ਚੰਡੀਗੜ੍ਹ, 24 ਮਈ 2024: ਹੁਣ ਪੰਜਾਬ ‘ਚ ਲੋਕ ਸਭਾ ਚੋਣਾਂ ਦਾ ਸਿਆਸੀ ਪਾਰਾ ਵਧਣਾ ਸ਼ੁਰੂ ਹੋ ਗਿਆ ਹੈ। ਇੱਕ ਪਾਸੇ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੂਜੇ ਦਿਨ ਪੰਜਾਬ ਦੌਰੇ ‘ਤੇ ਹਨ, ਉੱਥੇ ਹੀ ਕਾਂਗਰਸ ਦੇ ਸੀਨੀਅਰ ਆਗੂ ਵੀ ਕੱਲ੍ਹ ਯਾਨੀ ਸ਼ਨੀਵਾਰ ਤੋਂ ਸਰਗਰਮ ਹੋ ਜਾਣਗੇ। ਸੂਬੇ ‘ਚ ਹੁਣ ਤੱਕ ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਅਤੇ ਪ੍ਰਿਯੰਕਾ ਗਾਂਧੀ ਦੀਆਂ ਲਗਭਗ 5 ਰੈਲੀਆਂ ਤੈਅ ਹੋ ਚੁੱਕੀਆਂ ਹਨ। ਉਹ ਅੰਮ੍ਰਿਤਸਰ ਤੋਂ ਚੋਣ ਪ੍ਰਚਾਰ ਸ਼ੁਰੂ ਕਰਨਗੇ, ਇਸ ਲਈ ਪਾਰਟੀ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਮਿਲੀ ਜਾਣਕਾਰੀ ਮੁਤਾਬਕ ਰਾਹੁਲ ਗਾਂਧੀ (Rahul Gandhi) 25 ਮਈ ਨੂੰ ਅੰਮ੍ਰਿਤਸਰ ਤੋਂ ਆਪਣੀਆਂ ਰੈਲੀਆਂ ਦੀ ਸ਼ੁਰੂਆਤ ਕਰਨਗੇ। ਇਸ ਤੋਂ ਇਲਾਵਾ 29 ਮਈ ਨੂੰ ਲੋਕ ਸਭਾ ਹਲਕਾ ਪਟਿਆਲਾ ਅਤੇ ਲੁਧਿਆਣਾ ਵਿੱਚ ਰੈਲੀਆਂ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ, ਜਦਕਿ ਪ੍ਰਿਅੰਕਾ ਗਾਂਧੀ ਦੀਆਂ ਰੈਲੀਆਂ 26 ਮਈ ਨੂੰ ਸ਼ੁਰੂ ਹੋਣਗੀਆਂ। ਇਸ ਦੌਰਾਨ ਉਹ ਫਤਿਹਗੜ੍ਹ ਸਾਹਿਬ ਅਤੇ ਜਲੰਧਰ ਵਿੱਚ ਰੈਲੀਆਂ ਕਰਨਗੇ। ਇਸ ਤੋਂ ਇਲਾਵਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਫੇਰੀ ਅਜੇ ਤੈਅ ਨਹੀਂ ਹੋਈ ਹੈ। ਇਸ ਤੋਂ ਇਲਾਵਾ ਸਚਿਨ ਪਾਇਲਟ ਅਤੇ ਹੋਰ ਸਟਾਰ ਪ੍ਰਚਾਰਕ ਸੂਬੇ ‘ਚ ਸਰਗਰਮ ਹਨ।