Site icon TheUnmute.com

ਇਮਾਨਦਾਰੀ ਦੀਆਂ ਫੜ੍ਹਾਂ ਮਾਰਨ ਵਾਲੇ ਹੁਣ ਕਾਨੂੰਨ ਦੇ ਸ਼ਿੰਕਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ: ਮੁੱਖ ਮੰਤਰੀ ਮਾਨ

Shiromani Akali dal

ਚੰਡੀਗੜ੍ਹ, 25 ਸਤੰਬਰ 2023: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਉਤੇ ਤੰਜ ਕੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਲੋਕਾਂ ਨੂੰ ਇਮਾਨਦਾਰੀ ਦਾ ਪਾਠ ਪੜ੍ਹਾਉਣ ਵਾਲੇ ਹੁਣ ਕਾਨੂੰਨ ਦੇ ਸ਼ਿਕੰਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ। ਅੱਜ ਇੱਥੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੱਚ ਬੋਲਣ ਅਤੇ ਸੱਚ ਉਤੇ ਪਹਿਰਾ ਦੇਣ ਵਿੱਚ ਬਹੁਤ ਫਰਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਲੀਡਰ ਅਕਸਰ ਕਿਹਾ ਕਰਦੇ ਸਨ ਕਿ ਉਸ ਖਿਲਾਫ਼ ਜੋ ਵੀ ਕਾਰਵਾਈ ਹੋਵੇਗੀ, ਉਹ ਉਸ ਦਾ ਸਾਹਮਣਾ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਕਾਨੂੰਨੀ ਕਾਰਵਾਈ ਦੇ ਡਰ ਤੋਂ ਇਹ ਨੇਤਾ ਗ੍ਰਿਫਤਾਰ ਹੋਣ ਦੇ ਖਦਸ਼ੇ ਜ਼ਾਹਰ ਕਰਕੇ ਕਾਨੂੰਨੀ ਸੁਰੱਖਿਆ ਮੰਗ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਖੰਡੀ ਲੀਡਰਾਂ ਨੇ ਹਮੇਸ਼ਾ ਲੱਛੇਦਾਰ ਭਾਸ਼ਣਾਂ ਨਾਲ ਲੋਕਾਂ ਨੂੰ ਮੂਰਖ ਬਣਾਇਆ। ਉਨ੍ਹਾਂ ਕਿਹਾ ਕਿ ਲੋਕ ਸੇਵਾ ਦੀ ਆੜ ਵਿੱਚ ਇਨ੍ਹਾਂ ਨੇਤਾਵਾਂ ਨੇ ਸੂਬੇ ਦੇ ਖਜ਼ਾਨੇ ਨੂੰ ਲੁੱਟਿਆ ਜਿਸ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਆਪਣੇ ਗੁਨਾਹਾਂ ਦਾ ਹਿਸਾਬ ਦੇਣਾ ਪਵੇਗਾ ਅਤੇ ਸਰਕਾਰ ਦੇ ਖਜ਼ਾਨੇ ਦਾ ਇਕ-ਇਕ ਪੈਸਾ ਵਸੂਲ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਨੂੰ ਇਮਾਨਦਾਰੀ ਤੇ ਸਾਦਗੀ ਦੇ ਵੱਡੇ ਦਾਅਵੇ ਕਰਨ ਦੀ ਬਜਾਏ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਪੰਜਾਬ ਸਾਬਕਾ ਵਿੱਤ ਮੰਤਰੀ ਦੇ ਮਾੜੇ ਕਾਰਨਾਮਿਆਂ ਤੋਂ ਭਲੀ-ਭਾਂਤ ਵਾਕਫ਼ ਹੈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ ਦੀ ਲੰਮਾ ਸਮਾਂ ਵਿੱਤ ਮੰਤਰੀ ਹੁੰਦਿਆਂ ਲੋਕਾਂ ਦੇ ਖਜ਼ਾਨੇ ਲੁੱਟਣ ਵਾਲੇ ਲੋਕਾਂ ਨਾਲ ਗੰਢਤੁੱਪ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਨਪ੍ਰੀਤ ਦੇ ਵਿੱਤ ਮੰਤਰੀ ਹੁੰਦਿਆਂ ਲੋਕਾਂ ਦੀ ਭਲਾਈ ਲਈ ਖਜ਼ਾਨੇ ਖਾਲੀ ਹੁੰਦੇ ਸਨ ਪਰ ਕੁਝ ਲੋਕਾਂ ਨੂੰ ਸਰਕਾਰ ਦੇ ਖਜ਼ਾਨੇ ਦੇ ਪੈਸੇ ਦੀ ਅੰਨ੍ਹੀ ਲੁੱਟ ਦੀ ਖੁੱਲ੍ਹ ਸੀ।

Exit mobile version