਲਈ ਇੱਕ ਡੂੰਘੀ ਯੋਜਨਾ ਬਣਾਈ ਗਈ ਹੈ ਅਤੇ ਇਸ ਵਿਰੁੱਧ ਫੈਸਲਾਕੁੰਨ ਲੜਾਈ ਸ਼ੁਰੂ ਕਰ ਦਿੱਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਲੜੀ ਨੂੰ ਤੋੜਨ ਤੋਂ ਇਲਾਵਾ, ਇਸ ਅਪਰਾਧ ‘ਚ ਸ਼ਾਮਲ ਵੱਡੇ ਅਪਰਾਧੀਆਂ ਨੂੰ ਸਲਾਖਾਂ ਪਿੱਛੇ ਭੇਜ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨਸ਼ੇੜੀਆਂ ਦੇ ਮੁੜ ਵਸੇਬੇ ‘ਤੇ ਵੀ ਧਿਆਨ ਕੇਂਦਰਿਤ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਰਹੀਆਂ ਹਨ ਅਤੇ ਗੈਰ-ਕਾਨੂੰਨੀ ਉਸਾਰੀਆਂ ਨੂੰ ਢਾਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਜਨਤਾ ਦੇ ਸਹਿਯੋਗ ਤੋਂ ਬਿਨਾਂ ਜਾਰੀ ਨਹੀਂ ਰੱਖੀ ਜਾ ਸਕਦੀ।
ਮੁੱਖ ਮੰਤਰੀ ਨੇ ਲੁਧਿਆਣਾ ਜ਼ਿਲ੍ਹੇ ਦੇ ਨਾਰੰਗਵਾਲ ਪਿੰਡ ਦੀ ਉਦਾਹਰਣ ਦਿੱਤੀ, ਜਿੱਥੇ ਪਿਛਲੇ ਹਫ਼ਤੇ ਇੱਕ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਜਾਇਦਾਦ ਢਾਹ ਦਿੱਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਜਾਂ ਢਾਹੁਣ ਦੀ ਕਾਰਵਾਈ ਜਾਰੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ੇ ਵਿਰੁੱਧ ਕੋਈ ਨਰਮੀ ਨਾ ਦਿਖਾਉਣ ਦੀ ਨੀਤੀ ਅਪਣਾਈ ਹੈ ਅਤੇ ਇਸ ਨੂੰ ਜੜ੍ਹ ਤੋਂ ਖਤਮ ਕਰਨ ਲਈ ਫੈਸਲਾਕੁੰਨ ਲੜਾਈ ਸ਼ੁਰੂ ਕਰ ਦਿੱਤੀ ਹੈ।
ਮੁੱਖ ਮੰਤਰੀ ਮਾਨ (CM Bhagwant Mann) ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ‘ਚ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਅਧਿਕਾਰੀ ਆਪਣੇ ਭ੍ਰਿਸ਼ਟ ਸਾਥੀਆਂ ਦੇ ਸਮਰਥਨ ‘ਚ ਸਮੂਹਿਕ ਛੁੱਟੀ ਲੈ ਕੇ ਭ੍ਰਿਸ਼ਟਾਚਾਰ ਦਾ ਲਾਇਸੈਂਸ ਮੰਗ ਰਹੇ ਸਨ, ਉਨ੍ਹਾਂ ਨੂੰ ਹਟਾ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਆਮ ਜਨਤਾ ਨੂੰ ਪਰੇਸ਼ਾਨ ਕਰਨ ਦੀ ਕਿਸੇ ਵੀ ਸਾਜ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਜ਼ਾਦੀ ਤੋਂ ਬਾਅਦ ਜਨਤਾ ਨੂੰ ਮੂਰਖ ਬਣਾਇਆ ਅਤੇ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਕੀਤਾ, ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਰਾਜਨੀਤੀ ਤੋਂ ਬਾਹਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਪੰਜਾਬ ਤੋਂ ਹੈ ਅਤੇ ਭਾਰਤੀ ਹਾਕੀ ਟੀਮ ਦੀਆਂ ਜ਼ਿਆਦਾਤਰ ਖਿਡਾਰਨਾਂ ਵੀ ਇਸੇ ਰਾਜ ਤੋਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨ ਲਈ ਲੋੜੀਂਦਾ ਬੁਨਿਆਦੀ ਢਾਂਚਾ ਪ੍ਰਦਾਨ ਕਰ ਰਹੀ ਹੈ।
Read More: Anti-Drug Helpline Number: ਪੰਜਾਬ ਸਰਕਾਰ ਵੱਲੋਂ ਐਂਟੀ-ਡਰੱਗ ਹੈਲਪਲਾਈਨ ਨੰਬਰ ਦੀ ਸ਼ੁਰੂਆਤ