ਪਟਿਆਲਾ 06 ਅਕਤੂਬਰ 2022: ਪੰਜਾਬ ਸਰਕਾਰ ਵੱਲੋਂ ਪ੍ਰਦੂਸ਼ਣ ਨੂੰ ਰੋਕਣ ਦੇ ਲਈ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਗਈ ਹੈ | ਉੱਥੇ ਹੀ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਤੋਂ ਬਾਅਦ ਪਰਾਲੀ ਨੂੰ ਜ਼ਮੀਨ ਵਿੱਚ ਹੀ ਮਿਲਾਉਣ ਦੇ ਲਈ ਮਸ਼ੀਨਾਂ ਭੇਜਣ ਦੀ ਗੱਲ ਵੀ ਕੀਤੀ ਗਈ ਸੀ | ਪਰ ਇਸਦੇ ਬਾਵਜੂਦ ਵੀ ਪੰਜਾਬ ਦੇ ਕਿਸਾਨਾਂ ਵੱਲੋਂ ਲਗਾਤਾਰ ਝੋਨੇ ਦੀ ਫਸਲ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ, ਜਿਸ ਨਾਲ ਪੰਜਾਬ ਵਿੱਚ ਪ੍ਰਦੂਸ਼ਣ ਵਧ ਰਿਹਾ ਉੱਥੇ ਹੀ ਹੁਣ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਉੱਤੇ ਪਰਚੇ ਦਰਜ ਕੀਤੇ ਜਾ ਰਹੇ ਹਨ।
ਇਸ ਦੌਰਾਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਪ੍ਰਦੂਸ਼ਣ ਕੰਟਰੋਲ ਬੋਰਡ (Pollution Control Board) ਦੇ ਦਫ਼ਤਰ ਦੇ ਬਾਹਰ ਵੱਡੀ ਗਿਣਤੀ ਵਿੱਚ ਇਕੱਠੀਆਂ ਹੋਈਆਂ ਕਿਸਾਨ ਯੂਨੀਅਨਾਂ ਨੇ ਸੰਬੋਧਨ ਦੌਰਾਨ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖੇ ਸ਼ਬਦੀ ਵਾਰ ਕੀਤੇ | ਉਨ੍ਹਾਂ ਕਿਹਾ ਕਿ ਕਿਸਾਨ ਬਹੁਤ ਸਾਲਾਂ ਤੋਂ ਪਰਾਲੀ ਨੂੰ ਅੱਗ ਲਾਉਂਦੇ ਆ ਰਹੇ ਹਨ ਪਰ ਉਦੋਂ ਕਿਸੇ ਨੇ ਉਨ੍ਹਾਂ ਨੂੰ ਕੁਝ ਨਹੀਂ ਕਿਹਾ, ਪਰ ਜਦੋਂ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਬਣਿਆ ਉਸ ਤੋਂ ਬਾਅਦ ਪੰਜਾਬ ਵਿੱਚ ਪਰਾਲੀ ਨੂੰ ਇੱਕ ਮੁੱਦਾ ਬਣਾ ਕੇ ਰਾਜਨੀਤੀ ਕੀਤੀ ਜਾ ਰਹੀ ਹੈ |
ਇਸ ਮੌਕੇ ਬਲਵੀਰ ਸਿੰਘ ਰਾਜੇਵਾਲ ਅਤੇ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਪਰਾਲੀ ਦਾ ਕੋਈ ਢੁਕਵਾਂ ਪ੍ਰਬੰਧ ਕਰੇ ਕਿਉਂਕਿ ਪਰਾਲੀ ਸਾੜਨਾ ਕਿਸਾਨਾਂ ਦੀ ਮਜਬੂਰੀ ਬਣ ਚੁੱਕੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਬਹੁਤ ਵੱਡੇ ਵਾਅਦੇ ਕਿਸਾਨਾਂ ਨਾਲ ਪਰਾਲੀ ਦੇ ਮੁੱਦੇ ਨੂੰ ਲੈ ਕੇ ਕੀਤੇ ਜਾਂਦੇ ਹਨ | ਪਰ ਪੰਜਾਬ ਸਰਕਾਰ ਇਨ੍ਹਾਂ ਵਾਅਦਿਆਂ ਤੋਂ ਮੁੱਕਰ ਜਾਂਦੀ ਹੈ, ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ‘ਤੇ ਝੂਠੇ ਪਰਚੇ ਦਰਜ ਕੀਤੇ ਤਾਂ ਪੂਰੇ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਅੰਦੋਲਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਕਿਸਾਨ ਬਰਬਾਦ ਹੋ ਚੁੱਕਿਆ ਅਤੇ ਪੰਜਾਬ ਸਰਕਾਰਾਂ ਨੇ ਕਿਸਾਨਾਂ ਦੀ ਕੋਈ ਵੀ ਸਾਰ ਨਹੀਂ ਲਈ ਅਤੇ ਸਿਰਫ਼ ਰਾਜਨੀਤੀ ਚਮਕਾਉਣ ਵਾਸਤੇ ਹੀ ਕਿਸਾਨਾਂ ਮੋਹਰੀ ਬਣਾਇਆ ਜਾਂਦਾ ਹੈ |