Site icon TheUnmute.com

ਨਸ਼ਿਆਂ ਦੇ ਕੇਸ ‘ਚ ਫਸਾਉਣ ਤੇ ਰਕਮ ਵਸੂਲਣ ਦੇ ਮਾਮਲੇ ‘ਚ ਇੰਸਪੈਕਟਰ ਸਣੇ ਤਿੰਨ ਪੁਲਿਸ ਮੁਲਾਜ਼ਮ ਬਰਖ਼ਾਸਤ

ਪੁਲਿਸ ਮੁਲਾਜ਼ਮ ਬਰਖ਼ਾਸਤ

ਚੰਡੀਗੜ੍ਹ 25 ਜੁਲਾਈ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਦੋ ਵਿਅਕਤੀਆਂ ਨੂੰ ਨਸ਼ਿਆਂ ਦੇ ਕੇਸ ਵਿੱਚ ਫਸਾਉਣ ਅਤੇ ਵੱਡੀ ਰਕਮ ਵਸੂਲਣ ਦੇ ਮਾਮਲੇ ਵਿੱਚ ਇੱਕ ਇੰਸਪੈਕਟਰ ਸਮੇਤ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ। ਬਰਖ਼ਾਸਤ ਕੀਤੇ ਗਏ ਪੁਲਿਸ ਮੁਲਾਜ਼ਮਾਂ ਦੀ ਪਛਾਣ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ, ਏਐਸਆਈ ਅੰਗਰੇਜ਼ ਸਿੰਘ ਅਤੇ ਹੈੱਡ ਕਾਂਸਟੇਬਲ ਜੋਗਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਫਿਰੋਜ਼ਪੁਰ ਵਿੱਚ ਨਾਰਕੋਟਿਕ ਕੰਟਰੋਲ ਸੈੱਲ ਵਿੱਚ ਤਾਇਨਾਤ ਸਨ।

ਜਿਕਰਯੋਗ ਹੈ ਕਿ ਇੰਸਪੈਕਟਰ ਬਾਜਵਾ ਨੂੰ ਫਿਰੋਜ਼ਪੁਰ ਰੇਂਜ ਦੇ ਇੰਸਪੈਕਟਰ ਜਨਰਲ (ਆਈਜੀਪੀ) ਜਸਕਰਨ ਸਿੰਘ ਨੇ ਬਰਖਾਸਤ ਕਰ ਦਿੱਤਾ ਹੈ, ਜਦੋਂਕਿ ਏਐਸਆਈ ਅੰਗਰੇਜ ਅਤੇ ਹੈੱਡ ਕਾਂਸਟੇਬਲ ਜੋਗਿੰਦਰ ਨੂੰ ਐਸਐਸਪੀ ਫਿਰੋਜ਼ਪੁਰ ਸੁਰਿੰਦਰ ਲਾਂਬਾ ਨੇ ਉਨ੍ਹਾਂ ਦੀਆਂ ਸੇਵਾਵਾਂ ਵਿੱਚ ਘੋਰ ਅਣਗਹਿਲੀ ਲਈ ਬਰਖਾਸਤ ਕਰ ਦਿੱਤਾ ਹੈ। ਇਨ੍ਹਾਂ ਮੁਲਾਜ਼ਮਾਂ ਨੂੰ ਭਾਰਤ ਦੇ ਸੰਵਿਧਾਨ ਦੀ ਧਾਰਾ 311 (2) ਤਹਿਤ ਬਰਖਾਸਤ ਕਰ ਦਿੱਤਾ ਗਿਆ ਹੈ। ਪੁਲਿਸ ਨੇ ਭਾਰਤੀ ਦੰਡਾਵਲੀ ਦੀ ਧਾਰਾ 166, 167, 195, 471, 218, ਅਤੇ 120-ਬੀ ਅਤੇ ਧਾਰਾਵਾਂ 21, 59, ਅਤੇ 13 ਦੇ ਤਹਿਤ 25 ਜੁਲਾਈ, 2022 ਨੂੰ ਤਿੰਨਾਂ ਮੁਲਜ਼ਮਾਂ ਵਿਰੁੱਧ ਐਫਆਈਆਰ ਦਰਜ ਕੀਤੀ ਹੈ।

