July 2, 2024 8:07 pm
drugs

ਨਸ਼ਾਖੋਰੀ ਨੂੰ ਛੂਤ ਵਾਲੀ ਬਿਮਾਰੀ ਬਰਾਬਰ ਸਮਝ ਕੇ ਇਸ ਦੇ ਫੈਲਾਅ ਨੂੰ ਰੋਕਣ ਲਈ ਹਰ ਵਰਗ ਦੇ ਸਹਿਯੋਗ ਦੀ ਲੋੜ: IG ਗੁਰਪ੍ਰੀਤ ਸਿੰਘ ਭੁੱਲਰ

ਐਸ.ਏ.ਐਸ.ਨਗਰ, 01 ਸਤੰਬਰ, 2023: ਰੂਪਨਗਰ ਰੇਂਜ ਦੇ ਇੰਸਪੈਕਟਰ ਜਨਰਲ ਪੁਲਿਸ, ਗੁਰਪ੍ਰੀਤ ਸਿੰਘ ਭੁੱਲਰ ਨੇ ਨਸ਼ਿਆਂ (drugs) ਦੀ ਵਰਤੋਂ ਨੂੰ ਛੂਤ ਦੀ ਬਿਮਾਰੀ ਕਰਾਰ ਦਿੰਦੇ ਹੋਏ ਸਮਾਜ ਵਿੱਚ ਖਾਸ ਕਰਕੇ ਨੌਜਵਾਨਾਂ ਵਿੱਚ ਇਸ ਦੇ ਹੋਰ ਫੈਲਾਅ ਨੂੰ ਰੋਕਣ ਲਈ ਹਰ ਵਰਗ ਦੇ ਸਹਿਯੋਗ ਦੀ ਲੋੜ ‘ਤੇ ਜ਼ੋਰ ਦਿੱਤਾ।

ਅੱਜ ਡੀ.ਏ.ਸੀ., ਐਸ.ਏ.ਐਸ.ਨਗਰ ਵਿਖੇ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਹੋਈ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ ਕੋਰਡ) ਦੀ ਮੀਟਿੰਗ ਵਿੱਚ ਭਾਗ ਲੈਂਦਿਆਂ, ਇੰਸਪੈਕਟਰ ਜਨਰਲ ਪੁਲਿਸ, ਭੁੱਲਰ ਨੇ ਅੱਗੇ ਕਿਹਾ ਕਿ ਪੰਜਾਬ ਪੁਲਿਸ ਇਸ ਮਾਮਲੇ ਨੂੰ ਰੋਕਣ ਲਈ ਆਪਣਾ ਫਰਜ਼ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਅੰਤਰ-ਰਾਸ਼ਟਰੀ ਸਰਹੱਦ ਪਾਰੋਂ ਸੂਬੇ ਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਦੇ ਨਾਲ-ਨਾਲ ਸੂਬੇ ਵਿੱਚ ਵੀ ਨਸ਼ਾ ਤਸਕਰਾਂ ਤੇ ਕਾਰਵਾਈ ਕੀਤੀ ਜਾ ਰਹੀ ਹੈ ਪਰ ਸਾਨੂੰ ਆਪਣੇ ਸਮਾਜ ਵਿੱਚੋਂ ਵੀ ਇਸ ਦੀ ਖਪਤ ਨੂੰ ਰੋਕਣ ਲਈ ਵੀ ਚੌਕਸ ਰਹਿਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਕੋਵਿਡ ਦੀ ਬਿਮਾਰੀ ਵਾਂਗ ਇਸ ਮਾਮਲੇ ਵਿੱਚ ਅਸੀਂ ਪ੍ਰਭਾਵਿਤ ਵਿਅਕਤੀਆਂ ਨੂੰ ਸਮਾਜ ਤੋਂ ਅਲੱਗ ਨਹੀਂ ਕਰ ਸਕਦੇ ਬਲਕਿ ਨਸ਼ੇ ਦੇ ਆਦੀ ਵਿਅਕਤੀ ਦਾ ਇਲਾਜ ਚੰਗੀ ਸੰਗਤ ਅਤੇ ਕਾਊਂਸਲਿੰਗ ਕਰਕੇ ਕਰਨਾ ਬਣਦਾ ਹੈ। ਉਨ੍ਹਾਂ ਲੋਕਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਫਸਣ ਤੋਂ ਬਚਾਉਣ ਲਈ ਮਿਲ ਕੇ ਕੰਮ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।

ਡਿਪਟੀ ਕਮਿਸ਼ਨਰ, ਆਸ਼ਿਕਾ ਜੈਨ ਨੇ ਕਮੇਟੀ ਦੇ ਸਾਰੇ ਹਿੱਸੇਦਾਰਾਂ ਨੂੰ ਨਸ਼ਿਆਂ (drugs) ਦੇ ਹੌਟ ਸਪਾਟ ਸਥਾਨਾਂ ਦਾ ਮੁੜ ਤੋਂ ਨਿਰਧਾਰਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਪਿੰਡ, ਇਕੱਲਤਾ ਵਾਲੇ ਸਥਾਨ, ਜੰਗਲੀ ਖੇਤਰ, ਵਿਦਿਅਕ ਸੰਸਥਾਵਾਂ ਅਤੇ ਕੈਮਿਸਟ ਦੀਆਂ ਦੁਕਾਨਾਂ ਆਦਿ ਹੌਟ ਸਪਾਟ ਹੋ ਸਕਦੇ ਹਨ। ਸਬੰਧਤ ਸਬ ਡਵੀਜ਼ਨਾਂ ਦੇ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਦੁਆਰਾ ਸਾਂਝੀ ਚੈਕਿੰਗ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਨੇ ਹੌਟ ਸਪਾਟ ਥਾਵਾਂ ‘ਤੇ ਪਹੁੰਚ ਕਰਨ ਲਈ ਕਿਹਾ।

