Site icon TheUnmute.com

CM ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਬਲੂ ਪ੍ਰਿੰਟ ਤਿਆਰ: ਡਾ. ਬਲਬੀਰ ਸਿੰਘ

Drug Free

ਪਟਿਆਲਾ, 26 ਅਗਸਤ 2023: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ (Drug Free) ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਾ ਮੁਕਤੀ ਦਾ ਬਲੂ ਪ੍ਰਿੰਟ ਤਿਆਰ ਕਰ ਲਿਆ ਗਿਆ ਹੈ। ਡਾ. ਬਲਬੀਰ ਸਿੰਘ ਨੇ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦੇ ਮਨੋਰੋਗ ਵਿਭਾਗ ਦੇ ਮਾਡਲ ਨਸ਼ਾ ਮੁਕਤੀ ਕੇਂਦਰ ਦਾ ਦੌਰਾ ਕਰਕੇ ਰਾਜ ‘ਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਬਹੁਪੜਾਵੀ ਮੁਹਿੰਮ ਨੂੰ ਮੈਡੀਕਲ ਸਿੱਖਿਆ ਅਤੇ ਸਿਹਤ ਵਿਭਾਗਾਂ ਰਾਹੀਂ ਸਫ਼ਲ ਬਣਾਉਣ ਲਈ ਬਹੁਮੰਤਵੀ ਕਾਰਜ ਯੋਜਨਾ ਵੀ ਉਲੀਕੀ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਮੁਤਾਬਕ ਉਨ੍ਹਾਂ ਨੇ ਇੱਕ ਨਵੀਂ ਪਹੁੰਚ ਅਪਣਾ ਕੇ ਸੂਬੇ ਵਿੱਚ ਨਸ਼ਿਆਂ ਦੀ ਕਿਸਮ ਤੇ ਵਰਤੋਂ ਬਾਰੇ, ਸਕੂਲਾਂ ਦੇ ਵਿਦਿਆਰਥੀਆਂ, ਨੌਜਵਾਨਾਂ ਦਾ ਇੱਕ ਸੈਂਪਲ ਸਰਵੇ ਕਰਵਾਉਣ ਦਾ ਫੈਸਲਾ ਕੀਤਾ ਹੈ, ਜਿਸ ਦੀ ਸ਼ੁਰੂਆਤ ਪਟਿਆਲਾ ਤੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਰਵੇ ਦੌਰਾਨ ਜਿਹੜੇ ਵਿਦਿਆਰਥੀਆਂ ਤੇ ਨੌਜਵਾਨਾਂ ਨੂੰ ਸ਼ਾਮਲ ਕੀਤਾ ਜਾਵੇਗਾ, ਉਨ੍ਹਾਂ ਦੀ ਪਛਾਣ ਤੇ ਰਿਹਾਇਸ਼ ਨੂੰ ਬਿਲਕੁਲ ਗੁਪਤ ਰੱਖਿਆ ਜਾਵੇਗਾ, ਜਿਸ ਮੰਤਵ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਨਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਆਦੀ ਵਿਅਕਤੀਆਂ ਤੇ ਟੀਕੇ ਲਗਾਉਣ ਵਾਲਿਆਂ ਨੂੰ ਯੋਜਨਾਬੱਧ ਢੰਗ ਨਾਲ ਨਸ਼ਾ ਮੁਕਤੀ ਦੀਆਂ ਗੋਲੀਆਂ ਮੁਹੱਈਆ ਕਰਵਾ ਕੇ ਉਨ੍ਹਾਂ ਹਰ ਤਰ੍ਹਾਂ ਦੇ ਨਸ਼ਿਆਂ ਤੋਂ ਮੁਕਤ ਕਰਵਾਕੇ ਤੰਦਰੁਸਤ ਬਣਾਉਣਾ ਹੈ।

ਮੈਡੀਕਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਰਾਜਿੰਦਰਾ ਹਸਪਤਾਲ ਦੇ ਮਨੋਰੋਗ ਵਿਭਾਗ ਦੇ ਮਾਡਲ ਨਸ਼ਾ ਮੁਕਤੀ ਕੇਂਦਰ ਨੂੰ ਸੈਂਟਰ ਆਫ਼ ਐਕਸੀਲੈਂਸ ਬਣਾ ਕੇ ਇਸਨੂੰ ਸਾਰੇ ਪੰਜਾਬ ਲਈ ਇੱਕ ਟ੍ਰੇਨਿੰਗ ਸੈਂਟਰ ਵਜੋਂ ਵੀ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇੱਥੇ ਔਰਤਾਂ ਤੇ ਬੱਚਿਆਂ ਲਈ ਵੀ ਨਸ਼ਾ ਮੁਕਤੀ ਦੇ ਵੱਖਰੇ ਵਾਰਡ ਹਨ, ਜਿਨ੍ਹਾਂ ਦੀ ਪੂਰੀ ਵਰਤੋਂ ਕਰਕੇ ਇਸ ਕੇਂਦਰ ਨੂੰ ਨਸ਼ਾ ਮੁਕਤੀ (Drug Free) ਗਤੀਵਿੱਧੀਆਂ ਦੀ ਹੱਬ ਬਣਾਇਆ ਜਾਵੇਗਾ।

