UDID Cards

ਪੰਜਾਬ ’ਚ 307219 ਦਿਵਿਆਂਗਜਨਾਂ ਨੂੰ ਯੂਡੀਆਈਡੀ ਕਾਰਡ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 27 ਮਾਰਚ 2023: ਪੰਜਾਬ ਸਰਕਾਰ ਵੱਲੋਂ ਸੂਬੇ ਦੇ 307219 ਦਿਵਿਆਂਗ ਵਿਅਕਤੀਆਂ ਨੂੰ 23 ਮਾਰਚ 2023 ਤੱਕ ਯੂਡੀਆਈਡੀ ਕਾਰਡ (UDID Cards) ਜਾਰੀ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ’ਤੇ ਦੇਣ ਲਈ ਯੂਨੀਕ ਡਿਸਏਬਿਲਟੀ ਆਈਡੈਂਟਟੀ ਕਾਰਡ ਭਾਵ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ (ਯੂਡੀਆਈਡੀ) ਜਨਰੇਟ ਕੀਤੇ ਜਾਂਦੇ ਹਨ ਤੇ ਇਸ ਦਾ ਡੇਟਾਬੇਸ ਰਾਸ਼ਟਰ ਪੱਧਰ ’ਤੇ ਤਿਆਰ ਕੀਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਯੋਗ ਦਿਵਿਆਂਗ ਵਿਅਕਤੀਆਂ ਨੂੰ 23 ਮਾਰਚ 2023 ਤੱਕ 3,07,219 ਯੂਡੀਆਈਡੀ ਕਾਰਡ (UDID Cards) ਜਾਰੀ ਕੀਤੇ ਗਏ ਹਨ ਅਤੇ ਭਾਰਤ ਸਰਕਾਰ ਵਲੋਂ ਸਾਂਝੀ ਕੀਤੀ ਗਈ ਰੋਜ਼ਾਨਾ ਰਿਪੋਰਟ ਅਨੁਸਾਰ ਪੰਜਾਬ ਰਾਜ ਨੂੰ 10ਵਾਂ ਦਰਜਾ ਹਾਸਲ ਹੋਇਆ ਹੈ।

ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਲਈ ਡਿਸਏਬਿਲਟੀ ਸੈੱਲ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਮਰਪਿਤ ਸੈੱਲ ਅਪਾਹਜ ਵਿਅਕਤੀਆਂ ਲਈ ਅਪੰਗਤਾ ਸਕੀਮਾਂ ਦੇ ਲਾਭ ਲੈਣ ਲਈ ਇੱਕ ਸਿੰਗਲ ਵਿੰਡੋ ਪਲੇਟਫਾਰਮ ਹੋਵੇਗਾ।

ਉਨ੍ਹਾਂ ਸੂਬੇ ਦੇ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਸੇਵਾ ਕੇਂਦਰਾਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰਾਂ ਜਾਂ ਸਿਵਲ ਹਸਪਤਾਲ ਵਿਖੇ ਸੰਪਰਕ ਕਰਕੇ ਯੂਡੀਆਈਡੀ ਕਾਰਡ ਲਈ ਜ਼ਰੂਰ ਅਪਲਾਈ ਕਰਨ ਤਾਂ ਜੋ ਉਹ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝੇ ਨਾ ਰਹਿਣ।

Scroll to Top