ਉਨ੍ਹਾਂ ਅਧਿਕਾਰੀਆਂ ਨੂੰ ਕੈਮਿਸਟਾਂ ਦੀਆਂ ਦੁਕਾਨਾਂ, ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ‘ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਡਰੱਗ ਕੰਟਰੋਲ ਅਧਿਕਾਰੀ ਕੈਮਿਸਟ ਦੀਆਂ ਦੁਕਾਨਾਂ ਦੀ ਜਾਂਚ ਕਰਨ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਵੀ ਚੈਕਿੰਗ ਮੁਹਿੰਮ ਵਿੱਚ ਸ਼ਾਮਲ ਕਰਨ। ਉਨ੍ਹਾਂ ਸਕੂਲੀ ਅਧਿਆਪਕਾਂ ਨੂੰ ਸਕੂਲੀ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਆਖਦਿਆਂ ਉਨ੍ਹਾਂ ਦੇ ਸਕੂਲੀ ਬੈਗਾਂ ਦੀ ਸਮੇਂ-ਸਮੇਂ ‘ਤੇ ਚੈਕਿੰਗ ਕਰਨ ‘ਤੇ ਜ਼ੋਰ ਦਿੱਤਾ।

ਇਸ ਤੋਂ ਇਲਾਵਾ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਨੂੰ ਵਿਦਿਅਕ ਸੰਸਥਾਵਾਂ ਦਾ ਦੌਰਾ ਕਰਨ ਅਤੇ ਵਿਦਿਆਰਥੀਆਂ ਨਾਲ ਨੇੜਤਾ ਪੈਦਾ ਕਰਨ ਲਈ ਕਿਹਾ ਗਿਆ ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਦੀ ਦੁਰਵਰਤੋਂ ਅਤੇ ਅਜਿਹੇ ਵਿਅਕਤੀਆਂ ਦੀ ਸੰਗਤ ਤੋਂ ਸੁਚੇਤ ਕੀਤਾ ਜਾ ਸਕੇ। ਜੰਗਲਾਤ ਅਤੇ ਜੰਗਲੀ ਜੀਵ ਅਧਿਕਾਰੀਆਂ ਨੂੰ ਐਸ ਵਾਈ ਐਲ ਖੇਤਰ ਅਤੇ ਜੰਗਲਾਂ ਦੀ ਨਿਗਰਾਨੀ ਕਰਨ ਲਈ ਕਿਹਾ ਤਾਂ ਜੋ ਉਥੇ ਕਿਸੇ ਵੀ ਗੈਰ ਕਾਨੂੰਨੀ ਗਤੀਵਿਧੀ ਨੂੰ ਰੋਕਿਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੂੰ ਨਸ਼ੇ ਛੱਡ ਚੁੱਕੇ ਨੌਜਵਾਨਾਂ ਨੂੰ ਅਤੇ ਨਸ਼ਿਆਂ ਦੇ ਹਨੇਰੇ ਵਿੱਚ ਫਸੇ ਨੌਜਵਾਨਾਂ ਨੂੰ ਬਾਹਰ ਕੱਢ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਸਕੂਲਾਂ ਦੇ ਪ੍ਰਬੰਧਕਾਂ ਨੂੰ ਵਿਸ਼ੇਸ਼ ਤੌਰ ‘ਤੇ ਆਉਣ ਵਾਲੇ ਸਮਾਗਮ ‘ਖੇਡਾਂ ਵਤਨ ਪੰਜਾਬ ਦੀਆ’ ਦੌਰਾਨ ਨਸ਼ਾ ਵਿਰੋਧੀ ਨਾਟਕ ਅਤੇ ਸਕਿਟ ਖੇਡਣ ਦੀ ਹਦਾਇਤ ਕੀਤੀ।

ਸੀਨੀਅਰ ਪੁਲਿਸ ਕਪਤਾਨ, ਡਾ: ਸੰਦੀਪ ਗਰਗ ਨੇ ਨਸ਼ਾ ਵਿਰੋਧੀ ਮੁਹਿੰਮ ਹੈਲਪਲਾਈਨ ਵਟਸਐਪ ਨੰਬਰ 8054100112 ਅਤੇ ਈਮੇਲ ਆਈਡੀ: ssp.mohali.druginfo@gmail.com ਦਾ ਖੁਲਾਸਾ ਕਰਦੇ ਹੋਏ, ਨਸ਼ਾ ਤਸਕਰਾਂ ਅਤੇ ਸਮੱਗਲਰਾਂ ਨੂੰ ਨੱਥ ਪਾਉਣ ਲਈ ਸਥਾਨਕ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲੀਸ ਜ਼ਿਲ੍ਹੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਹੈ ਅਤੇ ਤਨਦੇਹੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਲਈ ਇੱਕ ਸਮਰਪਿਤ ਟੀਮ ਨੂੰ ਕੰਮ ਸੌਂਪਿਆ ਗਿਆ ਹੈ ਅਤੇ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।