ਚੰਡੀਗੜ੍ਹ, 16 ਜੁਲਾਈ, 2025: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਪੰਜਾਬ ਵਿਧਾਨ ਸਭਾ ਸੈਸ਼ਨ ‘ਚ ਪੰਜਾਬ ਸਰਕਾਰ ਦੁਆਰਾ ਪੇਸ਼ ਕੀਤੇ ਸਾਰੇ ਐਕਟ, ਬਿੱਲ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ ਹਨ | ਉਨ੍ਹਾਂ ਨੇ ਇਸ ਨੂੰ ਪੰਜਾਬ ਵਿਧਾਨ ਸਭਾ ਦੀ ਵਿਲੱਖਣ ਅਤੇ ਇਤਿਹਾਸਕ ਪ੍ਰਾਪਤੀ ਦੱਸਿਆ |
ਅੱਜ ਪੰਜਾਬ ਭਵਨ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਦੋ ਕਾਰਜਕਾਲਾਂ ‘ਚ ਵਿਧਾਨ ਸਭਾ ਸੈਸ਼ਨ ਦੌਰਾਨ ਸਾਰੇ ਵਿਧਾਨਕ ਮਾਮਲਿਆਂ ‘ਤੇ ਪੂਰੀ ਸਹਿਮਤੀ ਕਦੇ ਨਹੀਂ ਦੇਖੀ। ਉਨ੍ਹਾਂ ਕਿਹਾ ਕਿ ਇਹ ‘ਆਪ’ ਸਰਕਾਰ ਦੇ ਸਾਵਧਾਨੀਪੂਰਵਕ, ਯੋਜਨਾਬੱਧ ਅਤੇ ਇਮਾਨਦਾਰ ਕੰਮਕਾਜ ਦਾ ਸੰਕੇਤ ਹੈ, ਜਿਸਦਾ ਉਦੇਸ਼ ਪੰਜਾਬ ਨੂੰ ਤਰੱਕੀ ਦੀਆਂ ਨਵੀਆਂ ਉਚਾਈਆਂ ‘ਤੇ ਲਿਜਾਣਾ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖਾਸ ਤੌਰ ‘ਤੇ ‘ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025’ ਦਾ ਜ਼ਿਕਰ ਕੀਤਾ, ਜਿਸ ਨੂੰ ਵਿਸਤ੍ਰਿਤ ਚਰਚਾ ਤੋਂ ਬਾਅਦ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਨੂੰ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਬਿੱਲ ਸਾਰੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨੂੰ ਰੋਕਣ ਲਈ ਇੱਕ ਮਜ਼ਬੂਤ ਕਾਨੂੰਨ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੈਸ਼ਨ ਦੇ ਦੂਜੇ ਦਿਨ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਵੱਲੋਂ ਪੇਸ਼ ਕੀਤੇ ਗਏ ਮਤੇ ਨੂੰ ਸਰਬਸੰਮਤੀ ਨਾਲ ਪਾਸ ਕਰਨ ਦਾ ਵੀ ਜ਼ਿਕਰ ਕੀਤਾ, ਜਿਸ ‘ਚ ਬੀਬੀਐਮਬੀ ਸੰਸਥਾਵਾਂ ‘ਚ ਸੀਆਈਐਸਐਫ ਦੀ ਤਾਇਨਾਤੀ ਦਾ ਸਖ਼ਤ ਵਿਰੋਧ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ 2021 ਵਿੱਚ ਬੀਬੀਐਮਬੀ ‘ਚ ਸੀਆਈਐਸਐਫ ਸੁਰੱਖਿਆ ਲਈ ਸਹਿਮਤੀ ਦਿੱਤੀ ਸੀ, ਅਤੇ ਇਸ ਕਦਮ ਨੂੰ ਕੇਂਦਰ ਅਤੇ ਹਰਿਆਣਾ ਦੀਆਂ ਭਾਜਪਾ ਸਰਕਾਰਾਂ ਵੱਲੋਂ ਕਾਂਗਰਸ ਨਾਲ ਮਿਲੀਭੁਗਤ ਕਰਕੇ ਪੰਜਾਬ ਵਿਰੁੱਧ ਰਚੀ ਸਾਜ਼ਿਸ਼ ਮੰਨਿਆ ਗਿਆ ਸੀ।
ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪਿਛਲੇ 70 ਸਾਲਾਂ ਤੋਂ, ਪੰਜਾਬ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਦਾਨ ਕੀਤੀ ਹੈ ਅਤੇ ਸੁਰੱਖਿਆ ਨਾਲ ਕਦੇ ਵੀ ਸਮਝੌਤਾ ਨਹੀਂ ਕੀਤਾ ਗਿਆ। ਉਨ੍ਹਾਂ ਨੇ ‘ਆਪ’ ਸਰਕਾਰ ਦੇ ਇਸ ਪ੍ਰਸਤਾਵ ਦਾ ਸਮਰਥਨ ਕਰਕੇ ਆਪਣੀ ਪਿਛਲੀ ਗਲਤੀ ਨੂੰ ਸੁਧਾਰਨ ਲਈ ਕਾਂਗਰਸ ਪਾਰਟੀ ਦੀ ਸ਼ਲਾਘਾ ਕੀਤੀ।
