Site icon TheUnmute.com

ਟਰਾਂਸਪੋਰਟ ਮੰਤਰੀ ਵੱਲੋਂ ਸੜਕ ਸੁਰੱਖਿਆ ਹਫ਼ਤੇ ਦੇ ਸਮਾਪਤੀ ਸਮਾਗਮ ‘ਚ ਸ਼ਿਰਕਤ, ਜਾਗਰੂਕਤਾ ਮੁਹਿੰਮ ਬਣਾਈ ਰੱਖਣ ਦੀ ਅਪੀਲ

Road Safety Week

ਚੰਡੀਗੜ੍ਹ/ਐਸ.ਏ.ਐਸ. ਨਗਰ, 17 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸੜਕ ਸੁਰੱਖਿਆ ਪ੍ਰਤੀ ਵੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਸੜਕ ਸੁਰੱਖਿਆ ਹਫ਼ਤੇ (Road Safety Week) ਦੇ ਸਮਾਪਤੀ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਸ਼ਿਰਕਤ ਕੀਤੀ ਗਈ।

ਮੋਹਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ‘ਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵੱਲੋਂ ਮਿਲ ਕੇ ਇਸ ਵਾਰ ਜਿਸ ਉਤਸ਼ਾਹ ਨਾਲ ਸੜਕ ਸੁਰੱਖਿਆ ਹਫ਼ਤਾ ਮਨਾਇਆ ਗਿਆ ਹੈ, ਇਸ ਨੂੰ ਲਗਾਤਾਰ ਮਨਾਇਆ ਜਾਵੇ ਅਤੇ ਆਪਣੀ ਰੋਜ਼ਮਰਾ ਦੀ ਜ਼ਿੰਦਗੀ ਦਾ ਹਿੱਸਾ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਪੂਰੀ ਤਰ੍ਹਾਂ ਸੜਕ ਸੁਰੱਖਿਆ ਨਿਯਮਾਂ ਬਾਰੇ ਜਾਗਰੂਕ ਕੀਤਾ ਜਾ ਸਕੇ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਾਰੇ ਮੁੱਖ ਜੰਕਸ਼ਨਾਂ ਉੱਤੇ ਬਹੁਤ ਜਲਦ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾ ਰਹੇ ਹਨ ਤਾਂ ਜੋ ਟ੍ਰੈਫਿਕ ਦੀ ਨਿਗਰਾਨੀ ਸਹੀ ਤਰੀਕੇ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਰੋਡ ਐਕਸੀਡੈਂਟ ਰਿਪੋਰਟ-2021 ਅਨੁਸਾਰ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਰੋਜ਼ਾਨਾ 13 ਲੋਕ ਆਪਣੀ ਜਾਨ ਗੁਆ ਰਹੇ ਹਨ। ਇਨ੍ਹਾਂ ਸੜਕ ਹਾਦਸਿਆਂ ਵਿੱਚ ਮਰਨ ਵਾਲੇ 70 ਫ਼ੀਸਦੀ ਲੋਕ 18 ਤੋਂ 45 ਸਾਲ ਉਮਰ ਦੇ ਹੁੰਦੇ ਹਨ।

ਭੁੱਲਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਸੜਕ ਦੁਰਘਟਨਾਵਾਂ ਨੂੰ ਰੋਕਣ ਵਿੱਚ ਸਭ ਤੋਂ ਵੱਧ ਕਾਰਗਾਰ ਅਮਲ ਟ੍ਰੈਫਿਕ ਨਿਯਮਾਂ ਦੀ ਪਾਲਣਾ ਹੈ ਅਤੇ ਸਾਡੀ ਸਮੂਹਿਕ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਸਭ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰੀਏ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਦਾ ਕਾਰਜ ਸਕੂਲ ਪੱਧਰ ‘ਤੇ ਹੀ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੇ ਬਾਲਗ ਹੋਣ ਤੱਕ ਟ੍ਰੈਫਿਕ ਨਿਯਮਾਂ ਪ੍ਰਤੀ ਉਹ ਪੂਰੀ ਤਰ੍ਹਾਂ ਜਾਗਰੂਕ ਹੋ ਸਕਣ।

ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਗਰਗ ਨੇ ਆਪਣੇ ਸੰਬੋਧਨ ਦੌਰਾਨ ਕਾਰ ਦੀ ਪਿਛਲੀ ਸੀਟ ਲਾਉਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਦੇਸ਼ ਦੇ ਨਾਮੀ ਵਿਅਕਤੀ ਸਾਇਰਸ ਮਿਸਤਰੀ ਦੀ ਮੌਤ ਇਸੇ ਕਾਰਨ ਹੋਈ ਕਿਉਂਕਿ ਉਨ੍ਹਾਂ ਨੇ ਪਿਛਲੀ ਸੀਟ ਬੈਲਟ ਨਹੀਂ ਲਾਈ ਸੀ। ਡਾਇਰੈਕਟਰ ਜਨਰਲ ਲੀਡ ਏਜੰਸੀ ਆਰ. ਵੈਂਕਟ ਰਤਨਮ ਨੇ ਦੋ ਪਹੀਆ ਵਾਹਨਾਂ ‘ਤੇ ਤਿੰਨ ਵਿਅਕਤੀਆਂ ਦੇ ਸਵਾਰ ਹੋਣ ਦੇ ਅਮਲ ਤੋਂ ਵਿਦਿਆਰਥੀਆਂ ਨੂੰ ਵਰਜਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਨਿੱਜੀ ਵਾਹਨਾਂ ਦੀ ਥਾਂ ਸਕੂਲ ਆਉਣ ਲਈ ਜਨਤਕ ਆਵਾਜਾਈ ਦੀ ਵਰਤੋਂ ਕਰਨ।

ਸਮਾਗਮ ਉਪਰੰਤ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸਕੂਲੀ ਬੱਚਿਆਂ ਨੇ ਟਰਾਂਸਪੋਰਟ ਮੰਤਰੀ ਦੀ ਅਗਵਾਈ ਹੇਠ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਸਬੰਧੀ ਸਰਕਾਰੀ ਸਕੂਲ 3ਬੀ1 ਤੋਂ 3-5 ਲਾਇਟ ਪੁਆਇੰਟ ਤੱਕ ਵਿਸ਼ੇਸ਼ ਰੈਲੀ ਕੱਢੀ। ਰੈਲੀ ਦੇ ਸਮਾਪਤੀ ਮੌਕੇ ਟਰਾਂਸਪੋਰਟ ਮੰਤਰੀ ਵੱਲੋਂ ਬਿਨਾਂ ਹੈਲਮੇਟ ਦੋ ਪਹੀਆ ਵਾਹਨ ਚਾਲਕਾਂ ਨੂੰ ਮੁਫਤ ਹੈਲਮੇਟ ਵੀ ਵੰਡੇ ਗਏ ਅਤੇ ਵਾਹਨਾਂ ‘ਤੇ ਰਿਫ਼ਲੈਕਟਰ ਲਾਏ ਗਏ। ਉਨ੍ਹਾਂ ਰਾਹਗੀਰਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਵੀ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਅਮਨਿੰਦਰ ਕੌਰ ਬਰਾੜ, ਸਕੱਤਰ ਆਰ.ਟੀ.ਏ. ਪੂਜਾ ਐਸ. ਗਰੇਵਾਲ, ਐਸ.ਪੀ. ਟ੍ਰੈਫਿਕ ਜਗਜੀਤ ਸਿੰਘ ਜੱਲ੍ਹਾ, ਸਕੂਲ ਸਿੱਖਿਆ ਆਦਿ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Exit mobile version