ਚੰਡੀਗੜ੍ਹ, 17 ਜੂਨ 2024: ਪੱਛਮੀ ਬੰਗਾਲ ਦੇ ਦਾਰਜੀਲਿੰਗ ਜ਼ਿਲ੍ਹੇ ਵਿੱਚ ਕੰਚਨਜੰਗਾ ਐਕਸਪ੍ਰੈਸ ਇੱਕ ਮਾਲ ਗੱਡੀ ਨਾਲ ਟਕਰਾ ਗਈ। ਇਸ ਹਾਦਸੇ (Train Accident) ‘ਚ 8 ਯਾਤਰੀਆਂ ਦੀ ਮੌਤ ਦੀ ਖ਼ਬਰ ਹੈ ਅਤੇ ਕਈ ਜਣੇ ਜ਼ਖਮੀ ਦੱਸੇ ਜਾ ਰਹੇ ਹਨ। ਮੌਕੇ ‘ਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਡਿਜ਼ਾਸਟਰ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ ਹਨ। ਇਹ ਹਾਦਸਾ ਨਿਊ ਜਲਪਾਈਗੁੜੀ ਸਟੇਸ਼ਨ ਤੋਂ ਕੁਝ ਦੂਰੀ ਅੱਗੇ ਰੰਗਾਪਾਨੀ ਅਤੇ ਨਿਜਾਬਾੜੀ ਸਟੇਸ਼ਨਾਂ ਵਿਚਕਾਰ ਹੋਇਆ ਸੀ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪੱਛਮੀ ਬੰਗਾਲ ਦੇ ਦਾਰਜੀਲਿੰਗ ‘ਚ ਰੇਲ ਹਾਦਸੇ (Train Accident) ‘ਚ ਮੌਤ ਦੀ ਖਬਰ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰੀ ਸੰਵੇਦਨਾ ਅਤੇ ਪ੍ਰਾਰਥਨਾਵਾਂ ਦੁਖੀ ਪਰਿਵਾਰਾਂ ਨਾਲ ਹਨ। ਮੈਂ ਜ਼ਖਮੀਆਂ ਦੇ ਛੇਤੀ ਠੀਕ ਹੋਣ ਅਤੇ ਰਾਹਤ ਅਤੇ ਬਚਾਅ ਕਾਰਜਾਂ ਦੀ ਸਫਲਤਾ ਲਈ ਪ੍ਰਾਰਥਨਾ ਕਰਦਾ ਹਾਂ।
ਦੂਜਾ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪੱਛਮੀ ਬੰਗਾਲ ਵਿੱਚ ਵਾਪਰਿਆ ਰੇਲ ਹਾਦਸਾ ਦੁਖਦ ਹੈ। ਉਨ੍ਹਾਂ ਲੋਕਾਂ ਪ੍ਰਤੀ ਮੇਰੀ ਸੰਵੇਦਨਾ ਹੈ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਪੀਐਮ ਮੋਦੀ ਨੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ। ਉਨ੍ਹਾਂ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਪੀਐਮ ਨੇ ਕਿਹਾ ਕਿ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਬਚਾਅ ਕਾਰਜ ਜਾਰੀ ਹਨ। ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਹਾਦਸੇ ਵਾਲੀ ਥਾਂ ਲਈ ਰਵਾਨਾ ਹੋ ਗਏ ਹਨ।