ਉਨ੍ਹਾਂ ਕਿਹਾ ਕਿ “ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ, ਹੁਸ਼ਿਆਰਪੁਰ ਬਿੱਲ-2025” ਅਤੇ “ਸੀਜੀਸੀ ਯੂਨੀਵਰਸਿਟੀ, ਮੋਹਾਲੀ ਬਿੱਲ-2025”, ਜਿਸਦਾ ਉਦੇਸ਼ ਪੰਜਾਬ ਦੇ ਵਿਦਿਅਕ ਢਾਂਚੇ ਨੂੰ ਮਜ਼ਬੂਤ ਕਰਨਾ ਹੈ, ਉਨ੍ਹਾਂ ਨੂੰ ਵੀ ਵਿਰੋਧੀ ਧਿਰ ਵੱਲੋਂ ਸਰਬਸੰਮਤੀ ਨਾਲ ਸਮਰਥਨ ਮਿਲਿਆ।
“ਪੰਜਾਬ ਦੁਕਾਨਾਂ ਅਤੇ ਵਪਾਰਕ ਅਦਾਰੇ ਬਿੱਲ 2025” ਦਾ ਹਵਾਲਾ ਦਿੰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 1958 ਤੋਂ ਬਾਅਦ ਪਹਿਲੀ ਵਾਰ ਸੋਧਿਆ ਗਿਆ ਪੰਜਾਬ ਦੁਕਾਨਾਂ ਅਤੇ ਵਪਾਰਕ ਅਦਾਰੇ ਐਕਟ, 1958, ਲੰਬੇ ਸਮੇਂ ਤੋਂ ਚੱਲ ਰਹੇ ‘ਇੰਸਪੈਕਟਰ ਰਾਜ’ ਦਾ ਅੰਤ ਕਰੇਗਾ, ਖਾਸ ਕਰਕੇ ਛੋਟੇ ਵਪਾਰੀਆਂ ਨੂੰ ਵੱਡੀ ਰਾਹਤ ਪ੍ਰਦਾਨ ਕਰੇਗਾ।
ਇਸ ਤੋਂ ਇਲਾਵਾ, ‘ਪੰਜਾਬ ਲੇਬਰ ਵੈਲਫੇਅਰ ਫੰਡ ਬਿੱਲ, 2025’ ਵੀ ਪੇਸ਼ ਕੀਤਾ ਗਿਆ, ਜਿਸ ‘ਚ ਸੰਸਥਾਵਾਂ ਦੇ ਮਾਲਕਾਂ ਦੀ ਕੁਸ਼ਲਤਾ ਅਤੇ ਕਰਮਚਾਰੀਆਂ ਦੀ ਭਲਾਈ ਦੋਵਾਂ ਨੂੰ ਧਿਆਨ ‘ਚ ਰੱਖਦੇ ਹੋਏ ਸੋਧਾਂ ਤਿਆਰ ਕੀਤੀਆਂ ਗਈਆਂ ਹਨ। ਇਸ ਬਿੱਲ ਨੂੰ ਵੀ ਸਰਬਸੰਮਤੀ ਨਾਲ ਪਾਸ ਕੀਤਾ ਗਿਆ।
ਵਿੱਤ ਮੰਤਰੀ ਨੇ ਦੱਸਿਆ ਕਿ ਵਿਧਾਨ ਸਭਾ ਨੇ ‘ਦੀ ਪ੍ਰੀਵੈਨਸ਼ੰਨ ਆਫ ਕਰੁਏਲਟੀ ਟੂ ਐਨੀਮਲਜ਼ (ਪੰਜਾਬ ਸੋਧਨਾ) ਬਿੱਲ , 2025’ ਨੂੰ ਵੀ ਸਰਬਸੰਮਤੀ ਨਾਲ ਪਾਸ ਕੀਤਾ, ਜੋ ਕਿ ਕਿਲਾ ਰਾਏਪੁਰ ‘ਚ ਬੈਲ ਗੱਡੀਆਂ ਦੀਆਂ ਦੌੜਾਂ ਦੀ ਵਿਸ਼ੇਸ਼ ਤੌਰ ‘ਤੇ ਆਗਿਆ ਦਿੰਦਾ ਹੈ, ਜੋ ਕਿ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੀ ਸੁਰੱਖਿਆ ਅਤੇ ਪ੍ਰਚਾਰ ਨੂੰ ਯਕੀਨੀ ਬਣਾਏਗਾ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੇ ਵਿਭਾਗ ਨਾਲ ਸਬੰਧਤ ਦੋ ਬਿੱਲਾਂ ਦੇ ਸਰਬਸੰਮਤੀ ਨਾਲ ਪਾਸ ਹੋਣ ਬਾਰੇ ਵੀ ਜਾਣਕਾਰੀ ਦਿੱਤੀ, ਜਿਨ੍ਹਾਂ ਵਿੱਚ “ਪੰਜਾਬ ਰਾਜ ਵਿਕਾਸ ਟੈਕਸ (ਸੋਧ) ਬਿੱਲ, 2025” ਸ਼ਾਮਲ ਹੈ, ਜੋ ਸਾਲਾਨਾ ਇੱਕਮੁਸ਼ਤ ਭੁਗਤਾਨ ਦੀ ਚੋਣ ਕਰਨ ਵਾਲਿਆਂ ਨੂੰ 200 ਰੁਪਏ ਦੀ ਛੋਟ ਪ੍ਰਦਾਨ ਕਰਦਾ ਹੈ |
Read More: ਹਰਪਾਲ ਸਿੰਘ ਚੀਮਾ ਵਿਧਾਨ ਸਭਾ ‘ਚ ਚੁੱਕਿਆ 1986 ਦੀਆਂ ਘਟਨਾਵਾਂ ਬਾਰੇ ‘ਕਾਰਵਾਈ’ ਰਿਪੋਰਟ ਦੀ ਗੁੰਮਸ਼ੁਦਗੀ ਦਾ ਮੁੱਦਾ