Laljit Singh Bhullar

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਬਠਿੰਡਾ RTA ਦਫ਼ਤਰ ‘ਚ ਛਾਪੇਮਾਰੀ

ਚੰਡੀਗੜ੍ਹ 16 ਮਈ 2022: ਪੰਜਾਬ ਸਰਕਾਰ ਨੂੰ ਸੂਬੇ ਭਰ ਵਿਚੋਂ ਮਿਲ ਰਹੀਆਂ ਸਿਕਾਇਤ ਦੇ ਚੱਲਦਿਆਂ ਵੱਖ ਵੱਖ ਵਿਭਾਗਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ | ਇਸੇ ਤਹਿਤ ਅੱਜ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਨਿਰੰਤਰ ਮਿਲ ਰਹੀਆਂ ਸ਼ਿਕਾਇਤਾਂ ਦੇ ਚੱਲਦਿਆਂ ‘ਤੇ ਅੱਜ ਰਿਜਨਲ ਟਰਾਂਸਪੋਰਟ ਅਥਾਰਿਟੀ (ਆਰ.ਟੀ.ਏ.) ਬਠਿੰਡਾ (RTA Office Bathinda) ਦੇ ਦਫ਼ਤਰ ਵਿਖੇ ਅਚਨਚੇਤ ਛਾਪੇਮਾਰੀ ਕੀਤੀ ਗਈ । ਇਸ ਦੌਰਾਨ ਰਿਕਾਰਡ ਚੈੱਕ ਕਰਨ ‘ਤੇ ਆਰ.ਟੀ.ਏ. ਦਫ਼ਤਰ ਦੇ ਕੰਮਕਾਜ ਵਿੱਚ ਕਈ ਤਰ੍ਹਾਂ ਦੀਆਂ ਊਣਤਾਈਆਂ ਪਾਈਆਂ ਗਈਆਂ।

ਇਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਬਾਰੇ ਪਿਛਲੇ ਕਈ ਦਿਨਾਂ ਤੋਂ ਖ਼ਬਰਾਂ ਮਿਲ ਰਹੀਆਂ ਸਨ।ਉਨ੍ਹਾਂ ਨੇ ਦੱਸਿਆ ਕਿ ਦਫ਼ਤਰ ਵੱਲੋਂ ਤਿਆਰ ਕੀਤੇ ਬੱਸ ਟਾਈਮ ਟੇਬਲ ਵਿੱਚ ਖ਼ਾਮੀਆਂ ਪਾਈਆਂ ਗਈਆਂ ਹਨ| ਇਸਦੇ ਨਾਲ ਹੀ ਦਫ਼ਤਰ ਵੱਲੋਂ ਕਈ ਪਰਮਿਟ ਨਾਜਾਇਜ਼ ਤੌਰ ‘ਤੇ ਜਾਰੀ ਕੀਤੇ ਗਏ, ਕਈ ਅਸਲ ਬੱਸ ਆਪ੍ਰੇਟਰਾਂ ਨੂੰ ਪਰਮਿਟ ਨਹੀਂ ਦਿੱਤੇ ਗਏ ਅਤੇ ਕਈ ਆਪ੍ਰੇਟਰਾਂ ਨੂੰ ਟਾਈਮ ਟੇਬਲ ਵਿੱਚ ਬਣਦੀ ਥਾਂ ਨਹੀਂ ਦਿੱਤੀ ਗਈ।

ਇਸਦੇ ਨਾਲ ਹੀ ਮੰਤਰੀ ਲਾਲਜੀਤ ਸਿੰਘ ਭੁੱਲਰ ( Laljit Singh Bhullar )ਨੇ ਕਿਹਾ ਕਿ ਆਰ.ਟੀ.ਏ. ਦਫ਼ਤਰ ਵਿੱਚ ਪ੍ਰਾਈਵੇਟ ਬੱਸ ਆਪ੍ਰੇਟਰਾਂ ਵੱਲੋਂ ਕਬਜ਼ਾ ਕਰਨ ਸਬੰਧੀ ਖ਼ਬਰਾਂ ਵੀ ਉਦੋਂ ਸੱਚ ਸਾਬਤ ਹੋਈਆਂ, ਜਦੋਂ ਛਾਪੇ ਦੌਰਾਨ ਨਿਊ ਦੀਪ, ਆਰਬਿਟ ਅਤੇ ਹੋਰ ਪ੍ਰਾਈਵੇਟ ਬੱਸ ਆਪ੍ਰੇਟਰਾਂ ਦੇ ਕਾਰਿੰਦੇ ਉਥੇ ਬੈਠੇ ਪਾਏ ਗਏ। ਟਰਾਂਸਪੋਰਟ ਮੰਤਰੀ ਨੇ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਗਰਗ ਨੂੰ ਸਕੱਤਰ ਆਰ.ਟੀ.ਏ. ਬਠਿੰਡਾ ਵਿਰੁੱਧ ਜਾਂਚ ਕਰਨ ਦੇ ਆਦੇਸ਼ ਦਿੰਦਿਆਂ ਹਫ਼ਤੇ ਦੇ ਅੰਦਰ-ਅੰਦਰ ਜਾਂਚ ਰਿਪੋਰਟ ਮੰਗੀ ਹੈ।

ਇਸਦੇ ਨਾਲ ਹੀ ਟਰਾਂਸਪੋਰਟ ਮੰਤਰੀ ਵਲੋਂ ਆਰ.ਟੀ.ਏ. ਦਫ਼ਤਰ ਦੇ ਸਟਾਫ਼ ਨੂੰ ਹਦਾਇਤ ਦਿੱਤੀ ਕਿ ਦਫ਼ਤਰ ਵਿੱਚ ਪਾਈਆਂ ਗਈਆਂ ਊਣਤਾਈਆਂ ਨੂੰ ਤੁਰੰਤ ਦਰੁਸਤ ਕੀਤਾ ਜਾਵੇ। ਡਿਫ਼ਾਲਟਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਤਾੜਨਾ ਕਰਦਿਆਂ ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੀ ਗ਼ਲਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿੱਚ ਅਜਿਹਾ ਕੁੱਝ ਨਹੀਂ ਚੱਲੇਗਾ ਅਤੇ ਕਿਸੇ ਵਿਅਕਤੀ ਦਾ ਹੱਕ ਨਹੀਂ ਮਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਗ਼ੈਰ-ਕਾਨੂੰਨੀ ਤੌਰ ‘ਤੇ ਚਲ ਰਹੀਆਂ ਬੱਸਾਂ ਦੇ ਮਾਲਕਾਂ ਨੂੰ ਹਰ ਹੀਲੇ ਨੱਥ ਪਾਈ ਜਾਵੇਗੀ ਪਰ ਕਿਸੇ ਵੀ ਅਸਲ ਆਪ੍ਰੇਟਰ ਨਾਲ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Scroll to Top