ਅੰਮ੍ਰਿਤਸਰ, 22 ਜੁਲਾਈ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ (Sri Harmandir Sahib) ‘ਚ ਮੱਥਾ ਟੇਕਣ ਪਹੁੰਚੇ | ਇਸ ਦੌਰਾਨ ਉਨ੍ਹਾਂ ਕਿਹਾ ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਵਾਲਿਆਂ ਖਿਲਾਫ਼ ਮਿਸਾਲੀ ਸਜ਼ਾ ਨੂੰ ਯਕੀਨੀ ਬਣਾਈ ਜਾਵੇਗੀ |
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੁਨੀਆ ਭਰ ਦੇ ਲੋਕ ਇਸ ਪਵਿੱਤਰ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਦੇ ਹਨ ਅਤੇ ਆਪਣੇ ਪਰਿਵਾਰਾਂ ਅਤੇ ਸਾਕ-ਸਬੰਧੀਆਂ ਦੀ ਤਰੱਕੀ ਤੇ ਸੁੱਖ-ਸ਼ਾਂਤੀ ਲਈ ਅਰਦਾਸ ਕਰਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਨੂੰ ਇਸ ਪਾਵਨ ਅਸਥਾਨ ਨੂੰ ਧਮਕੀਆਂ ਦੇਣ ਦੀ ਇਜਾਜ਼ਤ ਕਿਵੇਂ ਦੇ ਸਕਦੇ ਹਾਂ।”
ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਇਸ ਬਾਰੇ ਅਹਿਮ ਸੁਰਾਗ ਮਿਲੇ ਹਨ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਮਾਮਲਾ ਛੇਤੀ ਹੀ ਹੱਲ ਹੋ ਜਾਵੇਗਾ ਕਿਉਂਕਿ ਪੁਲਿਸ ਪਹਿਲਾਂ ਹੀ ਮੁਲਜਮਾਂ ਦੀ ਪਛਾਣ ਕਰ ਚੁੱਕੀ ਹੈ। ਭਗਵੰਤ ਮਾਨ ਨੇ ਕਿਹਾ ਕਿ ਵਿਗਿਆਨਕ ਢੰਗ ਨਾਲ ਤਸਦੀਕ ਜਾਰੀ ਹੈ ਅਤੇ ਇਸ ਦੇ ਪੂਰਾ ਹੋਣ ‘ਤੇ ਵੇਰਵੇ ਸਾਂਝੇ ਕੀਤੇ ਜਾਣਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਪਵਿੱਤਰ ਅਸਥਾਨ (Sri Harmandir Sahib) ਦੀ ਸੁਰੱਖਿਆ ਪ੍ਰਤੀ ਹਰ ਵੇਲੇ ਚੌਕਸ ਰਹਿੰਦੀ ਹੈ, ਜਿੱਥੇ ਹਰ ਰੋਜ਼ ਲੱਖਾਂ ਸ਼ਰਧਾਲੂ ਆਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ਵੀ ਇਸ ਮਾਮਲੇ ‘ਚ ਕੋਈ ਵੀ ਅਹਿਮ ਜਾਣਕਾਰੀ ਸਾਂਝੀ ਕਰਨ ਲਈ ਕਿਹਾ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪਵਿੱਤਰ ਸ਼ਹਿਰ ‘ਚ ਸੁਰੱਖਿਆ ਪਹਿਲਾਂ ਹੀ ਵਧਾ ਦਿੱਤੀ ਹੈ।
ਮੁੱਖ ਮੰਤਰੀ ਮਾਨ ਨੇ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਨਾ ਘਬਰਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਪੰਜਾਬ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ ਅਤੇ ਅਜਿਹੇ ਮਾਮਲਿਆਂ ਨਾਲ ਨਜਿੱਠਣ ਦੇ ਸਮਰੱਥ ਹੈ। ਮੁੱਖ ਮੰਤਰੀਨ ਮਾਨ ਨੇ ਕਿਹਾ ਕਿ ਦੋਸ਼ੀ ਦੁਨੀਆ ਦੇ ਕਿਸੇ ਵੀ ਕੋਨੇ ‘ਚ ਲੁਕ ਨਹੀਂ ਸਕਦੇ ਅਤੇ ਪੰਜਾਬ ਸਰਕਾਰ ਉਨ੍ਹਾਂ ਲਈ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਏਗੀ।
Read More: CM ਮਾਨ ਜਾਣਗੇ ਅੰਮ੍ਰਿਤਸਰ, ਸੁਰੱਖਿਆ ਦਾ ਵੀ ਲੈਣਗੇ ਜਾਇਜ਼ਾ