ਥਾਣਾ ਫਿਰੋਜ਼ਪੁਰ ਛਾਉਣੀ ਵਿਖੇ ਐਨ.ਡੀ.ਪੀ.ਐਸ. ਵੇਰਵਿਆਂ ਦਾ ਖੁਲਾਸਾ ਕਰਦੇ ਹੋਏ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਐਂਟੀ ਨਾਰਕੋਟਿਕ ਸੈੱਲ ਫਿਰੋਜ਼ਪੁਰ ਦੀ ਟੀਮ ਨੇ ਇੰਸਪੈਕਟਰ ਬਾਜਵਾ, ਏਐਸਆਈ ਅੰਗਰੇਜ ਅਤੇ ਐਚਸੀ ਜੋਗਿੰਦਰ ਦੀ ਅਗਵਾਈ ਵਿੱਚ ਹੋਰ ਪੁਲਿਸ ਅਧਿਕਾਰੀਆਂ ਨਾਲ ਮਿਲੀਭੁਗਤ ਨਾਲ 20 ਜੁਲਾਈ 2022 ਨੂੰ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਸੀ, ਅਤੇ ਉਨ੍ਹਾਂ ਨੂੰ ਕਥਿਤ ਤੌਰ ‘ਤੇ 1 ਕਿਲੋ ਹੈਰੋਇਨ ਪਾ ਕੇ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 5 ਲੱਖ ਰੁਪਏ ਦੀ ਬਰਾਮਦਗੀ ਦਿਖਾ ਕੇ ਨਸ਼ਿਆਂ ਦੇ ਝੂਠੇ ਕੇਸ ਵਿਚ ਫਸਾਇਆ ਗਿਆ।

ਇੰਸਪੈਕਟਰ ਬਾਜਵਾ ਵੱਲੋਂ ਥਾਣਾ ਫਿਰੋਜ਼ਪੁਰ ਛਾਉਣੀ ਵਿਖੇ ਐਨਡੀਪੀਐਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਵੀ ਦਰਜ ਕੀਤੀ ਗਈ ਸੀ। ਜ਼ਾਹਰ ਤੌਰ ‘ਤੇ ਐਸਐਸਪੀ ਫਿਰੋਜ਼ਪੁਰ ਨੂੰ ਇਹ ਬਰਾਮਦਗੀ ਸ਼ੱਕੀ ਸੀ, ਜਿਸ ਤੋਂ ਬਾਅਦ ਬਾਅਦ ਵਿੱਚ ਮਾਮਲੇ ਦੀ ਅੰਦਰੂਨੀ ਪੱਧਰ ‘ਤੇ ਜਾਂਚ ਸ਼ੁਰੂ ਕੀਤੀ ਗਈ। ਡੀਜੀਪੀ ਮੁਤਾਬਿਕ, ਇੱਕ ਵਿਅਕਤੀ ਨੇ ਉਸ ਨਾਲ ਪੁਲਿਸ ਮੁਲਾਜ਼ਮਾਂ ਵਲੋਂ ਲੱਖਾਂ ਰੁਪਏ ਦੀ ਕੀਤੀ ਹੇਰਾਫੇਰੀ ਦੀ ਦਰਜ ਕਰਵਾਈ।

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਮੁੱਢਲੇ ਤੌਰ ’ਤੇ ਇਹ ਗੱਲ ਸਾਹਮਣੇ ਆਈ ਹੈ ਕਿ ਪੁਲਿਸ ਮੁਲਾਜ਼ਮਾਂ ਨੇ ਸਾਰਾ ਮਾਮਲਾ ਰਚਿਆ ਸੀ ਅਤੇ ਦੋਵਾਂ ਵਿਅਕਤੀਆਂ ਨੂੰ ਗਲਤ ਤਰੀਕੇ ਨਾਲ ਫਸਾਉਣ ਦੀ ਨੀਅਤ ਨਾਲ ਉਨ੍ਹਾਂ ਤੋਂ ਪੈਸੇ ਹੜੱਪ ਲਏ ਸਨ। ਉਨ੍ਹਾਂ ਕਿਹਾ ਕਿ ਜਦੋਂ ਵਿਸਤ੍ਰਿਤ ਪੁੱਛਗਿੱਛ ਦੌਰਾਨ ਪੁਲਿਸ ਮੁਲਾਜ਼ਮਾਂ ਨੂੰ ਦੋਸ਼ਾਂ ਦੇ ਸਬੰਧ ਵਿੱਚ ਸਾਹਮਣੇ ਕੀਤਾ ਗਿਆ ਤਾਂ ਉਨ੍ਹਾਂ ਕੋਲ ਕੋਈ ਸਪੱਸ਼ਟੀਕਰਨ ਨਹੀਂ ਸੀ ਅਤੇ ਬਾਅਦ ਵਿੱਚ ਉਹ ਵੀ ਰਹੱਸਮਈ ਢੰਗ ਨਾਲ ਫਰਾਰ ਹੋ ਗਏ, ਜਿਸ ਨੇ ਸ਼ੱਕ ਨੂੰ ਹੋਰ ਵਧਾ ਦਿੱਤਾ।

ਪੰਜਾਬ ਨੂੰ ਨਸ਼ਾ ਮੁਕਤ ਅਤੇ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਡੀਜੀਪੀ ਗੌਰਵ ਯਾਦਵ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਵਰਦੀ ਵਿੱਚ ਕਾਲੀਆਂ ਭੇਡਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਪੁਲਿਸ ਅਧਿਕਾਰੀ/ਕਰਮਚਾਰੀ ਇਸ ਵਿੱਚ ਸ਼ਾਮਲ ਪਾਇਆ ਗਿਆ ਤਾਂ, ਸਖ਼ਤੀ ਨਾਲ ਨਜਿੱਠਿਆ ਜਾਵੇਗਾ।

Exit mobile version