ਡਾ. ਬਲਬੀਰ ਸਿੰਘ ਨੇ ਆਮ ਲੋਕਾਂ, ਲੋਕਾਂ ਦੇ ਪ੍ਰਤੀਨਿੱਧਾਂ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨ ਸਮੇਤ ਨਸ਼ਾ ਮੁਕਤ ਤੇ ਸਿਹਤਮੰਤ ਪੰਜਾਬ ਸਿਰਜਣ ਲਈ ਸੂਬਾ ਸਰਕਾਰ ਦੀ ਮਦਦ ਕਰਨ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਹਸਪਤਾਲ ਤੇ ਨਸ਼ਾ ਮੁਕਤੀ ਕੇਂਦਰਾਂ ਤੱਕ ਪਹੁੰਚਾਇਆ ਜਾਵੇ, ਜਿਨ੍ਹਾਂ ਨੂੰ ਨਸ਼ਾ ਮੁਕਤ ਕਰਨ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਵਚਨਬੱਧ ਹੈ, ਉੱਥੇ ਹੀ ਨਸ਼ੇ ਦੇ ਆਦੀ ਨੌਜਵਾਨਾਂ ਦੇ ਮੁੜਵਸੇਬੇ ਲਈ ਨੌਕਰੀਆਂ ਦੇਣ ਸਮੇਤ ਉਨ੍ਹਾਂ ਨੂੰ ਹੁਨਰਮੰਦ ਬਣਾਕੇ ਸਵੈ ਰੋਜ਼ਗਾਰ ਲਈ ਸਹਾਇਤਾ ਵੀ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜਿਹੜੀਆਂ ਮੁਹੱਲਾ ਕਮੇਟੀਆਂ ਤੇ ਪਿੰਡਾਂ ਦੀਆਂ ਪੰਚਾਇਤਾਂ ਨਸ਼ੇ ਦੇ ਆਦੀ ਵਿਅਕਤੀਆਂ ਦੀ ਨਸ਼ਾ ਮੁਕਤੀ ਲਈ ਸਰਕਾਰ ਦਾ ਸਾਥ ਦੇਣਗੀਆਂ ਉਨ੍ਹਾਂ ਨੂੰ ਵਿਸ਼ੇਸ਼ ਗ੍ਰਾਂਟਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ।

ਆਪਣੇ ਦੌਰੇ ਮੌਕੇ ਡਾ. ਬਲਬੀਰ ਸਿੰਘ ਨੇ ਮਾਡਲ ਨਸ਼ਾ ਮੁਕਤੀ ਕੇਂਦਰ ਵਿਖੇ ਨਸ਼ਿਆਂ ਤੋਂ ਖਹਿੜਾ ਛੁਡਵਾਉਣ ਲਈ ਦਾਖਲ ਨੌਜਵਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਸ਼ੇ ਛੱਡਕੇ ਹੋਰਨਾਂ ਲਈ ਪੇਰਣਾ ਦਾ ਸਰੋਤ ਤੇ ਰੋਲ ਮਾਡਲ ਬਣਨ ਦਾ ਸੱਦਾ ਵੀ ਦਿੱਤਾ। ਇਸ ਮੌਕੇ ਮਨੋਰੋਗ ਵਿਭਾਗ ਦੇ ਮੁਖੀ ਡਾ. ਰਜਨੀਸ਼ ਕੁਮਾਰ ਨੇ ਪ੍ਰੈਜੇਂਟੈਸ਼ਨ ਦੇਕੇ ਨਸ਼ਾ ਮੁਕਤੀ ਲਈ ਜਾਣਕਾਰੀ ਸਾਂਝੀ ਕੀਤੀ।
ਮੀਟਿੰਗ ਵਿੱਚ ਏ.ਡੀ.ਸੀ. ਅਨੁਪ੍ਰਿਤਾ ਜੌਹਲ, ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ, ਮੈਡੀਕਲ ਸੁਪਰਡੈਂਟ ਡਾ. ਐਚ.ਐਸ. ਰੇਖੀ, ਕਰਨਲ ਜੇ.ਵੀ. ਸਿੰਘ, ਬਲਵਿੰਦਰ ਸੈਣੀ, ਕੇਂਦਰੀ ਜੇਲ ਦੇ ਸੁਪਰਡੈਂਟ ਮਨਜੀਤ ਸਿੰਘ ਸਿੱਧੂ, ਡਾ. ਸ਼ਸ਼ਾਂਕ ਕੁਮਾਰ, ਬ੍ਰਹਮਾ ਕੁਮਾਰੀਜ਼ ਤੋਂ ਡਾ. ਰਮਾ, ਸਿਵਲ ਸਰਜਨ ਡਾ. ਰਮਿੰਦਰ ਕੌਰ, ਤਹਿਸੀਲਦਾਰ ਅੰਕਿਤਾ, ਡਿਪਟੀ ਮੈਡੀਕਲ ਸੁਪਰਡੈਂਟ ਡਾ. ਜਸਵਿੰਦਰ ਸਿੰਘ, ਸਾਕੇਤ ਹਸਪਤਾਲ ਦੇ ਪ੍ਰਾਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Exit mobile version